ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੂੰ ਸੌਂਪੀ ਜਾਵੇਗੀ ਰਿਪੋਰਟ

ਅੰਮ੍ਰਿਤਸਰ, ੭ ਜਨਵਰੀ ( )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਅੱਜ ਇਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਵਸ ਸਮੇਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਸਬੰਧੀ ਜੋ ਮਾਮਲਾ ਮੀਡੀਆ ਵਿਚ ਹੈ ਉਸ ਦੀ ਪੜਤਾਲ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇੱਕ ਉੱਚ ਅਧਿਕਾਰੀ ਵੱਲੋਂ ਇਸ ਸਬੰਧ ਵਿਚ ਕੀਤੀ ਗਈ ਪੜਤਾਲ ਤੋਂ ਬਾਅਦ ਮੁਕੰਮਲ ਰਿਪੋਰਟ ਤਿਆਰ ਕਰ ਲਈ ਗਈ ਹੈ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਪੇਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਇਸ ਸਮੇਂ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਗਏ ਹੋਏ ਹਨ ਅਤੇ ਉਨ੍ਹਾਂ ਦੇ ਵਾਪਸ ਆਉਣ ‘ਤੇ ਇਸ ਰਿਪੋਰਟ ਨੂੰ ਘੋਖਿਆ ਜਾਵੇਗਾ। ਸ. ਬੇਦੀ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਬਾਰੇ ਪੜਤਾਲ ਵਿਚ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਕਾਰਵਾਈ ਵੀ ਅਵੱਸ਼ ਹੋਵੇਗੀ।