ਸ.ਰਾਮਪਾਲ ਸਿੰਘ ਬਹਿਣੀਵਾਲ ਪਾਰਟੀ ਲੀਡਰ ਹੋਣਗੇ- ਡਾ: ਰੂਪ ਸਿੰਘ

ਅੰਮ੍ਰਿਤਸਰ: 20 ਜੂਨ- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸ. ਰਾਮਪਾਲ ਸਿੰਘ ਬਹਿਣੀਵਾਲ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ੧੯੦ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ‘ਚ ਅੱਜ ੨੧ ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਜਥੇ ਦੇ ਜਨਰਲ ਪ੍ਰਬੰਧਕ ਸ੍ਰ:ਬਲਜਿੰਦਰ ਸਿੰਘ ਬੱਦੋਵਾਲ ਸੁਪਰਵਾਈਜ਼ਰ ਸ਼੍ਰੋਮਣੀ ਕਮੇਟੀ ਹੋਣਗੇ।
ਡਾ:ਰੂਪ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਤੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਵੀਜ਼ੇ ਲੱਗਣ ਲਈ ੨੭੨ ਨਾਵਾਂ ਦੀ ਸੂਚੀ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੂੰ ਭੇਜੀ ਗਈ ਸੀ, ਜਿਸ ਵਿੱਚੋਂ ੮੫ ਸ਼ਰਧਾਲੂਆਂ ਦੇ ਨਾਮ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਵੱਲੋਂ ਕੱਟ ਦਿੱਤੇ ਗਏ ਹਨ ਅਤੇ ੧੯੦ ਸ਼ਰਧਾਲੂਆਂ ਦਾ ਹੀ ਵੀਜ਼ਾ ਲੱਗਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਵੱਧ ਤੋਂ ਵੱਧ ਵੀਜ਼ੇ ਮਿਲਣੇ ਚਾਹੀਦੇ ਹਨ ਤਾਂ ਜੋ ਸੰਗਤਾਂ ਪਾਕਿਸਤਾਨ ਰਹਿ ਗਏ ਆਪਣੇ ਜਾਨ ਤੋਂ ਪਿਆਰੇ ਮੁਕੱਦਸ ਅਸਥਾਨਾਂ ਦੇ ਦਰਸ਼ਨ ਦੀਦਾਰ ਕਰ ਸਕਣ।
ਉਨ੍ਹਾਂ ਕਿਹਾ ਕਿ ਇਹ ਜਥਾ ਅੱਜ ੨੧ ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਤੋਂ ਸਵੇਰੇ ੮-੩੦ ਵਜੇ ਪੰਥਕ ਰਵਾਇਤਾਂ ਅਨੁਸਾਰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ। ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪਾਕਿਸਤਾਨ ਵਿਖੇ ੨੯ ਜੂਨ ਨੂੰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ੩੦ ਜੂਨ ਨੂੰ ਵਾਪਸ ਪਰਤ ਆਵੇਗਾ।
ਉਨ੍ਹ@ਾਂ ਕਿਹਾ ਕਿ ਇਹ ਜਥਾ ੨੨ ਜੂਨ ੨੦੧੫ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸੱਚਾ ਸੌਦਾ (ਮੰਡੀ ਚੂਹੜਕਾਨਾ ਸ਼ੇਖੂਪੁਰਾ) ਦਰਸ਼ਨ ਕਰਨ ਉਪਰੰਤ ਸ਼ਾਮ ਨੂੰ ਵਾਪਸ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਰਤ ਆਵੇਗਾ। ੨੩ ਜੂਨ ਨੂੰ ਗੁਰਦੁਆਰਾ ਸ੍ਰੀ ਨਾਨਕਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਲਈ ਰਵਾਨਾ ਹੋਵੇਗਾ ਅਤੇ ੨੬ ਜੂਨ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪੁੱਜੇਗਾ। ਉਨ੍ਹਾਂ ਕਿਹਾ ਕਿ ਵੱਖ ਵੱਖ ਇਤਿਹਾਸਕ ਅਸਥਾਨਾਂ ਦੇ ਦਰਸ਼ਨਾ ਉਪਰੰਤ ਇਹ ਜਥਾ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ੨੯ ਜੂਨ ਨੂੰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ ੩੦ ਜੂਨ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੋਂ ਵਾਪਸ ਭਾਰਤ ਪਰਤ ਆਵੇਗਾ।ਇਸ ਮੌਕੇ ਉਨ੍ਹਾਂ ਨਾਲ ਸ੍ਰ: ਜਸਪਾਲ ਸਿੰਘ ਵਧੀਕ ਸਕੱਤਰ ਯਾਤਰਾ ਵਿਭਾਗ ਵੀ ਹਾਜ਼ਰ ਸਨ।