ਅੰਮ੍ਰਿਤਸਰ, 7 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਯੂ.ਕੇ. ਵਿਚ ਇੱਕ ਗੁਰਦੁਆਰਾ ਸਾਹਿਬ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਅੱਗ ਲਗਾਏ ਜਾਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖ ਪੂਰੀ ਦੁਨੀਆ ਵਿਚ ਵਸੇ ਹੋਏ ਹਨ ਅਤੇ ਉਹ ਜਿਥੇ ਵੀ ਰਹਿੰਦੇ ਹਨ ਉਥੇ ਗੁਰਦੁਆਰਾ ਸਾਹਿਬ ਦੀ ਸਥਾਪਨਾ ਕਰ ਕੇ ਸਰਬੱਤ ਦੇ ਭਲੇ ਦੀ ਕਾਮਨਾ ਕਰਦੇ ਹਨ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਯੂ.ਕੇ. ਦੀ ਸਰਕਾਰ ਨਾਲ ਗੱਲਬਾਤ ਕਰ ਕੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਨੂੰ ਯਕੀਨੀ ਬਣਵਾਏ। ਭਾਈ ਲੌਂਗੋਵਾਲ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਵੱਖ ਵੱਖ ਦੇਸ਼ਾਂ ਦੀ ਤਰੱਕੀ ਵਿਚ ਅਹਿਮ ਹਿੱਸਾ ਪਾਉਣ ਵਾਲੇ ਸਿੱਖਾਂ ਦੇ ਧਾਰਮਿਕ ਅਸਥਾਨਾਂ ਦੇ ਨਾਲ-ਨਾਲ ਸਿੱਖਾਂ ‘ਤੇ ਵੀ ਨਸਲੀ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਜਿਸ ਵੀ ਦੇਸ਼ ਵਿਚ ਰਹਿਣ ਉਨ੍ਹਾਂ ਦੀ ਸੁਰੱਖਿਆ ਦੀ ਜਿੰਮੇਵਾਰੀ ਉਥੋਂ ਦੀਆਂ ਸਰਕਾਰਾਂ ਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਯੂ.ਕੇ. ਵਿਚ ਗੁਰਦੁਆਰਾ ਸਾਹਿਬ ਨੂੰ ਅੱਗ ਲਗਾਉਣ ਦੀ ਘਟਨਾ ਨੂੰ ਲੈ ਕੇ ਭਾਰਤ ਦੇ ਵਿਦੇਸ਼ ਮੰਤਰਾਲੇ ਨਾਲ ਰਾਬਤਾ ਕੀਤਾ ਜਾਵੇਗਾ ਅਤੇ ਘਟਨਾ ਨੂੰ ਅੰਜਾਮ ਦੇਣ ਵਾਲੇ ਲੋਕਾਂ ਨੂੰ ਸਜਾ ਦਿਵਾਉਣ ਲਈ ਆਖਿਆ ਜਾਵੇਗਾ। ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਯੂ.ਕੇ. ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਉਥੇ ਦੀ ਸਰਕਾਰ ‘ਤੇ ਦੋਸ਼ੀ ਲੋਕਾਂ ਵਿਰੁੱਧ ਕਾਰਵਾਈ ਲਈ ਦਬਾਅ ਬਣਾਉਣ। ਭਾਈ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਦੇ ਨਾਲ ਮਸਜਿਦ ਨੂੰ ਅੱਗ ਲਗਾਉਣ ਦੀ ਵੀ ਨਿੰਦਾ ਕੀਤੀ।