ਅੰਮ੍ਰਿਤਸਰ, ੦੮ ਜਨਵਰੀ-
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ੨੭ ਜਨਵਰੀ ਨੂੰ ਮਨਾਏ ਜਾ ਰਹੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਸਕੂਲਾਂ ਤੇ ਕਾਲਜਾਂ ਦੇ ਪ੍ਰਿੰਸੀਪਲਾਂ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਅਤੇ ਧਾਰਮਿਕ ਅਧਿਆਪਕਾਂ ਨਾਲ ਇਕ ਇਕੱਤਰਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਇਸ ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਹਾਜ਼ਰ ਪ੍ਰਚਾਰਕਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਸੰਗਤਾਂ ਅਤੇ ਵਿਦਿਆਰਥੀਆਂ ਤੱਕ ਪਹੁੰਚ ਕਰਨ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸਿੱਖ ਇਤਿਹਾਸ ਅੰਦਰ ਮਹੱਤਵਪੂਰਨ ਅਸਥਾਨ ਹੈ ਅਤੇ ਉਨ੍ਹਾਂ ਵੱਲੋਂ ਦਿੱਤੀ ਗਈ ਸ਼ਹਾਦਤ ਸਾਡੇ ਲਈ ਇੱਕ ਪ੍ਰੇਰਣਾ ਹੈ, ਜਿਸ ਤੋਂ ਵੱਧ ਤੋਂ ਵੱਧ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇ। ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਲਗਾਏ ਜਾਣ ਵਾਲੇ ਖ਼ੂਨਦਾਨ ਕੈਂਪ ਅਤੇ ਅੰਮ੍ਰਿਤ ਸੰਚਾਰ ਸਮਾਗਮ ਸਬੰਧੀ ਉਨ੍ਹਾਂ ਕਿਹਾ ਕਿ ਇਤਿਹਾਸਕ ਦਿਹਾੜਿਆਂ ਨੂੰ ਪੰਥਕ ਅਤੇ ਸਮਾਜਿਕ ਹਿੱਤਾਂ ਲਈ ਵਰਤਣਾ ਸ਼ਾਲਾਘਾਮਈ ਕਾਰਜ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਜਿਥੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾਣਗੇ, ਉਥੇ ਹੀ ੨੭ ਜਨਵਰੀ ਨੂੰ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ੨੬ ਅਤੇ ੨੭ ਜਨਵਰੀ ਨੂੰ ਦੋ ਦਿਨਾਂ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਪ੍ਰਚਾਰਕਾਂ ਅਤੇ ਧਾਰਮਿਕ ਅਧਿਆਪਕਾਂ ਨੂੰ ਸਮਰਪਣ ਭਾਵਨਾ ਨਾਲ ਪ੍ਰਚਾਰ ਕਰਨ ਲਈ ਕਿਹਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਗੁਰਦੁਆਰਾ ਛੇਹਰਟਾ ਸਾਹਿਬ ਦੇ ਮੈਨੇਜਰ ਸ. ਜਗਤਾਰ ਸਿੰਘ, ਪ੍ਰਿੰਸੀਪਲ ਡਾ. ਕੁਲਦੀਪ ਸਿੰਘ, ਪ੍ਰਿੰਸੀਪਲ ਮਨਵਿੰਦਰ ਕੌਰ, ਪ੍ਰਿੰਸੀਪਲ ਚਰਨਜੀਤ ਕੌਰ, ਪ੍ਰਿੰਸੀਪਲ ਅਮਰਜੀਤ ਕੌਰ ਅਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਤਰਸੇਮ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਜੱਜ ਸਿੰਘ, ਭਾਈ ਜਸਪਾਲ ਸਿੰਘ, ਭਾਈ ਖ਼ਜ਼ਾਨ ਸਿੰਘ, ਬੀਬੀ ਹਰਪ੍ਰੀਤ ਕੌਰ, ਭਾਈ ਦਿਲਬਾਗ ਸਿੰਘ ਭੰਗਾਲੀ, ਭਾਈ ਅਮਰ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਗੁਰਮੁੱਖ ਸਿੰਘ ਆਦਿ ਹਾਜ਼ਰ ਸਨ।