ਜ਼ੇਰੇ ਇਲਾਜ਼ ਵਿਧਾਇਕਾਂ ਦਾ ਹਾਲ-ਚਾਲ ਪੁੱਛਣ ਹਸਪਤਾਲ ਪੁੱਜੇ ਪ੍ਰੋ. ਬਡੂੰਗਰ

ਅੰਮ੍ਰਿਤਸਰ, ੨੨ ਜੂਨ- ਪੰਜਾਬ ਵਿਧਾਨ ਸਭਾ ਅੰਦਰ ਇੱਕ ਸਿੱਖ ਵਿਧਾਇਕ ਸ. ਪਿਰਮਲ ਸਿੰਘ ਖਾਲਸਾ ਦੀ ਦਸਤਾਰ ਉਤਾਰਨ ਅਤੇ ਕੁਝ ਵਿਧਾਇਕਾਂ ਦੀ ਖਿੱਚ-ਧੂਹ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਜਿਥੇ ਗੈਰ-ਸੰਜੀਦਾ ਦੱਸਿਆ ਉਥੇ ਹੀ ਸਿੱਖੀ ਦੇ ਗੌਰਵ ਦਸਤਾਰ ਦੀ ਬੇਅਦਬੀ ਕਰਾਰ ਦਿੱਤਾ। ਉਨ੍ਹਾਂ ਆਖਿਆ ਕਿ ਵਿਧਾਨ ਸਭਾ ਦੇ ਇਤਿਹਾਸ ਅੰਦਰ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਚੁਣੇ ਹੋਏ ਲੋਕ ਨੁਮਾਇੰਦੇ ਦੇ ਧਾਰਮਿਕ ਚਿੰਨ੍ਹ ਦੀ ਤੌਹੀਨ ਕੀਤੀ ਗਈ ਹੋਵੇ। ਉਨ੍ਹਾਂ ਇਸ ਨੂੰ ਕਾਂਗਰਸ ਸਰਕਾਰ ਦੀ ਘਟੀਆ ਹਰਕਤ ਆਖਦਿਆਂ ਇਸ ਵਿਚ ਸ਼ਾਮਲ ਲੋਕਾਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਲੋਕ ਮਸਲਿਆਂ ਲਈ ਆਵਾਜ਼ ਬੁਲੰਦ ਕਰਨੀ ਚੁਣੇ ਹੋਏ ਵਿਧਾਇਕਾਂ ਦਾ ਮੁੱਢਲਾ ਫਰਜ ਹੈ ਪਰ ਆਵਾਜ਼ ਨੂੰ ਦਬਾਉਣ ਲਈ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨੀ ਬਰਦਾਸ਼ਤਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿਸੇ ਵੀ ਪਾਰਟੀ ਦਾ ਵਿਧਾਇਕ ਹੋਵੇ ਦਸਤਾਰ ਸਭ ਦੀ ਸਾਂਝੀ ਹੈ ਅਤੇ ਇਸ ਦਾ ਵਿਧਾਨ ਸਭਾ ਅੰਦਰ ਸਤਿਕਾਰ ਬਹਾਲ ਰੱਖਣਾ ਸਪੀਕਰ ਦੀ ਜ਼ਿੰਮੇਵਾਰੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਸ ਮਾਮਲੇ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ੨੬ ਜੂਨ ਨੂੰ ਹੋਣ ਵਾਲੀ ਮੀਟਿੰਗ ਵਿਚ ਵਿਚਾਰਿਆ ਜਾਵੇਗਾ।
ਇਸੇ ਦੌਰਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜ਼ਖਮੀ ਹੋਏ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਤੇ ਸ. ਮਨਜੀਤ ਸਿੰਘ ਬਿਲਾਸਪੁਰ ਨਾਲ ਚੰਡੀਗੜ੍ਹ ਦੇ ਸੈਕਟਰ ੧੬ ਸਥਿਤ ਜਨਰਲ ਹਸਪਤਾਲ ਵਿਖੇ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਘਟਨਾ ਦੀ ਨਿੰਦਾ ਕੀਤੀ। ਉਨ੍ਹਾਂ ਵਿਧਾਇਕਾਂ ਨੂੰ ਵਿਸ਼ਵਾਸ ਦਵਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਹੋਣ ਕਾਰਨ ਉਨ੍ਹਾਂ ਦੇ ਨਾਲ ਹੈ ਅਤੇ ਸਿੱਖ ਪਛਾਣ ਦੀ ਲਖਾਇਕ ਦਸਤਾਰ ਦੀ ਬੇਅਦਬੀ ਮਾਮਲੇ ਵਿਚ ਦੋਸ਼ੀਆਂ ਖਿਲਾਫ ਕਾਰਵਾਈ ਲਈ ਆਵਾਜ਼ ਉਠਾਏਗੀ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਤੇ ਹੋਰ ਹਾਜ਼ਰ ਸਨ।