ਅੰਮ੍ਰਿਤਸਰ, 25 ਮਈ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸਵਰਗੀ ਸ. ਭਾਨ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ 31 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ ਹੈ। ਮਰਹੂਮ ਸ. ਭਾਨ ਸਿੰਘ ਦੇ ਸਪੁੱਤਰ ਸ. ਹਰਿੰਦਰਪਾਲ ਸਿੰਘ ਨੇ ਇਸ ਰਾਸ਼ੀ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ ਨੂੰ ਸੌਂਪਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਦੇ ਸਹਾਇਕ ਸੁਪਰਵਾਈਜ਼ਰ ਸ. ਹਰਭਜਨ ਸਿੰਘ ਨੇ ਵੀ ਲੰਗਰ ਲਈ 31 ਹਜ਼ਾਰ ਰੁਪਏ ਦਿੱਤੇ। ਸ. ਭਾਨ ਸਿੰਘ ਦੇ ਸਪੁੱਤਰ ਸ. ਹਰਿੰਦਰਪਾਲ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਸਹਾਇਕ ਸੁਪਰਵਾਈਜ਼ਰ ਸ. ਹਰਭਜਨ ਸਿੰਘ ਨੂੰ ਡਾ. ਰੂਪ ਸਿੰਘ ਨੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਘਰ ਲਈ ਸ਼ਰਧਾਲੂਆਂ ਵੱਲੋਂ ਰਸਦਾਂ ਅਤੇ ਮਾਇਆ ਭੇਟ ਕਰਕੇ ਸ਼ਰਧਾ ਪ੍ਰਗਟਾਈ ਜਾ ਰਹੀ ਹੈ। ਉਨ੍ਹਾਂ ਭੇਟਾਵਾਂ ਭੇਜਣ ਵਾਲੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਸਕੱਤਰ ਸਿੰਘ ਤੇ ਸ. ਗੁਰਮੀਤ ਸਿੰਘ ਬੁੱਟਰ, ਫਲਾਇੰਗ ਵਿਭਾਗ ਦੇ ਇੰਚਾਰਜ ਸ. ਕੁਲਦੀਪ ਸਿੰਘ ਰੋਡੇ, ਵਧੀਕ ਮੈਨੇਜਰ ਸ. ਜਗਤਾਰ ਸਿੰਘ ਸ਼ਹੂਰਾ, ਸਾਬਕਾ ਮੀਤ ਸਕੱਤਰ ਸ. ਗੁਰਦੇਵ ਸਿੰਘ ਆਦਿ ਮੌਜੂਦ ਸਨ।