ਬਿਧੀਪੁਰ ਪਿੰਡ ‘ਚ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, ੨੪ ਅਪ੍ਰੈਲ- ਜਲੰਧਰ ਨੇੜਲੇ ਪਿੰਡ ਬਿਧੀਪੁਰ ਵਿਖੇ ਸ੍ਰੀ ਰਵਿਦਾਸ ਭਵਨ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਸ਼ਾਰਟ ਸਰਕਟ ਹੋਣ ਕਾਰਨ ਅਗਨ ਭੇਟ ਹੋ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਰ-ਵਾਰ ਅਪੀਲਾਂ ਕਰਨ ਦੇ ਬਾਵਜੂਦ ਅਤੇ ਪਿਛਲੇ ਸਮੇਂ ਵੱਖ-ਵੱਖ ਥਾਵਾਂ ‘ਤੇ ਸ਼ਾਰਟ ਸਰਕਟ ਕਾਰਨ ਵਾਪਰ ਚੁੱਕੀਆਂ ਅਗਨ ਭੇਟ ਦੀਆਂ ਘਟਨਾਵਾਂ ਤੋਂ ਬਾਅਦ ਵੀ ਗੁਰੂ-ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਕੀਤੀ ਜਾ ਰਹੀ ਲਾਪ੍ਰਵਾਹੀ ਚਿੰਤਾਜਨਕ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਪਾਵਨ ਗੁਰਬਾਣੀ ਮਨੁੱਖ ਮਾਤਰ ਦਾ ਮਾਰਗ ਦਰਸ਼ਨ ਕਰਦੀ ਹੈ ਅਤੇ ਇਹ ਸਮੁੱਚੀ ਮਨੁੱਖਤਾ ਲਈ ਸਾਂਝਾ ਉਪਦੇਸ਼ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿਸੇ ਸ਼ਰਾਰਤੀ ਅਨਸਰ ਵੱਲੋਂ ਕੀਤੀ ਪਾਵਨ ਬਾਣੀ ਦੀ ਬੇਅਦਬੀ ਹੋਵੇ ਜਾਂ ਕਿਸੇ ਅਣਸੁਖਾਵੀਂ ਘਟਨਾ ਕਾਰਨ ਨੁਕਸਾਨ ਹੋਇਆ ਹੋਵੇ, ਇਸ ਸਭ ਲਈ ਗੁਰੂ-ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੇ ਮੱਦੇਨਜ਼ਰ ਸਾਨੂੰ ਅਜਿਹੀਆਂ ਘਟਨਾਵਾਂ ਵਾਪਰਨ ਤੋਂ ਪਹਿਲਾਂ ਹੀ ਪੁਖਤਾ ਪ੍ਰਬੰਧ ਕਰਨ ਪ੍ਰਤੀ ਸੁਚੇਤ ਹੋਣਾ ਚਾਹੀਦਾ ਹੈ, ਪਰ ਅਫ਼ਸੋਸ ਹੈ ਕਿ ਗੁਰਦੁਆਰਾ ਕਮੇਟੀਆਂ ਅਜਿਹਾ ਨਹੀਂ ਕਰ ਰਹੀਆਂ, ਗੁਰੂ-ਘਰਾਂ ਦੀਆਂ ਕਮੇਟੀਆਂ ਦਾ ਅਵੇਸਲਾਪਣ ਹੀ ਇਨ੍ਹਾਂ ਵੱਡੀਆਂ ਘਟਨਾਵਾਂ ਦਾ ਕਾਰਨ ਬਣਦਾ ਹੈ। ਪ੍ਰੋ: ਬਡੂੰਗਰ ਨੇ ਕਿਹਾ ਕਿ ਅਸੀਂ ਆਪਣੇ ਘਰਾਂ ਅੰਦਰ ਤਾਂ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕਰਦੇ ਹਾਂ ਅਤੇ ਸੁਰੱਖਿਆ ਦੇ ਨਾਲ-ਨਾਲ ਬਿਜਲੀ ਪ੍ਰਬੰਧਾਂ ਲਈ ਵੀ ਸੁਚੇਤ ਰਹਿੰਦੇ ਹਾਂ, ਪਰ ਗੁਰੂ-ਘਰਾਂ ਪ੍ਰਤੀ ਸਾਡੀ ਅਣਗਹਿਲੀ ਅਜਿਹੀਆਂ ਘਟਨਾਵਾਂ ਦਾ ਕਾਰਨ ਬਣ ਰਹੀ ਹੈ। ਇਸ ਲਈ ਸਾਨੂੰ ਚੇਤੰਨ ਹੋਣਾ ਪਵੇਗਾ ਅਤੇ ਆਪੋ-ਆਪਣੇ ਪਿੰਡਾਂ ਸ਼ਹਿਰਾਂ ਦੇ ਗੁਰੂ-ਘਰਾਂ ਦੇ ਸੁਚਾਰੂ ਪ੍ਰਬੰਧਾਂ ਅਤੇ ਪਹਿਰੇਦਾਰੀ ਨੂੰ ਲਾਜ਼ਮੀ ਬਣਾਉਣਾ ਪਵੇਗਾ।