ਅੰਮ੍ਰਿਤਸਰ 21 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਕਬੱਡੀ ਅਕੈਡਮੀ ਦੇ ਟੀਮ ਨੇ ਗੁਰਦੁਆਰਾ ਪਲਾਹ ਸਾਹਿਬ ਜੋੜ ਮੇਲੇ ਦੌਰਾਨ ਕਰਵਾਏ ਗਏ ਕਬੱਡੀ ਮੁਕਬਾਲੇ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਜਿੱਤ ਪ੍ਰਾਪਤ ਕੀਤੀ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸਪੋਰਟਸ ਸ. ਕੇਵਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਸਾਬਤ ਸੂਰਤ ਸਿੱਖ ਖਿਡਾਰੀਆਂ ਦੀ ਕਬੱਡੀ ਟੀਮ ਨੇ ਬਾਬਾ ਬੀਰ ਸਿੰਘ ਕਬੱਡੀ ਕਲੱਬ, ਭੰਗਾਲੀ ਦੀ ਟੀਮ ਨੂੰ ੩੪-੨੩ ਨਾਲ ਹਰਾ ਕੇ ਮੁਕਾਬਲੇ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਸਿੱਖ ਨੌਜੁਆਨੀ ਦੀ ਨਰੋਈ ਸਿਹਤ ਵਾਸਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਸੁਚੱਜੀ ਸੋਚ ਸਦਕਾ ਹੀ ਸ਼੍ਰੋਮਣੀ ਕਮੇਟੀ ਅਧੀਨ ਚੱਲਦੀਆਂ ਖੇਡ ਅਕੈਡਮੀਆਂ, ਸਕੂਲਾਂ ਤੇ ਕਾਲਜਾਂ ਵੱਲੋਂ ਖੇਡਾਂ ਦੇ ਖੇਤਰ ਵਿਚ ਵਡਮੁੱਲੀਆਂ ਪ੍ਰਾਪਤੀਆਂ ਕੀਤੀਆਂ ਜਾ ਰਹੀਆਂ ਹਨ। ਸ. ਕੇਵਲ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ  ਕਮੇਟੀ ਵੱਲੋਂ ਜਿਥੇ ਕਬੱਡੀ ਅਕੈਡਮੀ ਚਲਾਈ ਜਾ ਰਹੀ ਹੈ ਉਥੇ ਹੀ ਹਾਕੀ ਨੂੰ ਪ੍ਰਫੁੱਲਿਤ ਕਰਨ ਲਈ ਤਿੰਨ ਹਾਕੀ ਅਕੈਡਮੀਆਂ ਵੀ ਚਲਾਈਆਂ ਜਾ ਰਹੀਆਂ ਹਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਅਤੇ ਸ. ਅਵਤਾਰ ਸਿੰਘ ਸੈਂਪਲਾ ਨੇ ਸ਼੍ਰੋਮਣੀ ਕਮੇਟੀ ਜੇਤੂ ਕਬੱਡੀ ਟੀਮ ਨੂੰ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਭਵਿੱਖ ਵਿਚ ਵੀ ਇਸੇ ਤਰ੍ਹਾਂ ਪ੍ਰਾਪਤੀਆਂ ਕਰਦੀ ਰਹੇ।
ਇਸ ਮੌਕੇ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਸਾਬਕਾ ਮੰਤਰੀ, ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਹਰਦਲਬੀਰ ਸਿੰਘ ਸ਼ਾਹ, ਸ. ਸੁਲੱਖਣ ਸਿੰਘ ਮੈਨੇਜਰ, ਸ. ਪਰਮਜੀਤ ਸਿੰਘ ਤੇ ਸ. ਹਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ, ਸ. ਤਜਿੰਦਰ ਸਿੰਘ ਪੱਡਾ ਇੰਚਾਰਜ ਸਪੋਰਟਸ ਆਦਿ ਹਾਜ਼ਰ ਸਨ।