ਸ਼੍ਰੋਮਣੀ ਕਮੇਟੀ ਨੇ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
16-07-2015-1ਅੰਮ੍ਰਿਤਸਰ: 16 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਅਰਦਾਸ ਭਾਈ ਸਲਵਿੰਦਰ ਸਿੰਘ ਵੱਲੋਂ ਕੀਤੀ ਗਈ ਤੇ ਹੁਕਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਇਸ ਮੌਕੇ ਡਾਕਟਰ ਰੂਪ ਸਿੰਘ ਸਕੱਤਰ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਖ਼ਾਲਸਾਈ ਰਵਾਇਤਾਂ ਅਨੁਸਾਰ ਮਨਾਇਆ ਗਿਆ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਸ਼ਹੀਦਾਂ ਦੇ ਦਿਹਾੜੇ ਖਾਸ ਤੌਰ ਤੇ ਮਨਾਏ ਜਾਂਦੇ ਹਨ।ਉਨ੍ਹਾਂ ਭਾਈ ਤਾਰੂ ਸਿੰਘ ਜੀ ਦੇ ਜੀਵਨ ਤੇ ਚਾਨਣਾ ਪਾਉਂਦਿਆਂ ਕਿਹਾ ਕਿ ਜ਼ਕਰੀਆ ਖਾਨ ਨੇ ਜ਼ੁਲਮ ਦੀ ਹੱਦ ਕਰਦਿਆਂ ਮਹਾਨ ਸਿੱਦਕੀ ਸਿੱਖ ਭਾਈ ਤਾਰੂ ਸਿੰਘ ਦੀ ਖੋਪਰੀ ਉਤਰਵਾ ਦਿੱਤੀ ਸੀ, ਪਰ ਉਨ੍ਹਾਂ ਦਾ ਸਿਦਕ ਡੋਲਿਆ ਨਹੀਂ।ਉਹ ਖੋਪਰੀ ਉਤਾਰੇ ਜਾਣ ਤੋਂ ਬਾਅਦ ਵੀ ਬਹੁਤ ਦਿਨ ਜੀਵਤ ਰਹੇ ਤੇ ਜ਼ਕਰੀਆ ਖਾਨ ਦੀ ਮੌਤ ਤੋਂ ਬਾਅਦ ਸ਼ਹੀਦੀ ਪ੍ਰਾਪਤ ਕਰ ਗਏ।ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਂਦੇ ਹੋਏ ਸਾਨੂੰ ਖੰਡੇ ਬਾਟੇ ਦੀ ਪਾਹੁਲ ਛਕ ਬਾਣੀ ਅਤੇ ਬਾਣੇ ਦੇ ਧਾਰਨੀ ਬਣਨਾ ਚਾਹੀਦਾ ਹੈ।
ਉਪਰੰਤ ਸਜੇ ਧਾਰਮਿਕ ਦੀਵਾਨ ਵਿੱਚ ਭਾਈ ਸੁਰਿੰਦਰ ਸਿੰਘ ਤੇ ਭਾਈ ਬਲਦੇਵ ਸਿੰਘ ਐਮ ਏ ਦੇ ਢਾਡੀ ਜਥਿਆਂ ਵੱਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ।ਸਟੇਜ ਦੀ ਜ਼ਿੰਮੇਵਾਰੀ ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ ਨੇ ਨਿਭਾਈ।
ਇਸ ਮੌਕੇ ਸ.ਰੂਪ ਸਿੰਘ ਸਕੱਤਰ, ਸ. ਰਣਜੀਤ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਬਲਵਿੰਦਰ ਸਿੰਘ ਜੌੜਾ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਗੁਰਚਰਨ ਸਿੰਘ ਮੀਤ ਸਕੱਤਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ.ਪ੍ਰਤਾਪ ਸਿੰਘ ਤੇ ਸ. ਗੁਰਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਤਜਿੰਦਰ ਸਿੰਘ ਪੱਡਾ,  ਸ. ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ, ਵਧੀਕ:ਮੈਨੇਜਰ ਸ. ਬਘੇਲ ਸਿੰਘ, ਸ. ਮਲਕੀਤ ਸਿੰਘ ਸ/ਸੁਪ੍ਰਿੰਟੈਂਡੈਂਟ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਟਾਫ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ।