ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਵਾਤਾਵਰਣ ਸੰਭਾਲ ਵੱਜੋਂ ਮਨਾਇਆ ਗਿਆ

ਸ੍ਰੀ ਕੀਰਤਪੁਰ ਸਾਹਿਬ 26 ਮਾਰਚ 2017 – ਸਥਾਨਕ ਗੁਰਦੁਆਰਾ ਸ਼ੀਸ਼ਮਹਿਲ ਸਾਹਿਬ, ਨੌਲੱਖਾ ਬਾਗ ਵਿਖੇ ਸਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਸੰਭਾਲ ਦਿਵਸ ਦੇ ਰੂਪ ਵਿਚ ਵਿਸ਼ਾਲ ਪੱਧਰ ‘ਤੇ ਮਨਾਇਆ ਗਿਆ। ਇਸ ਮੌਕੇ ਵਿਸ਼ਾਲ ਗੁਰਮਤਿ ਗਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਅਮਰਜੀਤ ਸਿੰਘ ਚਾਵਲਾ, ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮਨੁੱਖੀ ਜੀਵਨ ਵਿਚ ਸ਼ੁੱਧ ਵਾਤਾਵਰਣ ਦੀ ਵਿਸ਼ੇਸ਼ ਅਹਿਮੀਅਤ ਹੈ। ਉਨ੍ਹਾਂ ਆਖਿਆ ਕਿ ਸਾਨੂੰ ਵਾਤਾਵਰਣ ਸਬੰਧੀ ਸਿੱਖਿਆ ਗੁਰਬਾਣੀ ਤੋਂ ਵਧੀਆ ਹੋਰ ਕੋਈ ਨਹੀਂ ਦੇ ਸਕਦਾ। ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਤਾ ਦਾ ਦਰਜਾ ਦੇ ਕੇ ਗੁਰਬਾਣੀ ਨੇ ਸਾਨੂੰ ਵਾਤਾਵਰਣ ਬਾਰੇ ਸੁਚੇਤ ਕੀਤਾ ਹੈ। ਇਸ ਲਈ ਸਾਨੂੰ ਵਾਤਾਵਰਣ ਦੀ ਸੰਭਾਲ ਗੁਰੂ, ਪਿਤਾ ਤੇ ਮਾਤਾ ਦੀ ਤਰ੍ਹਾਂ ਹੀ ਕਰਨੀ ਚਾਹੀਦੀ ਹੈ। ਪਰ ਮਨੁੱਖ ਵੱਲੋਂ ਕੀਤੀ ਜਾ ਰਹੀ ਕੁਦਰਤੀ ਸਰੋਤਾਂ ਦੀ ਬੇਕਦਰੀ ਬੇਹੱਦ ਚਿੰਤਾ ਪੈਦਾ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਸਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਜੀਵਨ ਵਾਤਾਵਰਣ ਦੀ ਸੰਭਾਲ ਲਈ ਸਾਡਾ ਮਾਰਗ ਦਰਸ਼ਨ ਕਰਦਾ ਹੈ, ਜਿਸ ਤੋਂ ਸੇਧ ਪ੍ਰਪਾਤ ਕਰ ਕੇ ਸਾਨੂੰ ਦੂਸ਼ਿਤ ਹੋ ਰਹੇ ਵਾਤਾਰਣ ਨੂੰ ਬਚਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵਾਤਾਵਰਣ ਸੰਭਾਲ ਸਬੰਧੀ ਇੱਕ ਵਿਭਾਗ ਵੀ ਕਾਇਮ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਕਮੇਟੀ ਦੇ ਵਿਦਿਅਕ ਅਦਾਰਿਆਂ ਅੰਦਰ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸਾਂਭ ਸੰਭਾਲ ਪ੍ਰਤੀ ਸੁਚੇਤ ਕਰਨ ਲਈ ਪ੍ਰੋਗਰਾਮ ਉਲੀਕੇ ਗਏ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਕੀਰਤਪੁਰ ਸਾਹਿਬ ਵਿਖੇ ਹਰ ਸਾਲ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਾਰਣ ਸੰਭਾਲ ਦਿਵਸ ਦੇ ਰੂਪ ਵਿਚ ਇਸੇ ਤਰ੍ਹਾਂ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਉਨ੍ਹਾਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਇੱਕ ਸਰਾਂ ਦੀ ਉਸਾਰੀ ਦਾ ਐਲਾਨ ਵੀ ਕੀਤਾ।
ਇਸ ਮੌਕੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਅਮਰਜੀਤ ਸਿੰਘ ਚਾਵਲਾ, ਬਾਬਾ ਬਲਬੀਰ ਸਿੰਘ ਸੀਚੇਵਾਲ ਵਾਤਾਵਰਣ ਪ੍ਰੇਮੀ, ਸ. ਸੁਰਿੰਦਰ ਸਿੰਘ ਕੂਕਲ ਡਾਇਰੈਕਟਰ ਵਾਤਾਵਰਣ ਪੀਏਯੂ, ਸ੍ਰੀ ਪੀ.ਐਲ. ਕਲੇਰ ਜੰਗਲਾਤ ਵਿਭਾਗ ਨੇ ਵੀ ਸੰਬੋਧਨ ਕੀਤਾ ਅਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਸੰਗਤ ਨੂੰ ਪ੍ਰੇਰਨਾ ਕੀਤੀ।
ਸਮਾਗਮ ਦੌਰਾਨ ਪਿੰਡ ਘੰੜੂਆਂ ਨਿਵਾਸੀ ਭਾਈ ਨਛੱਤਰ ਸਿੰਘ ਤੇ ਭਾਈ ਉਜਾਗਰ ਸਿੰਘ ਜਿਨ੍ਹਾਂ ਦੇ ਵਡੇਰੇ ਗੁਰੂ ਹਰਿਰਾਇ ਸਾਹਿਬ ਦੇ ਸਮੇਂ ਤੋਂ ਪਹਿਲਾਂ ਦੇ ਸਰਬਲੋਹ ਦੇ ਬਰਤਨ ਤਿਆਰ ਕਰ ਰਹੇ ਹਨ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿਚ ਸ. ਜਸਵੰਤ ਸਿੰਘ, ਸ੍ਰੀ ਭਰਖਰਾਜ, ਸ. ਦਲਜੀਤ ਸਿੰਘ, ਸ. ਅਵਤਾਰ ਸਿੰਘ, ਸ. ਬਲਬੀਰ ਸਿੰਘ ਅਤੇ ਸ. ਭਾਗ ਸਿੰਘ ਸ਼ਾਮਿਲ ਸਨ। ਇਸ ਮੋਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਵੀ ਸ. ਅਮਰਜੀਤ ਸਿੰਘ ਚਾਵਲਾ ਤੇ ਹੋਰਾਂ ਵੱਲੋਂ ਸਨਮਾਨਿਤ ਕੀਤਾ ਗਿਆ।  
ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਭਾਈ ਦਲਜਿੰਦਰ ਸਿੰਘ ਅਤੇ ਭਾਈ ਕਮਲਜੀਤ ਸਿੰਘ ਦੇ ਰਾਗੀ ਜੱਥੇ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ। ਇਸ ਮੋਕੇ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਖਾਲਸਾ ਖਾਲਜ ਦੇ ਵਿਦਿਆਰਥੀਆਂ ਨੇ ਵੀ ਵਾਤਾਵਰਣ ਸਬੰਧੀ ਸ਼ਬਦ ਗਾਇਨ ਕੀਤਾ।
ਇਸ ਸਮੇਂ ਸ਼ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬਾਬਾ ਬਲਬੀਰ ਸਿੰਘ ਸੀਚੇਵਾਲ, ਸ. ਅਮਰਜੀਤ ਸਿੰਘ ਚਾਵਲਾ ਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਵੱਲੋਂ ਨੌਲੱਖਾ ਬਾਗ ਵਿਖੇ ਸਾਂਝੇ ਰੂਪ ਵਿਚ ੧੫ ਕਿਸਮ ਦੇ ਔਸ਼ਧੀ ਬੂਟੇ ਵੀ ਲਗਾਏ ਗਏ।
ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ, ਸ. ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ ਲਾਂਡਰਾ, ਸਾਬਕਾ ਮੈਂਬਰ ਸ. ਜਗੀਰ ਸਿੰਘ, ਬਾਬਾ ਲਾਭ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਜਰਨੈਲ ਸਿੰਘ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵੱਲੋਂ ਬਾਬਾ ਗੁਰਪ੍ਰੀਤ ਸਿੰਘ, ਬਾਬਾ ਨਾਹਰ ਸਿੰਘ ਬਿੱਧੀ ਚੰਦ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਸ. ਅਵਤਾਰ ਸਿੰਘ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ. ਚਾਨਣ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸ. ਰੇਸ਼ਮ ਸਿੰਘ, ਮੀਤ ਮੈਨੇਜਰ ਸ. ਅਮਰਜੀਤ ਸਿੰਘ ਅਤੇ ਸ. ਕਰਮਜੀਤ ਸਿੰਘ, ਪ੍ਰਿੰਸੀਪਲ ਸ. ਕਸ਼ਮੀਰ ਸਿੰਘ, ਭਾਈ ਫੂਲਾ ਸਿੰਘ ਜੀ ਹੈੱਡ ਗ੍ਰੰਥੀ, ਸ. ਮਨਜਿੰਦਰ ਸਿੰਘ ਬਰਾੜ, ਬੀਬੀ ਕੁਲਵਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ, ਸ. ਰਾਮ ਸਿੰਘ ਭਿੰਡਰ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।