ਅੰਮ੍ਰਿਤਸਰ 18 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਤੇ ਫਲਾਇੰਗ ਵਿਭਾਗ ਦੇ ਮੀਤ ਸਕੱਤਰ ਸ. ਸਕੱਤਰ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਤੋਂ ਛਪਦੇ ਪੰਜਾਬੀ ਅਖ਼ਬਾਰ ਸਪੋਕਸਮੈਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਸਬੰਧੀ ਛਾਪੀ ਖਬਰ ਕਿ ਪਾਰਦਰਸ਼ੀ ਪ੍ਰਬੰਧਾਂ ਦੇ ਦਾਅਵੇ ਖੋਖਲੇ ਹਨ ਬੇਹੱਦ ਮੰਦਭਾਗੀ ਤੇ ਸਿੱਖ ਸੰਗਤਾਂ ਨੂੰ ਗੁੰਮਰਾਹ ਕਰਨ ਵਾਲੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਦੋਵਾਂ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਮੁੱਚਾ ਪ੍ਰਬੰਧ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਨਿਗਰਾਨੀ ਹੇਠ ਹੀ ਹੈ ਜੇਕਰ ਕੋਈ ਮੁਲਾਜ਼ਮ ਗਲਤ ਕੰਮ ਕਰਦਾ ਹੈ ਤਾਂ ਉਸ ਨੂੰ ਤੁਰੰਤ ਪਕੜ ਕੇ ਇਸ ਦੀ ਸੂਚਨਾ ਪ੍ਰਧਾਨ ਸਾਹਿਬ ਨੂੰ ਦਿੱਤੀ ਜਾਂਦੀ ਹੈ।ਉਨ੍ਹਾਂ ਵੱਲੋਂ ਮਿਲੇ ਆਦੇਸ਼ਾਂ ਮੁਤਾਬਕ ਹੀ ਦੋਸ਼ੀ ਵਿਅਕਤੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਸਾਹਿਬ ਜਥੇਦਾਰ ਅਵਤਾਰ ਸਿੰਘ ਨੇ ਪ੍ਰਬੰਧਕੀ ਮਾਮਲੇ ‘ਚ ਹਰੇਕ ਦੋਸ਼ੀ ਨੂੰ ਬਣਦੀ ਸਜ਼ਾ ਦਿੱਤੀ ਹੈ।ਇਮਾਨਦਾਰੀ ਤੇ ਨੇਕ ਨੀਯਤ ਨਾਲ ਗੁਰੂ-ਘਰ ਨੂੰ ਸਮਰਪਿਤ ਹੋ ਕੇ ਕੰਮ ਕਰਨ ਵਾਲੇ ਹਰੇਕ ਕਰਮਚਾਰੀ, ਅਧਿਕਾਰੀ ਨੂੰ ਬਣਦਾ ਮਾਣ ਸਤਿਕਾਰ ਵੀ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਮਿਲੀ ਸੂਚਨਾ ਦੇ ਆਧਾਰ ‘ਤੇ ਪ੍ਰਧਾਨ ਸਾਹਿਬ ਦੇ ਆਦੇਸ਼ ਲੈ ਕੇ ਹੀ ਲੰਗਰ ਸ੍ਰੀ ਗੁਰੂ ਰਾਮਦਾਸ ਤੋਂ ਰਸਦਾਂ ਅਗਾਂਹ ਪਿਛਾਹ ਕਰਨ ਵਾਲੇ ੭ ਮੁਲਾਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ ਤੇ ਇਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਮੁਅੱਤਲ/ਫਾਰਗ ਕਰ ਦਿੱਤਾ ਗਿਆ ਹੈ।ਅੱਗੋਂ ਵੀ ਜੇਕਰ ਕੋਈ ਮੁਲਾਜ਼ਮ ਗਲਤੀ ਕਰੇਗਾ ਤਾਂ ਬਖ਼ਸ਼ਿਆ ਨਹੀਂ ਜਾਵੇਗਾ।ਉਨ੍ਹਾਂ ਕਿਹਾ ਕਿ ਪੱਤਰਕਾਰਤਾ ਲੋਕਤੰਤਰ ਦਾ ਚੌਥਾ ਥੰਮ ਹੈ।ਇਸ ਲਈ ਪੂਰੀ ਜ਼ਿੰਮੇਵਾਰੀ ਤਹਿਤ ਸਹੀ ਖਬਰ ਹੀ ਲੋਕਾਂ ਤੀਕ ਪੁੱਜਦੀ ਕਰਨੀ ਚਾਹੀਦੀ ਹੈ ਤਾਂ ਕਿ ਅਖ਼ਬਾਰ ਪ੍ਰਤੀ ਲੋਕਾਂ ਦਾ ਵਿਸ਼ਵਾਸ਼ ਬਣਿਆ ਰਹਿ ਸਕੇ।