logoਅੰਮ੍ਰਿਤਸਰ 22 ਦਸੰਬਰ : ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਭਾਈ ਜੀਵਨ ਸਿੰਘ, ਭਾਈ ਸੰਗਤ ਸਿੰਘ ਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ੨੩ ਦਸੰਬਰ ਨੂੰ ਪੈਣਗੇ।

ਇਥੋਂ ਜਾਰੀ ਪ੍ਰੈੱਸ ਨੋਟ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਜੀ ਅਤੇ ਭਾਈ ਜੀਵਨ ਸਿੰਘ, ਭਾਈ ਸੰਗਤ ਸਿੰਘ ਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਮਿਤੀ ੨੧-੧੨-੧੫ ਤੋਂ ਸ੍ਰੀ ਅਖੰਡਪਾਠ ਸਾਹਿਬ ਆਰੰਭ ਹੋਏ ਹਨ ਜਿਨ੍ਹਾਂ ਦੇ ਭੋਗ ੨੩-੧੨-੧੫ ਨੂੰ ਸਵੇਰੇ ੯-੦੦ ਵਜੇ ਪੈਣਗੇ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸੇ ਅਸਥਾਨ ਪੁਰ ਹੀ ੨੬-੧੨-੧੫ ਨੂੰ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ ਸ੍ਰੀ ਅਖੰਡਪਾਠ ਸਾਹਿਬ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ ੨੮-੧੨-੧੫ ਨੂੰ ਸਵੇਰੇ ੯-੦੦ ਵਜੇ ਪੈਣਗੇ ਉਪਰੰਤ ਕੀਰਤਨ ਹੋਵੇਗਾ।

ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਹਾਨ ਸ਼ਹੀਦਾਂ ਵੱਲੋਂ ਦਿੱਤੀਆਂ ਲਾਸਾਨੀ ਕੁਰਬਾਨੀਆਂ ਦੀ ਯਾਦ ‘ਚ ਹੋ ਰਹੇ ਸਮਾਗਮਾਂ ਸਮੇਂ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰਨ।