ਸਿੱਖ ਇਤਿਹਾਸ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਸੰਘਰਸ਼ ਦੀ ਅਦੁੱਤੀ ਦਾਸਤਾਨ –ਪ੍ਰੋ: ਕਿਰਪਾਲ ਸਿੰਘ ਬਡੂੰਗਰ

ਤਲਵੰਡੀ ਸਾਬੋ, 21 ਅਕਤੂਬਰ (             )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂਂ ਇਥੇ ਸਥਿਤ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ ਕੀਰਤਨ, ਵਾਰ ਗਾਇਨ, ਕਵੀਸ਼ਰੀ ਗਾਇਨ, ਗੱਤਕਾ ਪ੍ਰਦਰਸ਼ਨੀ, ਧਾਰਮਿਕ ਲੈਕਚਰ, ਕੋਰੀਓਗ੍ਰਾਫੀ ਤੇ ਕਵਿਤਾ ਉਚਾਰਨ ਰਾਹੀਂ ਗੁਰਬਾਣੀ, ਸਿੱਖ ਇਤਿਹਾਸ, ੱਿਸੱਖ ਸੱਭਿਆਚਾਰ ਤੇ ਗੁਰਮਤਿ ਫਲਸਫੇ ਨਾਲ ਜੋੜਿਆ। ਸਮਾਗਮ ਦੀ ਆਰੰਭਤਾ ਸਮੇਂ ਕਾਲਜ ਦੀ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਅਤੇ ਹੋਰਾਂ ਨੂੰ ਜੀ ਆਇਆਂ ਕਿਹਾ ਉਥੇ ਹੀ ਸਮਾਗਮ ਦੀ ਰੂਪ ਰੇਖਾ ਤੇ ਮਨੋਰਥ ਸਬੰਧੀ ਵੀ ਚਾਨਣਾ ਪਾਇਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਰਾ ਸਿੱਖ ਇਤਿਹਾਸ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਸੰਘਰਸ਼ ਦੀ ਅਦੁੱਤੀ ਦਾਸਤਾਨ ਹੈ। ਉਨ੍ਹਾਂ ਕਿਹਾ ਕਿ ਭਾਈ ਮਨੀ ਸਿੰਘ ਵੀ ਸਿੱਖ ਇਤਿਹਾਸ ਦੇ ਅਨਮੋਲ ਮੋਤੀ ਹਨ, ਜਿਨ੍ਹਾਂ ਨੇ ਧਰਮ ਲਈ ਆਪਣਾ ਬੰਦ ਬੰਦ ਕਟਵਾ ਕੇ ਸਿੱਖੀ ਵਿਚ ਪ੍ਰਪੱਕ ਰਹਿੰਦਿਆਂ ਬੇਮਿਸਾਲ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਵੱਲੋਂ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਲਈ ਪਏ ਵਡਮੁੱਲੇ ਯੋਗਦਾਨ ਨੂੰ ਸਦਾ ਯਾਦ ਰੱਖਿਆ ਜਾਵੇਗਾ। ਪ੍ਰੋ: ਬਡੂੰਗਰ ਨੇ ਭਾਈ ਮਨੀ ਸਿੰਘ ਦੇ ਜੀਵਨ ਨੂੰ ਹਾਜ਼ਰ ਵਿਦਿਆਥਣਾਂ ਨਾਲ ਸਾਂਝਿਆਂ ਕਰਦਿਆਂ ਕਿਹਾ ਕਿ ਕੌਮ ਦੀ ਖਾਤਰ ਆਪਾ ਵਾਰਨ ਵਾਲੇ ਅਜਿਹੇ ਸ਼ਹੀਦਾਂ ਨੂੰ ਆਦਰਸ਼ ਮੰਨ ਕੇ ਸਾਨੂੰ ਆਪਣੇ ਗੌਰਵਸ਼ਾਲੀ ਇਤਿਹਾਸ ਤੋਂ ਜ਼ਿੰਦਗੀ ਦੀਆਂ ਸੇਧਾਂ ਲੈਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਧਾਰਮਿਕ, ਰਾਜਨੀਤਿਕ, ਸੱਭਿਆਚਾਰਕ, ਆਰਥਕ ਅਤੇ ਵਿਗਿਆਨਕ ਭਾਵ ਮਨੁੱਖਤਾ ਨੂੰ ਜੀਵਨ ਦੇ ਹਰ ਪੱਖ ਤੋਂ ਅਗਵਾਈ ਦਿੱਤੀ, ਜਿਸ ਕਾਰਨ ਗੁਰਮਤਿ ਫਲਸਫਾ ਦੁਨੀਆਂ ਵਿਚੋਂ ਸਭ ਤੋਂ ਨਿਵੇਕਲਾ ਹੈ। ਪ੍ਰੋ: ਬਡੂੰਗਰ ਨੇ ਸਮਾਗਮ ਦੌਰਾਨ ਵੱਖ-ਵੱਖ ਧਾਰਮਿਕ ਪੇਸ਼ਕਾਰੀਆਂ ਕਰਨ ਵਾਲੀਆਂ ਵਿਦਿਆਰਥਣਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਨਕਦ ਇਨਾਮ ਦੇਣ ਦਾ ਵੀ ਐਲਾਨ ਕੀਤਾ।
ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਹੀਦ ਭਾਈ ਮਨੀ ਸਿੰਘ ਦੇ ਜੀਵਨ ਅਤੇ ਕਾਰਜਾਂ ਨੂੰ ਯਾਦ ਕਰਦਿਆਂ ਕਾਲਜ ਵੱਲੋਂ ਉਨ੍ਹਾਂ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਨੂੰ ਬੱਚੀਆਂ ਲਈ ਲਾਭਦਾਇਕ ਦੱਸਿਆ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਕਾਲਜਾਂ ਵਿਚ ਆਯੋਜਤ ਕੀਤੇ ਜਾ ਰਹੇ ਸਮਾਗਮਾਂ ਦੀ ਲੜੀ ਦੀ ਸ਼ਲਾਘਾ ਕਰਦਿਆਂ ਇਸਨੂੰ ਸਮੇਂ ਦੀ ਮੁੱਖ ਲੋੜ ਕਰਾਰ ਦਿੱਤਾ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਅਜਿਹੇ ਸਮਾਗਮਾਂ ਦੇ ਸਿੱਟੇ ਸਾਰਥਕ ਨਿਕਲਣਗੇ ਅਤੇ ਨੌਜੁਆਨੀ ਆਪਣੇ ਸਿੱਖ ਵਿਰਸੇ ਨਾਲ ਜੁੜੇਗੀ।
ਸਮਾਗਮ ਉਪਰੰਤ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਬਾਬਾ ਬੂਟਾ ਸਿੰਘ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਬਾਬਾ ਲਾਭ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਵੱਲੋਂ ਕਾਲਜ ਵਿਖੇ ਤਿਆਰ ਕੀਤੇ ਗਏ ਸਾਇੰਸ ਬਲਾਕ ਦਾ ਰਸਮੀ ਉਦਘਾਟਨ ਵੀ ਕੀਤਾ। ਇਸ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਲਗਾਈਆਂ ਗਈਆਂ ਵੱਖ-ਵੱਖ ਪ੍ਰਦਰਸ਼ਨੀਆਂ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ।
ਇਸ ਮੌਕੇ ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ, ਸ. ਗੁਰਮੇਲ ਸਿੰਘ ਸੰਗਤਪੁਰਾ, ਬੀਬੀ ਜੋਗਿੰਦਰ ਕੌਰ ਤੇ ਸ. ਸੁਰਜੀਤ ਸਿੰਘ ਕਾਲਾਬੂਲਾ ਅੰਤ੍ਰਿੰਗ ਮੈਂਬਰ, ਸ. ਮੇਜਰ ਸਿੰਘ ਢਿੱਲੋਂ, ਸ. ਅਮਰੀਕ ਸਿੰਘ ਕੋਟਸ਼ਮੀਰ, ਸ. ਮੋਹਣ ਸਿੰਘ ਬੰਗੀ, ਸ. ਮਨਜੀਤ ਸਿੰਘ ਬੱਪੀਆਣਾ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਸੁਖਚੈਨ ਸਿੰਘ ਧਰਮਪੁਰਾ, ਸ. ਮਿੱਠੂ ਸਿੰਘ ਕਾਹਨੇਕੇ, ਸ. ਗੁਰਤੇਜ ਸਿੰਘ ਢੱਡੇ, ਸ. ਸੁਰਜੀਤ ਸਿੰਘ ਰਾਏਪੁਰ ਤੇ ਸ. ਚਰਨਜੀਤ ਸਿੰਘ ਕਾਲੇਵਾਲ ਮੈਂਬਰ, ਬਾਬਾ ਭਜਨ ਸਿੰਘ ਭਲਵਾਨ ਕਾਰਸੇਵਾ ਵਾਲੇ, ਡਾ. ਤੇਜਿੰਦਰ ਕੌਰ ਧਾਲੀਵਾਲ ਪ੍ਰਿੰਸੀਪਲ ਗੁਰੂ ਨਾਨਕ ਗਰਲਜ਼ ਕਾਲਜ ਸ੍ਰੀ ਮੁਕਤਸਰ ਸਾਹਿਬ, ਚੇਅਰਮੈਨ ਸ. ਅਮਰਜੀਤ ਸਿੰਘ ਸਿੱਧੂ ਅਕਾਲੀ ਆਗੂ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਭਾਈ ਗੁਰਜੰਟ ਸਿੰਘ ਹੈਡ ਗ੍ਰੰਥੀ, ਬਾਬਾ ਕਾਕਾ ਸਿੰਘ ਬੁੰਗਾ ਮਸਤੂਆਣਾ, ਸ. ਕਰਨ ਸਿੰਘ ਮੈਨੇਜਰ, ਸ. ਸ਼ਮਸ਼ੇਰ ਸਿੰਘ ਐਡੀ: ਮੈਨੇਜਰ, ਸ. ਜਗੀਰ ਸਿੰਘ, ਕਾਲਜ ਦਾ ਸਟਾਫ ਤੇ ਵੱਡੀ ਗਿਣਤੀ ਵਿਚ ਵਿਦਿਆਰਣਾਂ ਹਾਜ਼ਰ ਸਨ।