ਅੰਮ੍ਰਿਤਸਰ, 24 ਜੂਨ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਲਕਾ ਖਡੂਰ ਸਾਹਿਬ ਦੀ ਸੰਗਤ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 450 ਕੁਇੰਟਲ ਕਣਕ ਭੇਟ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ ਅਤੇ ਬੀਬੀ ਰੁਪਿੰਦਰ ਕੌਰ ਦੀ ਪ੍ਰੇਰਣਾ ਅਤੇ ਯਤਨਾਂ ਨਾਲ ਸੰਗਤਾਂ ਵੱਲੋਂ  ਕਣਕ ਦੀ ਇਸ ਸੇਵਾ ਵਿਚ ਸਾਂਝੇ ਤੌਰ ’ਤੇ ਹਿੱਸਾ ਪਾਇਆ ਗਿਆ ਹੈ। ਸ੍ਰੀ ਦਰਬਾਰ ਸਾਹਿਬ ਵਿਖੇ ਕਣਕ ਲੈ ਕੇ ਪੁੱਜੇ ਸ. ਗੁਰਬਚਨ ਸਿੰਘ ਕਰਮੂੰਵਾਲਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਦੀ ਵੱਡੀ ਮਹਾਨਤਾ ਹੈ। ਇਥੋਂ ਲੱਖਾਂ ਸੰਗਤਾਂ ਪ੍ਰਸ਼ਾਦਾਂ ਛੱਕ ਕੇ ਨਿਹਾਲ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਲੰਗਰ ਲਈ ਰਸਦਾਂ ਭੇਟ ਕਰਨ ਪ੍ਰਤੀ ਸੰਗਤਾਂ ਹਮੇਸ਼ਾਂ ਤੱਤਪਰ ਰਹਿੰਦੀਆਂ ਹਨ, ਇਸੇ ਤਹਿਤ ਹੀ ਹਲਕਾ ਖਡੂਰ ਸਾਹਿਬ ਤੋਂ ਗੁਰੂ ਨਾਨਕ ਨਾਮ ਲੇਵਾ ਵੱਲੋਂ ਕਣਕ ਦੀ ਸੇਵਾ ਭੇਜੀ ਗਈ ਹੈ। ਇਸ ਮੌਕੇ ਸ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਜਿਥੇ ਸੰਗਤਾਂ ਦਾ ਸੇਵਾ ਵਿਚ ਹਿੱਸਾ ਪਾਉਣ ਲਈ ਧੰਨਵਾਦ ਕੀਤਾ, ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਵੀ ਸਲਾਹਿਆ। ਕਣਕ ਲੈ ਕੇ ਪਹੁੰਚੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੀਤ ਸਕੱਤਰ ਸ. ਸਕੱਤਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਤੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਨੇ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ।
ਇਸੇ ਦੌਰਾਨ ਹਲਕਾ ਸ਼ਾਮ ਚੌਰਾਸੀ ਤੋਂ ਬੀਬੀ ਮਹਿੰਦਰ ਕੌਰ ਜੋਸ਼ ਵੱਲੋਂ 7 ਕੁਇੰਟਲ 30 ਕਿਲੋ ਦਾਲ ਲੰਗਰ ਲਈ ਭੇਟ ਕੀਤੀ ਗਈ। ਉਨ੍ਹਾਂ ਦਾ ਧੰਨਵਾਦ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਸੁਖਬੀਰ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਸ. ਜਗਤਾਰ ਸਿੰਘ ਆਦਿ ਹਾਜ਼ਰ ਸਨ।