30-04-2016-2ਅੰਮ੍ਰਿਤਸਰ 30 ਅਪ੍ਰੈਲ (      )- ਸ਼ਹਿਰੀ ਹਵਾਬਾਜ਼ੀ ਮੰਤਰੀ ਸ੍ਰੀ ਅਸ਼ੋਕ ਗਜਾਪਤੀ ਰਾਜੂ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਨਾਲ ਐਨ. ਸ੍ਰੀਨਿਵਾਸਨ ਰਾਓ ਪ੍ਰਾਈਵੇਟ ਸੈਕਟਰੀ ਸ਼ਹਿਰੀ ਹਵਾਬਾਜ਼ੀ ਮੰਤਰਾਲਾ, ਸ੍ਰੀ ਆਪਾ ਰਾਓ ਓ ਐਸ ਡੀ, ਸ੍ਰੀਮਤੀ ਵਾਈ ਵੀ ਅਨੁਰਾਧਾ ਕਮਿਸ਼ਨਰ ਤੇ ਐਗਜ਼ੈਕਟਿਵ ਅਫਸਰ ਮੌਜੂਦ ਸਨ।ਸ੍ਰੀ ਅਸ਼ੋਕ ਗਜਾਪਤੀ ਰਾਓ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਤੇ ਪਰਿਕਰਮਾ ਕਰਨ ਸਮੇਂ ਸ. ਹਰਚਰਨ ਸਿੰਘ ਮੁੱਖ ਸਕੱਤਰ ਪਾਸੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਪੰਗਤ ਵਿੱਚ ਬੈਠ ਕੇ ਪ੍ਰਸ਼ਾਦਾ ਵੀ ਛੱਕਿਆ ਤੇ ਸੰਗਤਾਂ ਵੱਲੋਂ ਕੀਤੀ ਜਾ ਰਹੀ ਸੇਵਾ ਦਾ ਵੀ ਜਾਇਜ਼ਾ ਲਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਦਫ਼ਤਰ ਵਿਖੇ ਸ੍ਰੀ ਅਸ਼ੋਕ ਗਜਾਪਤੀ ਰਾਜੂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਦਰ ਉਹ ਮੁਕੱਦਸ ਅਸਥਾਨ ਹੈ ਜੋ ਚਹੁੰ ਵਰਨਾਂ ਲਈ ਸਾਂਝਾ ਹੈ।ਉਨ੍ਹਾਂ ਕਿਹਾ ਕਿ ਏਥੇ ਆ ਕੇ ਮਨ ਨੂੰ ਸ਼ਾਂਤੀ ਅਤੇ ਸਕੂਨ ਮਿਲਿਆ ਹੈ।ਉਨ੍ਹਾਂ ਕਿਹਾ ਕਿ ਉਹ ਧੰਨਤਾਯੋਗ ਹਨ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।
ਸੂਚਨਾ ਕੇਂਦਰ ਵਿਖੇ ਸ. ਹਰਚਰਨ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਸ੍ਰੀ ਅਸ਼ੋਕ ਗਜਾਪਤੀ ਰਾਜੂ ਨਾਲ ਗੱਲਬਾਤ ਕਰਦਿਆ ਕਿਹਾ ਕਿ ਉਹ ਏਅਰ ਇੰਡੀਆ ਦੀਆਂ ਫਲਾਈਟਾਂ ਵਿੱਚ ਸਿੱਖਾਂ ਨੂੰ ਸਿਰੀ ਸਾਹਿਬ ਕਰਕੇ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਲਈ ਯਤਨ ਕਰਨ ਕਿਉਂਕਿ ਸਿੱਖਾਂ ਨੂੰ ਧਾਰਮਿਕ ਚਿੰਨ੍ਹਾਂ ਕਾਰਨ ਕਈ ਵਾਰ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ।ਉਨ੍ਹਾਂ ਚੰਡੀਗੜ੍ਹ ਤੋਂ ਅੰਮ੍ਰਿਤਸਰ ਲਈ ਏਅਰ ਇੰਡੀਆ ਦੀਆਂ ਸਿੱਧੀਆਂ ਉਡਾਨਾਂ ਸ਼ੁਰੂ ਕਰਨ ਦੀ ਵੀ ਅਪੀਲ ਕੀਤੀ।ਉਨ੍ਹਾਂ ਦੱਸਿਆ ਕਿ ਸ਼ਹਿਰੀ ਹਵਾਬਾਜ਼ੀ ਮੰਤਰੀ ਸ੍ਰੀ ਅਸ਼ੋਕ ਗਜਾਪਤੀ ਰਾਜੂ ਨੇ ਭਰੋਸਾ ਦਵਾਇਆ ਹੈ ਕਿ ਉਹ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਇਨ੍ਹਾਂ ਮਸਲਿਆਂ ਨੂੰ ਹੱਲ ਕਰਵਾਉਣਗੇ।
ਸੂਚਨਾ ਕੇਂਦਰ ਵਿਖੇ ਸ੍ਰੀ ਅਸ਼ੋਕ ਗਜਾਪਤੀ ਰਾਜੂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਤੇ ਕਿਤਾਬਾਂ ਦਾ ਸੈਟ ਦੇ ਕੇ ਸਨਮਾਨਿਤ ਕਰਨ ਸਮੇਂ ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ, ਸ. ਹਰਜਿੰਦਰ ਸਿੰਘ ਐਡੀਸ਼ਨਲ ਮੈਨੇਜਰ, ਬੀਬੀ ਦਲਜੀਤ ਕੌਰ ਪੀ ਆਰ ਓ ਤੇ ਸ. ਸਰਬਜੀਤ ਸਿੰਘ ਸੂਚਨਾ ਅਧਿਕਾਰੀ ਆਦਿ ਹਾਜ਼ਰ ਸਨ।