ਸਿਖ ਰੈਫਰੈਂਸ ਲਾਇਬ੍ਰੇਰੀ ਦੀ ਨਵੀਂ ਇਮਾਰਤ ਬਣਾਈ ਜਾਵੇਗੀ –ਭਾਈ ਲੌਂਗੋਵਾਲ
ਰਾਸ਼ਟਰ ਮੰਡਲ ਖੇਡਾਂ ਦੌਰਾਨ ਡਿਸਕਸ ਥਰੋ ‘ਚ ਕਾਂਸੀ ਤਗਮਾ ਜਿੱਤਣ ਵਾਲੀ ਨਵਜੀਤ ਕੌਰ ਹੋਵੇਗੀ ਸਨਮਾਨਿਤ -ਭਾਈ ਲੌਂਗੋਵਾਲ
ਆਈ.ਏ.ਐਸ., ਆਈ.ਪੀ.ਐਸ. ਤੇ ਪੀ.ਸੀ.ਐਸ. ਪਾਸ ਕਰਨ ਵਾਲੇ ਸਾਬਤ ਸੂਰਤ ਸਿੱਖਾਂ ਨੂੰ ਦਿੱਤੇ ਜਾਣਗੇ ਵਿਸ਼ੇਸ਼ ਇਨਾਮ-ਭਾਈ ਲੌਂਗੋਵਾਲ
ਬੋਰਡ ਪ੍ਰੀਖਿਆਵਾਂ ‘ਚ ਪਹਿਲੇ ੨੦ ਸਥਾਨਾਂ ‘ਚ ਆਉਣ ਵਾਲੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ੫੧-੫੧ ਹਜ਼ਾਰ ਰੁਪਏ ਦੇਣ ਦਾ ਫੈਸਲਾ

ਤਲਵੰਡੀ ਸਾਬੋ, 20 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਇਕੱਤਰਤਾ ਦੌਰਾਨ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਸਿੱਖ ਰੈਫਰੈਂਸ ਲਾਇਬ੍ਰੇਰੀ ਦੀ ਨਵੀਂ ਇਮਾਰਤ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ, ਉਥੇ ਹੀ ਵੱਖ-ਵੱਖ ਮੁਕਾਬਲਾ ਪ੍ਰੀਖਿਆਵਾਂ ਵਿੱਚ ਚੁਣੇ ਜਾਣ ਵਾਲੇ ਸਾਬਤ ਸੂਰਤ ਸਿੱਖ ਉਮੀਦਵਾਰਾਂ ਨੂੰ ਵੀ ਵਿਸ਼ੇਸ਼ ਇਨਾਮ ਦੇਣ ਦਾ ਫੈਸਲਾ ਲਿਆ ਗਿਆ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਕਾਲਜਾਂ ‘ਚ ਪੜ੍ਹਦੇ ਅੰਮ੍ਰਿਤਧਾਰੀ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਵਿਸ਼ੇਸ਼ ਛੋਟ ਦੇਣ ਸਬੰਧੀ ਵੀ ਪ੍ਰਵਾਨਗੀ ਦਿੱਤੀ ਗਈ।
ਇਕੱਤਰਤਾ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸਿੱਖ ਰੈਫਰੈਂਸ ਲਾਇਬ੍ਰੇਰੀ ਦੀ ਨਵੀਂ ਇਮਾਰਤ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ੧੯੮੪ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਨੂੰ ਤਬਾਹ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਬਹੁਤ ਸਾਰਾ ਪੁਰਾਤਨ ਸਿੱਖ ਸਾਹਿਤ ਭਾਰਤੀ ਫ਼ੌਜ ਵੱਲੋਂ ਉਠਾ ਲਿਆ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਯਤਨਾ ਸਦਕਾ ਅੱਜ ਇਹ ਲਾਇਬ੍ਰੇਰੀ ਫਿਰ ਸਾਹਿਤਕ ਖ਼ਜ਼ਾਨੇ ਨਾਲ ਭਰਪੂਰ ਹੋ ਰਹੀ ਹੈ ਅਤੇ ਅਗਲੇ ਸਮੇਂ ਵਿਚ ਇਸ ਦੀ ਨਵੀਂ ਇਮਾਰਤ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਇਮਾਰਤ ਅੰਮ੍ਰਿਤਸਰ ਸਥਿਤ ਭਾਈ ਗੁਰਦਾਸ ਹਾਲ (ਟਾਊਨ ਹਾਲ) ਵਿਖੇ ਉਸਾਰੀ ਜਾਵੇਗੀ ਅਤੇ ਇਥੇ ਹੀ ਇਕ ਵਿਸ਼ਾਲ ਸਰਾਂ ਦਾ ਵੀ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਫੈਸਲਿਆਂ ਸਬੰਧੀ ਦੱਸਿਆ ਕਿ ਆਈ.ਏ.ਐਸ., ਆਈ.ਪੀ.ਐਸ. ਅਤੇ ਇਸ ਦੇ ਬਰਾਬਰ ਦੀਆਂ ਪ੍ਰੀਖਿਆਵਾਂ ‘ਚ ਚੁਣੇ ਜਾਣ ਵਾਲੇ ਸਾਬਤ ਸੂਰਤ ਸਿੱਖ ਉਮੀਦਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ, ਜਦਕਿ ਪੀ.ਸੀ.ਐਸ. ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਲਈ ੭੫ ਹਜ਼ਾਰ ਰੁਪਏ ਇਨਾਮ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਖੇਤੀਬਾੜੀ ਤੇ ਸਾਇੰਸ ਆਦਿ ਦੇ ਖੇਤਰ ਵਿਚ ਖੋਜ ਕਾਰਜ ਕਰਨ ਵਾਲੇ ਸਾਬਤ ਸੂਰਤ ਸਿੱਖਾਂ ਲਈ ਵੀ ਇੱਕ-ਇੱਕ ਲੱਖ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਫੈਸਲਾ ਹੋਇਆ ਹੈ। ਭਾਈ ਲੌਂਗੋਵਾਲ ਨੇ ਅੱਗੇ ਦੱਸਿਆ ਕਿ ਭਾਰਤ ਦੇ ਸਾਰੇ ਬੋਰਡਾਂ ਵਿੱਚੋਂ ਪਹਿਲੀਆਂ ੨੦ ਪੁਜੀਸ਼ਨਾਂ ਤੇ ਆਉਣ ਵਾਲੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ ਵੀ ੫੧-੫੧ ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਕਾਲਜਾਂ ‘ਚ ਪੜ੍ਹਦੇ ਅੰਮ੍ਰਿਤਧਾਰੀ ਬੱਚਿਆਂ ਦੀ ਫੀਸਾਂ ਸਬੰਧੀ ਦੱਸਿਆ ਕਿ ਅੰਮ੍ਰਿਤਧਾਰੀ ਮਾਪਿਆਂ ਦੇ ਅੰਮ੍ਰਿਤਧਾਰੀ ਬੱਚਿਆਂ ਨੂੰ ਛੇਵੀਂ ਤੋਂ ਲੈ ਕੇ ਐਮ.ਏ. ਤੱਕ ਵਿਸ਼ੇਸ਼ ਸਾਲਾਨਾ ਸਹਾਇਤਾ ਦਿੱਤੀ ਜਾਵੇਗੀ। ਇਸ ਤਹਿਤ ਛੇਵੀਂ ਤੋਂ ਦਸਵੀਂ ਤੱਕ ੩੫੦੦ ਰੁਪਏ, ਦਸਵੀਂ ਤੋਂ ਬਾਰ੍ਹਵੀਂ ਤੱਕ ੫ ਹਜ਼ਾਰ ਰੁਪਏ, ਗ੍ਰੈਜੁਏਸ਼ਨ ਲਈ ੮ ਹਜ਼ਾਰ ਰੁਪਏ ਅਤੇ ਐਮ.ਏ. ਦੇ ਵਿਦਿਆਰਥੀਆਂ ਲਈ ੧੦ ਹਜ਼ਾਰ ਰੁਪਏ ਸਾਲਾਨਾ ਦੇਣ ਦਾ ਫੈਸਲਾ ਹੋਇਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਸਟ੍ਰੇਲੀਆ ਵਿਚ ਹੋਈਆਂ ਰਾਸ਼ਟਰ ਮੰਡਲ ਖੇਡਾਂ ਦੌਰਾਨ ਐਥਲੈਟਿਕਸ ਦੇ ਡਿਸਕਸ ਥਰੋ ਮੁਕਾਬਲੇ ‘ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਨਵਜੀਤ ਕੌਰ ਨੂੰ ਸ਼੍ਰੋਮਣੀ ਕਮੇਟੀ ਵਿਸ਼ੇਸ਼ ਸਨਮਾਨ ਦੇਵੇਗੀ। ਇਸ ਤੋਂ ਇਲਾਵਾ ਤਰਨ ਤਾਰਨ ਦੇ ਪਿੰਡ ਮੁਗਲਚੱਕ ਦੀਆਂ ਇਕੇ ਪਰਿਵਾਰ ਦੀ ਤਿੰਨ ਬੱਚੀਆਂ ਰਾਜਵਿੰਦਰ ਕੌਰ, ਮਨਦੀਪ ਕੌਰ ਅਤੇ ਵੀਰਪਾਲ ਕੌਰ ਨੂੰ ਖੇਡਾਂ ਦੇ ਖੇਤਰ ਵਿਚ ਪ੍ਰਾਪਤੀਆਂ ਕਰਨ ਬਦਲੇ ਸਨਮਾਨਿਤ ਕੀਤਾ ਜਾਵੇਗਾ। ਇਸੇ ਅਨੁਸਾਰ ਸਤੰਬਰ ੨੦੧੭ ਵਿਚ ਰਾਸ਼ਟਰ ਮੰਡਲ ਖੇਡਾਂ ‘ਚ ਵੇਟ ਲਿਫਟਿੰਗ ਮੁਕਾਬਲੇ ‘ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਰਮਨਦੀਪ ਕੌਰ ਨੂੰ ਵੀ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਹੋਰ ਫੈਸਲਿਆਂ ਸਬੰਧੀ ਭਾਈ ਲੌਂਗੋਵਾਲ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁਰਾਣੀ ਸ੍ਰੀ ਗੁਰੂ ਰਾਮਦਾਸ ਸਰਾਂ ਦੀ ਜਗ੍ਹਾ ਨਵੀਂ ਸਰਾਂ ਬਣਾਈ ਜਾਵੇਗੀ ਅਤੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਅੰਮ੍ਰਿਤਸਰ ਤੋਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲੈ ਕੇ ਆਉਣ ਲਈ ਦੋ ਬੱਸਾਂ ਖ਼ਰੀਦੀਆਂ ਜਾਣਗੀਆਂ। ਭਾਈ ਲੌਂਗੋਵਾਲ ਨੇ ਇਕ ਹੋਰ ਫੈਸਲੇ ਸਬੰਧੀ ਜਾਣਕਾਰੀ ਦਿੱਤੀ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਰਾਗੀ ਭਾਈ ਅਮਰਜੀਤ ਸਿੰਘ ਝਾਂਸੀ ਜੋ ਪਿਛਲੇ ਦਿਨੀਂ ਕੀਰਤਨ ਕਰਦੇ ਸਮੇਂ ਹਾਰਟ ਅਟੈਕ ਨਾਲ ਚਲਾਣਾ ਕਰ ਗਏ ਸਨ, ਦੀ ਪਤਨੀ ਨੂੰ ੫ ਹਜ਼ਾਰ ਰੁਪਏ ਮਹੀਨਾ ੫ ਸਾਲ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਦਿੱਤੇ ਜਾਣਗੇ। ਇਸ ਤੋਂ ਇਲਾਵਾ ਭਾਈ ਝਾਂਸੀ ਦੀ ਬੇਟੀ ਨੂੰ ਯੋਗਤਾ ਅਨੁਸਾਰ ਨੌਕਰੀ ਵੀ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਭਾਈ ਝਾਂਸੀ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ੧ ਲੱਖ ੨੫ ਹਜ਼ਾਰ ਰੁਪਏ ਦੀ ਸਹਾਇਤਾ ਵੀ ਦਿੱਤੀ ਜਾ ਚੁੱਕੀ ਹੈ।
ਇਸ ਤੋਂ ਇਰਾਕ ਵਿਚ ਮਾਰੇ ਗਏ ੩੯ ਭਾਰਤੀਆਂ ਅਤੇ ਕਠੂਆ ਵਿਖੇ ਹੈਵਾਨੀ ਦਰਿੰਦਿਆਂ ਵੱਲੋਂ ਮਾਸੂਮ ਬੱਚੀ ਨਾਲ ਬਦਚਲਨੀ ਤੋਂ ਬਾਅਦ ਮਾਰਨ ਦੀ ਘਟਨਾ ਸਬੰਧੀ ਸ਼ੋਕ ਮਤੇ ਪਾਸ ਕੀਤੇ ਗਏ ਅਤੇ ਮ੍ਰਿਤਕਾਂ ਨਮਿਤ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰਾਨ ਸ. ਭਗਵੰਤ ਸਿੰਘ ਸਿਆਲਕਾ, ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਗੁਰਤੇਜ ਸਿੰਘ ਢੱਡੇ, ਸ. ਨਵਤੇਜ ਸਿੰਘ ਕਾਉਣੀ, ਸ. ਹਰਦੇਵ ਸਿੰਘ ਰੋਗਲਾ, ਸ. ਸੱਜਣ ਸਿੰਘ ਬੱਜੂਮਾਨ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਬੀਬੀ ਗੁਰਪ੍ਰੀਤ ਕੌਰ, ਸ. ਰਵਿੰਦਰ ਸਿੰਘ ਚੱਕ ਤੇ ਸ. ਅਮਰੀਕ ਸਿੰਘ ਸ਼ਾਹਪੁਰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਵਧੀਕ ਸਕੱਤਰ ਸ. ਕੇਵਲ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਬਿਜੈ ਸਿੰਘ, ਸ. ਦਰਸ਼ਨ ਸਿੰਘ ਪੀ.ਏ., ਸ. ਸੁਖਮਿੰਦਰ ਸਿੰਘ ਐਕਸੀਅਨ, ਸ. ਕਰਨ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ ਸਮੇਤ ਹੋਰ ਹਾਜ਼ਰ ਸਨ।