ਅੰਮ੍ਰਿਤਸਰ : 27 ਸਤੰਬਰ (        ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਹਾਵਾ ਨੇੜੇ ਡਿਫੈਂਸ ਡਰੇਨ ਵਿਚ ਡੀ.ਏ.ਵੀ. ਪਬਲਿਕ ਸਕੂਲ ਦੀ ਬੱਸ ਡਿੱਗਣ ਕਾਰਨ ਦਰਦਨਾਕ ਹਾਸਦੇ ‘ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨੂੰ ੫੦-੫੦ ਹਜ਼ਾਰ ਰੁਪਏ ਸਹਾਇਤਾ ਵਜੋਂ ਦੇਵੇਗੀ ਅਤੇ ਉਨ੍ਹਾਂ ਦੇ ਅੰਤਿਮ ਅਰਦਾਸ ਸਮੇਂ ਲੰਗਰ ਆਦਿ ਦਾ ਪ੍ਰਬੰਧ ਕਰੇਗੀ।
ਇਥੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇ ਬੁਲਾਰੇ ਸ. ਦਿਲਜੀਤ ਸਿੰਘ ‘ਬੇਦੀ’ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁ:ਪ੍ਰ: ਕਮੇਟੀ ਨੇ ਡਰੇਨ ਹਾਦਸੇ ‘ਚ ਮਾਰੇ ਗਏ ਸਕੂਲੀ ਬੱਚਿਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰ੍ਰਗਟ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨੂੰ ੫੦-੫੦ ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵਜੋਂ ਦੇਵੇਗੀ ਅਤੇ ੨੯ ਸਤੰਬਰ ਨੂੰ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਾਏ ਜਾ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਲੰਗਰ ਅਤੇ ਟੈਂਟ ਸਮਿਆਣੇ ਆਦਿ ਦਾ ਪ੍ਰਬੰਧ ਕਰੇਗੀ। ਉਨ੍ਹਾਂ ਕਿਹਾ ਕਿ ਅੱਜ ਬੱਚਿਆਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਹਨ ਜਿਨ੍ਹਾਂ ਦਾ ਭੋਗ ਮਿਤੀ ੨੯-੦੯-੨੦੧੬ ਨੂੰ ਪਵੇਗਾ। ਉਨ੍ਹਾਂ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਬੱਚਿਆਂ ਦੇ ਅਕਾਲ ਚਲਾਣੇ ਨਾਲ ਪਿਆ ਘਾਟਾ ਪੂਰਿਆ ਨਹੀਂ ਜਾ ਸਕਦਾ। ਬੱਚਿਆਂ ਵਿਚ ਮਾਪਿਆਂ ਦੀ ਜਾਨ ਹੁੰਦੀ ਹੈ ਤੇ ਇਸ ਦੁਰਘਟਨਾ ਨੇ ਮਾਪਿਆਂ ਨੂੰ ਸਾਰੀ ਉਮਰ ਦਾ ਦੁੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਕਮੇਟੀ ਬੱਚਿਆਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ।