ਅੰਮ੍ਰਿਤਸਰ, 5 ਜਨਵਰੀ- ਗੁਰੂ ਘਰ ਦੇ ਇਕ ਸ਼ਰਧਾਲੂ ਪਰਿਵਾਰ ਵੱਲੋਂ ਅੱਜ ਗੁਰਦੁਆਰਾ ਸ਼ਹੀਦ ਗੰਜ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਲੰਗਰ ’ਚ ਪ੍ਰਸ਼ਾਦੇ ਤਿਆਰ ਕਰਨ ਵਾਲੀ ਮਸ਼ੀਨ ਭੇਟ ਕੀਤੀ ਗਈ। ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿਖੇ ਸਥਾਪਿਤ ਕੀਤੀ ਇਸ ਮਸ਼ੀਨ ਦੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਕੀਤਾ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਿਥੇ ਸੰਗਤਾਂ ਸ਼ਰਧਾ ਨਾਲ ਗੁਰੂ ਘਰ ਨਤਮਸਤਕ ਹੁੰਦੀਆਂ ਹਨ, ਉਥੇ ਹੀ ਆਪਣੀ ਸਮਰੱਥਾ ਅਨੁਸਾਰ ਗੁਰੂ ਘਰ ਦੀਆਂ ਸੇਵਾਵਾਂ ਕਰਕੇ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੁੰਦੀਆਂ ਹਨ ਅਤੇ ਗੁਰੂ ਕੇ ਲੰਗਰ ’ਚੋਂ ਪ੍ਰਸ਼ਾਦਾ ਛਕਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਇਕ ਸੇਵਕ ਪਰਿਵਾਰ ਨੇ ਸੰਗਤਾਂ ਦੀ ਵਧਦੀ ਆਮਦ ਦੇ ਮੱਦੇਨਜ਼ਰ ਅੱਜ ਲੰਗਰ ਵਿਚ ਪ੍ਰਸ਼ਾਦੇ ਤਿਆਰ ਕਰਨ ਲਈ ਇਕ ਮਸ਼ੀਨ ਭੇਟ ਕੀਤੀ ਹੈ, ਜੋ ਇਕ ਘੰਟੇ ਵਿਚ ਚਾਰ ਹਜ਼ਾਰ ਦੇ ਕਰੀਬ ਪ੍ਰਸ਼ਾਦੇ ਤਿਆਰ ਕਰਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੇਵਕ ਪਰਿਵਾਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਹਰਪ੍ਰੀਤ ਸਿੰਘ ਤੇ ਸ. ਸੁਖਰਾਜ ਸਿੰਘ, ਸ. ਪਰਮਜੀਤ ਸਿੰਘ, ਸ. ਬਿਕਰਮਜੀਤ ਸਿੰਘ ਅਤੇ ਹੋਰ ਮੌਜੂਦ ਸਨ।
ਐਡਵੋਕੇਟ ਧਾਮੀ ਨੇ ਬਰਤਾਨਵੀ ਸਿੱਖ ਮਹਿਲਾ ਹਰਪ੍ਰੀਤ ਕੌਰ ਚੰਦੀ ਨੂੰ ਦਿੱਤੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਤਾਨਵੀ ਮੂਲ ਦੀ ਸਿੱਖ ਮਹਿਲਾ ਫ਼ੌਜੀ ਅਧਿਕਾਰੀ ਕੈਪਟਨ ਹਰਪ੍ਰੀਤ ਕੌਰ ਚੰਦੀ ਨੂੰ ਉਸ ਵੱਲੋਂ ਕੀਤੀ ਗਈ ਵਿਸ਼ੇਸ਼ ਪ੍ਰਾਪਤੀ ’ਤੇ ਵਧਾਈ ਦਿੱਤੀ ਹੈ। ਕੈਪਟਨ ਹਰਪ੍ਰੀਤ ਕੌਰ ਚੰਦੀ ਨੇ ਦੱਖਣੀ ਧਰੁਵ ਦੀ ਇਕੱਲੇ ਯਾਤਰਾ ਪੂਰੀ ਕਰਨ ਦਾ ਇਤਿਹਾਸ ਰਚਿਆ ਹੈ। ਉਹ ਦੁਨੀਆਂ ਦੀ ਪਹਿਲੀ ਸਿੱਖ ਮਹਿਲਾ ਹੈ, ਜਿਸ ਨੇ ਇਹ ਪ੍ਰਾਪਤੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਬਰਤਾਨਵੀ ਸਿੱਖ ਮਹਿਲਾ ਨੂੰ ਸ਼ੁਭ ਕਾਮਨਾਵਾਂ ਭੇਟ ਕਰਦਿਆਂ ਉਸ ਤੋਂ ਹੋਰ ਵੱਡੀਆਂ ਪ੍ਰਾਪਤੀਆਂ ਦੀ ਕਾਮਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਪੂਰੇ ਵਿਸ਼ਵ ਵਿਚ ਫੈਲੇ ਸਿੱਖ ਵੱਖ-ਵੱਖ ਦੇਸ਼ਾਂ ਅੰਦਰ ਪ੍ਰਾਪਤੀਆਂ ਕਰ ਕੇ ਕੌਮ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਸਿੱਖ ਵੱਲੋਂ ਕੋਈ ਵੱਡੀ ਪ੍ਰਾਪਤੀ ਕੀਤੀ ਜਾਂਦੀ ਹੈ ਤਾਂ ਪੂਰੀ ਕੌਮ ਦਾ ਸਿਰ ਫਖਰ ਨਾਲ ਉੱਚਾ ਹੁੰਦਾ ਹੈ।