ਅੰਮ੍ਰਿਤਸਰ 14 ਜੁਲਾਈ – ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 16 ਜੁਲਾਈ 2017 ਦਿਨ ਐਤਵਾਰ ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ ਜਿਨ੍ਹਾਂ ਦੇ ਭੋਗ 16 ਜੁਲਾਈ ਨੂੰ ਸਵੇਰੇ 9:30 ਵਜੇ ਪੈਣਗੇ। ਉਪਰੰਤ ਧਾਰਮਿਕ ਦੀਵਾਨ ਸੱਜਣਗੇ ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਇਲਾਹੀ ਗੁਰਬਾਣੀ ਦਾ ਕੀਰਤਨ ਕਰਨਗੇ ਅਤੇ ਪ੍ਰਸਿੱਧ ਢਾਡੀ ਜਥੇ ਵਾਰਾਂ ਰਾਹੀਂ ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਉਣਗੇ।

ਸ. ਸੈਂਪਲਾ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਵਿਚ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕਰੀਏ।