ਅੰਮ੍ਰਿਤਸਰ, ੯ ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰੋਪੜ ਜ਼ਿਲ੍ਹੇ ਦੇ ਪਿੰਡ ਡੰਗੋਲੀ ਵਿਖੇ ਇਕ ਗੁਰਦੁਆਰਾ ਸਾਹਿਬ ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਵਿਚ ਸੇਵਾ ਨਿਭਾਉਣ ਵਾਲਿਆਂ ਦੀ ਅਣਗਹਿਲੀ ਸਾਹਮਣੇ ਆਈ ਹੈ ਪਰ ਇਸ ਦੇ ਨਾਲ ਹੀ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਸਾਹਮਣੇ ਲਿਆਏ ਅਤੇ ਇਹ ਵੀ ਪਤਾ ਲਗਾਏ ਕਿ ਇਸ ਦੇ ਪਿਛੇ ਕਿਹੜੇ ਲੋਕ ਸਨ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਨੇ ਇਕ ਵਾਰ ਫਿਰ ਸਵਾਲ ਪੈਦਾ ਕਰ ਦਿੱਤਾ ਹੈ ਕਿ ਬਾਰ ਬਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਤੋਂ ਬਾਅਦ ਵੀ ਸਰਕਾਰ ਵੱਲੋਂ ਇਨ੍ਹਾਂ ਦੇ ਅਸਲ ਕਾਰਨਾਂ ਦੀ ਤਹਿ ਤੱਕ ਕਿਉਂ ਨਹੀਂ ਪਹੁੰਚਿਆਂ ਜਾ ਸਕਿਆ। ਉਨ੍ਹਾਂ ਕਿਹਾ ਕਿ ਇਸ ਤੋਂ ਵੱਧ ਦੁੱਖ ਦੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਥਾਂ-ਥਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਜਾ ਰਹੀ ਹੈ ਤੇ ਪੁਲਿਸ ਵਿਭਾਗ ਵੱਲੋਂ ਕੇਵਲ ਕਾਗਜੀ ਕਾਰਵਾਈ ਕਰ ਕੇ ਹੀ ਫਾਈਲ ਬੰਦ ਕਰ ਦਿੱਤੀ ਜਾਂਦੀ ਹੈ।
ਭਾਈ ਲੌਂਗੋਵਾਲ ਨੇ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਵੀ ਆਪਣੀ ਜਿੰਮੇਵਾਰੀ ਸੁਹਿਰਦਤਾ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਚਿੰਤਾ ਪ੍ਰਗਟ ਕੀਤੀ ਕਿ ਬਾਰ ਬਾਰ ਅਪੀਲਾਂ ਕਰਨ ਦੇ ਬਾਵਜੂਦ ਵੀ ਗੁਰੂ ਘਰਾਂ ਅੰਦਰ ਪਹਿਰੇਦਾਰੀ ਲਾਜ਼ਮੀ ਨਹੀਂ ਕੀਤਾ ਜਾ ਰਹੀ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਅਸੀਂ ਲਾਪਰਵਾਹੀ ਨਾ ਛੱਡੀ ਓਨਾ ਚਿਰ ਅਜਿਹੀਆਂ ਦੁਖਮਈ ਘਟਨਾਵਾਂ ਰੋਕਣੀਆਂ ਅਸੰਭਵ ਹਨ।
ਓਧਰ ਇਹ ਮੰਦਭਾਗੀ ਘਟਨਾ ਵਾਪਰਨ ਤੋਂ ਬਾਅਦ ਸਬੰਧਤ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਤਿਕਾਰ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁਸ਼ੋਭਿਤ ਕਰ ਦਿਤੇ ਗਏ ਹਨ। ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ, ਤਖਤ ਸ੍ਰੀ ਕੇਸਗੜ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਫੂਲਾ ਸਿੰਘ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਤੇ ਸੂਚਨਾ ਅਧਿਕਾਰੀ ਸ. ਹਰਦੇਵ ਸਿੰਘ ਨੇ ਮੌਕੇ ਤੇ ਪਹੁੰਚ ਕੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਪਾਵਨ ਸਰੂਪ ਤਖਤ ਸਾਹਿਬ ਵਿਖੇ ਲਿਆਂਦੇ।