ਅੰਮ੍ਰਿਤਸਰ, ੦੮ ਦਸੰਬਰ- ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ ਸਾਹਿਬ ਦੇ ਜਥੇਦਾਰ ਰਾਗੀ ਭਾਈ ਹਰਮਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰਾ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਈ ਹਰਮਿੰਦਰ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰਨ ਨਾਲ ਜਿਥੇ ਸਿੱਖ ਸੰਗਤਾਂ ਨੂੰ ਵੱਡਾ ਘਾਟਾ ਪਿਆ ਹੈ ਉਥੇ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਡੂੰਘਾ ਸਦਮਾ ਪਹੁੰਚਿਆ ਹੈ। ਭਾਈ ਲੌਂਗੋਵਾਲ ਨੇ ਇਸ ਦੁਖਦ ਸਮੇਂ ‘ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਬੇਸ਼ੱਕ ਮੌਤ ਪਰਮਾਤਮਾ ਦੇ ਹੱਥ ਵਿਚ ਹੈ ਪਰ ਸੰਸਾਰੀ ਰਿਸ਼ਤਿਆਂ ਕਾਰਨ ਪਰਿਵਾਰਕ ਮੈਂਬਰ ਦਾ ਤੁਰ ਜਾਣਾ ਅਸਹਿ ਹੁੰਦਾ ਹੈ। ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਨਾਲ ਜੋੜਨ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।
ਦੱਸਣਯੋਗ ਹੈ ਕਿ ਭਾਈ ਹਰਮਿੰਦਰ ਸਿੰਘ ਜੋ ਗੁਰਦੁਆਰਾ ਚਰਨਕੰਵਲ ਸਾਹਿਬ ਮਾਛੀਵਾੜਾ ਸਾਹਿਬ ਵਿਖੇ ਜਥੇਦਾਰ ਰਾਗੀ ਵਜੋਂ ਸੇਵਾ ਨਿਭਾਅ ਰਹੇ ਸਨ, ਨੂੰ ਅੱਜ ਕੀਰਤਨ ਦੀ ਸੇਵਾ ਨਿਭਾਉਣ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਹੀ ਦਿਲ ਦਾ ਦੌਰਾ ਪਿਆ, ਜੋ ਜਾਨਲੇਵਾ ਸਾਬਤ ਹੋਇਆ। ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਕਮੇਟੀ ਮੈਂਬਰਾਂ, ਅਧਿਕਾਰੀਆਂ ਅਤੇ ਗੁਰਦੁਆਰਾ ਸ੍ਰੀ ਮਾਛੀਵਾੜਾ ਸਾਹਿਬ ਦੇ ਮੁਲਾਜ਼ਮਾਂ ਨੇ ਵੀ ਡੂੰਘਾ ਅਫਸੋਸ ਪ੍ਰਗਟ ਕੀਤਾ ਹੈ।