ਅੰਮ੍ਰਿਤਸਰ, ੯ ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਤਾਇਕਵਾਂਡੋ ਵਿਚ ਕੌਮਾਂਤਰੀ ਪੱਧਰ ‘ਤੇ ਸੋਨ ਤਗਮਾ ਜੇਤੂ ਨੌਜੁਆਨ ਗੁਰਸਿੱਖ ਖਿਡਾਰੀ ਰਵਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਅੰਤਿੰ੍ਰਗ ਕਮੇਟੀ ਦੇ ਫੈਸਲੇ ਅਨੁਸਾਰ ਸਨਮਾਨਿਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ੍ਹ ਉਦੋਂ ਕੀਤਾ ਜਦੋਂ ਉਨ੍ਹਾਂ ਨੂੰ ਮਿਲ ਕੇ ਤਾਇਕਵਾਂਡੋ ਖਿਡਾਰੀ ਰਵਿੰਦਰ ਸਿੰਘ ਨੇ ਆਪਣੀ ਖੇਡ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੂੰ ਮਿਲਣ ਸਮੇਂ ਹਲਕਾ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ ਵੀ ਮੌਜੂਦ ਸਨ। ਇਸ ਮੌਕੇ ਭਾਈ ਲੌਂਗੋਵਾਲ ਨੇ ਰਵਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ ਭੁੱਨਰਹੇੜੀ (ਪਟਿਆਲਾ) ਨਿਵਾਸੀ ਸ. ਲਖਵਿੰਦਰ ਸਿੰਘ ਦੇ ਸਪੁੱਤਰ ਰਵਿੰਦਰ ਸਿੰਘ ਨੇ ਥਾਈਲੈਂਡ ਦੇ ਬੈਂਕਾਕ ‘ਚ ਅੰਤਰਰਾਸ਼ਟਰੀ ਤਾਇਕਵਾਂਡੋ ਚੈਪੀਅਨਸ਼ਿਪ ਦੌਰਾਨ ਗੋਲਡ ਮੈਡਲ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਉਸ ਨੇ ਨੇਪਾਲ ਸਿੰਘ ਸਿਲਵਰ ਅਤੇ ਭੂਟਾਨ ਵਿਚ ਖੇਡ ਕੇ ਗੋਲਡ ਮੈਡਲ ਵੀ ਹਾਸਲ ਕੀਤਾ ਹੋਇਆ ਹੈ। ਬਾਰ੍ਹਵੀਂ ਪਾਸ ਰਵਿੰਦਰ ਸਿੰਘ ਨੇ ਕਿਹਾ ਕਿ ਅਗਲੇਰੀ ਪੜ੍ਹਾਈ ਕਰਨ ਦੇ ਨਾਲ-ਨਾਲ ਤਾਇਕਵਾਂਡੋ ਵਿਚ ਹੋਰ ਪ੍ਰਾਪਤੀਆਂ ਕਰਨਾ ਚਾਹੁੰਦਾ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਉਨ੍ਹਾਂ ਦੇ ਹਲਕੇ ਦਾ ਗੁਰਸਿੱਖ ਨੌਜੁਆਨ ਰਵਿੰਦਰ ਸਿੰਘ ਖੇਡਾਂ ਵਿਚ ਅੰਤਰਰਾਸ਼ਟਰੀ ਪ੍ਰਾਪਤੀਆਂ ਕਰ ਰਿਹਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗੁਰਸਿੱਖ ਖਿਡਾਰੀਆਂ ਨੂੰ ਸਨਮਾਨਿਤ ਕਰਨ ਦੇ ਫੈਸਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਨਾਲ ਹੋਰਨਾਂ ਗੁਰਸਿੱਖ ਨੌਜੁਆਨਾਂ ਨੂੰ ਵੀ ਪ੍ਰੇਰਣਾ ਮਿਲੇਗੀ ਅਤੇ ਉਹ ਸਿੱਖੀ ਸਰੂਪ ਵਿਚ ਰਹਿੰਦਿਆਂ ਖੇਡਾਂ ਅੰਦਰ ਵੱਡੀਆਂ ਪ੍ਰਾਪਤੀਆਂ ਕਰਨ ਲਈ ਉਤਸ਼ਾਹਿਤ ਹੋਣਗੇ।