ਸ਼੍ਰੋਮਣੀ ਕਮੇਟੀ ਦਾ ਹਰੇਕ ਮੁਲਾਜ਼ਮ ਪੰਥਕ ਮਰਿਯਾਦਾ ਦਾ ਵੀ ਪ੍ਰਚਾਰਕ  – ਪ੍ਰੋ: ਬਡੂੰਗਰ

ਸਿੱਖ ਕੌਮ ਅੰਦਰ ਇਕਜੁੱਟਤਾ ਬੇਹੱਦ ਜ਼ਰੂਰੀ -ਗਿਆਨੀ ਗੁਰਬਚਨ ਸਿੰਘ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ 16 ਨਵੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਗੁਰੂ-ਘਰਾਂ ਦਾ ਪ੍ਰਬੰਧ ਮਹੰਤਾਂ ਦੇ ਹੱਥਾਂ ਵਿਚੋਂ ਨਿਕਲ ਕੇ ਸੰਗਤੀ ਹੱਥਾਂ ਵਿਚ ਆਉਣ ਦਾ ਉਹ ਸਫ਼ਰ ਹੈ, ਜਿਸ ਨੂੰ ਤੈਅ ਕਰਨ ਲਈ ਸਿੱਖ ਕੌਮ ਨੂੰ ਅਨੇਕਾਂ ਸ਼ਹਾਦਤਾਂ ਦੇ ਰੂਬਰੂ ਹੋਣਾ ਪਿਆ। ਖ਼ਾਲਸਾ ਪੰਥ ਦੀ ਇਸ ਮਾਣਮੱਤੀ ਸੰਸਥਾ ਦੀ ਸਥਾਪਨਾ ਲਈ ਕੀਤਾ ਗਿਆ ਸੰਘਰਸ਼ ਜਿਥੇ ਕੌਮੀ ਜਜ਼ਬੇ ਦਾ ਪ੍ਰਤੀਕ ਹੈ, ਉਥੇ ਹੀ ਗੁਰੂ ਘਰਾਂ ਪ੍ਰਤੀ ਸੱਚੀ ਸ਼ਰਧਾ ਅਤੇ ਸਮਰਪਣ ਦੀ ਉੱਘੜਵੀਂ ਮਿਸਾਲ ਵੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਆਯੋਜਿਤ ਕੀਤੇ ਗਏ ਸਮਾਗਮ ਵਿਚ ਸੰਬੋਧਨ ਕਰਦਿਆਂ ਕੀਤਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਹੋਂਦ ਵਿਚ ਆਉਣ ਤੋਂ ਪਹਿਲਾਂ ਆਚਰਣਹੀਣ ਮਹੰਤਾਂ ਵੱਲੋਂ ਗੁਰੂ ਘਰਾਂ ਅੰਦਰ ਕੀਤੀਆਂ ਜਾਂਦੀਆਂ ਮਨ-ਮਾਨੀਆਂ ਦੇ ਖ਼ਾਤਮੇ ਲਈ ‘ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ’ ਤਹਿਤ ਸਿੱਖਾਂ ਨੇ ਕਰੜਾ ਸੰਘਰਸ਼ ਕੀਤਾ ਜਿਸ ਵਿੱਚੋਂ ਮਹਾਨ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਮ ਹੋਇਆ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਦੀ ਇਸ ਇਤਿਹਾਸਕ ਸੰਸਥਾ ਨੇ ਕੌਮ ਨੂੰ ਸੰਗਠਤ ਕਰਨ ਲਈ ਅਹਿਮ ਰੋਲ ਨਿਭਾਇਆ। ਉਨ੍ਹਾਂ ਕਿਹਾ ਕਿ ਬੇਸ਼ੱਕ ਇਸ ਦੀ ਹੋਂਦ ਹਸਤੀ ਨੂੰ ਖ਼ਤਮ ਕਰਨ ਅਤੇ ਇਸ ਉੱਤੇ ਕਬਜ਼ਾ ਕਰਨ ਦੀ ਨੀਅਤ ਨਾਲ ਵੱਖ-ਵੱਖ ਸਮੇਂ ਪੰਥ ਵਿਰੋਧੀ ਸ਼ਕਤੀਆਂ ਨੇ ਹਮਲੇ ਕੀਤੇ, ਲੇਕਿਨ ਸਿੱਖ ਕੌਮ ਨੇ ਹਰ ਤਰ੍ਹਾਂ ਦੇ ਹਮਲਿਆਂ ਦਾ ਦ੍ਰਿੜ੍ਹਤਾ ਅਤੇ ਦਲ੍ਹੇਰੀ ਨਾਲ ਮੁਕਾਬਲਾ ਕਰਦਿਆਂ ਇਸ ਦੀ ਸ਼ਾਨ ਨੂੰ ਕਾਇਮ ਰੱਖਿਆ। ਪ੍ਰੋ. ਬਡੂੰਗਰ ਨੇ ਸ਼੍ਰੋਮਣੀ ਕਮੇਟੀ ਦੇ ਦਰਜਾ-ਬ-ਦਰਜਾ ਮੁਲਾਜ਼ਮਾਂ ਦੇ ਕਾਰਜਾਂ ਸਬੰਧੀ ਜ਼ਿਕਰ ਕਰਦਿਆਂ ਕਿਹਾ ਕਿ ਇਸ ਦਾ ਹਰ ਮੁਲਾਜ਼ਮ ਆਪੋ-ਆਪਣੇ ਜ਼ਿੰਮੇ ਲੱਗੀ ਸੇਵਾ ਦੇ ਨਾਲ-ਨਾਲ ਪੰਥਕ ਮਰਿਯਾਦਾ ਦਾ ਪ੍ਰਚਾਰਕ ਵੀ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਸੰਸਥਾ ਦੀਆਂ ਪ੍ਰੰਪਰਾਵਾਂ-ਰਵਾਇਤਾਂ ਨੂੰ ਕਾਇਮ ਰੱਖਣ ਲਈ ਇਕਜੁੱਟਤਾ ਨਾਲ ਸੇਵਾ ਨਿਭਾਉਣ ਦੀ ਪ੍ਰੇਰਣਾ ਵੀ ਕੀਤੀ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦੇ ਉਦੇਸ਼, ਇਤਿਹਾਸ, ਭੂਮਿਕਾ ਅਤੇ ਵਰਤਮਾਨ ਸਥਿਤੀ ਸਬੰਧੀ ਵਿਚਾਰ ਸਾਂਝੇ ਕਰਦਿਆਂ ਇਸ ਦੇ ਸਥਾਪਨਾ ਦਿਵਸ ਦੀ ਸਮੁੱਚੇ ਖ਼ਾਲਸਾ ਪੰਥ ਨੂੰ ਵਧਾਈ ਦਿੱਤੀ। ਉਨ੍ਹਾਂ ਇਸ ਗੱਲ ਦੀ ਵੀ ਪ੍ਰਸ਼ੰਸਾ ਕੀਤੀ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਸਿਧਾਂਤਾਂ ਦੀ ਰੌਸ਼ਨੀ ਵਿਚ ਸਿੱਖ ਕੌਮ ਅੰਦਰ ਇਕਜੁੱਟਤਾ ਬੇਹੱਦ ਜ਼ਰੂਰੀ ਹੈ ਅਤੇ ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਡੀ ਭੂਮਿਕਾ ਨਿਭਾਅ ਰਹੀ ਹੈ। ਸਿੰਘ ਸਾਹਿਬ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਨਿਭਾਈਆਂ ਜਾ ਰਹੀਆਂ ਪੰਥਕ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਿਥੇ ਸਟੇਜ ਸੰਚਾਲਕ ਦੀ ਸੇਵਾ ਨਿਭਾਈ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਪਨਾ ਤੋਂ ਲੈ ਕੇ ਹੁਣ ਤੱਕ ਦੇ ਕਾਰਜਾਂ ਸਬੰਧੀ ਜ਼ਿਕਰ ਕਰਦਿਆਂ ਸੰਸਥਾ ਵੱਲੋਂ ਧਰਮ ਪ੍ਰਚਾਰ, ਸਿਹਤ, ਸਿੱਖਿਆ ਅਤੇ ਮਨੁੱਖਤਾ ਦੀ ਭਲਾਈ ਲਈ ਨਿਭਾਈਆਂ ਸੇਵਾਵਾਂ ਤੋਂ ਜਾਣੂੰ ਕਰਵਾਇਆ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਾਜ਼ਰ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਿਰੋਪਾਓ ਬਖ਼ਸ਼ਿਸ਼ ਕੀਤੇ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਤਰਲੋਚਨ ਸਿੰਘ, ਸਾਬਕਾ ਮੈਨੇਜਰ ਸ. ਰਮਿੰਦਰਬੀਰ ਸਿੰਘ ਅਤੇ ਸਾਬਕਾ ਸੇਵਾਦਾਰ ਭਾਈ ਕਿਰਪਾਲ ਸਿੰਘ ਨੂੰ ਲੋਈ, ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਕੁਲਦੀਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਾਵਨ ਹੁਕਮਨਾਮਾ ਸਰਵਣ ਕਰਵਾਇਆ। ਇਸੇ ਦੌਰਾਨ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਹਰ ਸਾਲ ਦੀ ਤਰ੍ਹਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ ਤੇ ਸ. ਜੈਪਾਲ ਸਿੰਘ ਮੰਡੀਆ, ਮੈਂਬਰ ਸ਼੍ਰੋਮਣੀ ਕਮੇਟੀ ਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਥੇਦਾਰ ਤੋਤਾ ਸਿੰਘ, ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਰਜਿੰਦਰ ਸਿੰਘ ਮਹਿਤਾ, ਸ. ਅਜਾਇਬ ਸਿੰਘ ਅਭਿਆਸੀ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਹਰਪਾਲ ਸਿੰਘ ਜੱਲਾ, ਸ. ਸੁਖਦੇਵ ਸਿੰਘ ਬਾਠ ਤੇ ਸ. ਅਵਤਾਰ ਸਿੰਘ ਵਣਵਾਲਾ, ਸ. ਕਸ਼ਮੀਰ ਸਿੰਘ ਬਰਿਆਰ ਸਾਬਕਾ ਮੈਂਬਰ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਪ੍ਰਤਾਪ ਸਿੰਘ ਤੇ ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ‘ਰਮਦਾਸ’, ਸ. ਜਗਜੀਤ ਸਿੰਘ ਜੱਗੀ, ਸ. ਸਕੱਤਰ ਸਿੰਘ, ਸ. ਹਰਿੰਦਰਪਾਲ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਹਰਜਿੰਦਰ ਸਿੰਘ, ਸ. ਸਤਿੰਦਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ ਤੇ ਸ. ਚਾਨਣ ਸਿੰਘ, ਸ. ਭਗਵੰਤ ਸਿੰਘ ਧੰਗੇੜਾ ਨਿੱੱਜੀ ਸਹਾਇਕ, ਸ. ਸੁਲੱਖਣ ਸਿੰਘ ਭੰਗਾਲੀ ਤੇ ਸ. ਗੁਰਿੰਦਰ ਸਿੰਘ ਮੈਨੇਜਰ, ਸ. ਸਤਬੀਰ ਸਿੰਘ ਤੇ ਸ. ਜੋਗਿੰਦਰ ਸਿੰਘ ਸਾਬਕਾ ਸਕੱਤਰ, ਸ. ਕੁਲਦੀਪ ਸਿੰਘ ਬਾਵਾ ਸਾਬਕਾ ਐਡੀਸ਼ਨਲ ਸਕੱਤਰ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਸ/ਸੁਪ੍ਰਿੰਟੈਂਡੈਂਟ, ਰਾਗੀ ਭਾਈ ਜਸਵੰਤ ਸਿੰਘ, ਭਾਈ ਰਵਿੰਦਰ ਸਿੰਘ ਤੇ ਭਾਈ ਮਨਜੀਤ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦਾ ਸਟਾਫ਼ ਹਾਜ਼ਰ ਸੀ।