ਇੰਚਾਰਜ ਪੱਧਰ ਦੇ ਮੁਲਾਜ਼ਮਾਂ ਨਾਲ ਕੀਤੀ ਸਮੀਖਿਆ ਮੀਟਿੰਗ

ਅੰਮ੍ਰਿਤਸਰ, ੨੪ ਜੂਨ-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਾਰਮਿਕ ਸੰਸਥਾ ਹੋਣ ਕਾਰਨ ਇਸ ਦੇ ਮੁਲਾਜ਼ਮਾਂ ਦਾ ਵਿਹਾਰ ਆਮ ਨਾਲੋਂ ਵੱਖਰਾ ਅਤੇ ਸਤਿਕਾਰ ਵਾਲਾ ਹੋਣਾ ਜ਼ਰੂਰੀ ਹੈ ਅਤੇ ਆਪਣੇ ਜ਼ਿੰਮੇ ਲੱਗੇ ਕੰਮ ਨੂੰ ਸਮੇਂ ਸਿਰ ਕਰਨ ਦੇ ਨਾਲ-ਨਾਲ ਕਾਰਜਸ਼ੈਲੀ ਵਿਚ ਪਾਰਦਰਸ਼ਤਾ ਵੀ ਅਵੱਸ਼ਕ ਹੈ। ਇਹ ਸ਼ਬਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵੱਖ-ਵੱਖ ਵਿਭਾਗਾਂ ਦੇ ਇੰਚਾਰਜ ਪੱਧਰ ਦੇ ਮੁਲਾਜ਼ਮਾਂ ਦੀ ਉਚੇਚੇ ਤੌਰ ‘ਤੇ ਸੱਦੀ ਮੀਟਿੰਗ ਮੌਕੇ ਪ੍ਰਗਟਾਏ। ਉਨ੍ਹਾਂ ਆਖਿਆ ਕਿ ਸੇਵਾ ਨਿਭਾਉਂਦਿਆਂ ਇਮਾਨਦਾਰੀ, ਸੁਹਿਰਦਤਾ, ਦ੍ਰਿੜ੍ਹਤਾ ਅਤੇ ਹਲੇਮੀ ਦਾ ਸੁਮੇਲ ਹੀ ਚੰਗੇ ਨਤੀਜੇ ਦੇ ਸਕਦਾ ਹੈ, ਜਦਕਿ ਥੋੜ੍ਹੀ ਜਿਹੀ ਵੀ ਲਾਪ੍ਰਵਾਹੀ ਸਮੁੱਚੀ ਵਿਵਸਥਾ ਨੂੰ ਸਵਾਲਾਂ ਦੇ ਘੇਰੇ ਵਿਚ ਲੈ ਆਉਂਦੀ ਹੈ। ਇਸ ਲਈ ਆਪੋ-ਆਪਣੀ ਜ਼ਿੰਮੇਵਾਰੀ ਸੰਜੀਦਗੀ ਨਾਲ ਨਿਭਾਈ ਜਾਵੇ।
ਮੀਟਿੰਗ ਦੌਰਾਨ ਪ੍ਰੋ. ਬਡੂੰਗਰ ਨੇ ਸ਼੍ਰੋਮਣੀ ਕਮੇਟੀ ਦੇ ਸਾਰੇ ਵਿਭਾਗਾਂ ਦੇ ਕੰਮ-ਕਾਰ ਦੀ ਸਮੀਖਿਆ ਕਰਦਿਆਂ ਵਿਭਾਗਾਂ ਦੀ ਕਾਰਜਸ਼ੈਲੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਖ਼ਾਮੀਆਂ, ਤੁਰੱਟੀਆਂ ਦੂਰ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬਿਹਤਰ ਵਿਵਸਥਾ ਲਈ ਇੰਚਾਰਜਾਂ ਨੂੰ ਆਪਣੇ ਜੂਨੀਅਰ ਕਰਮੀਆਂ ਨਾਲ ਤਾਲਮੇਲ ਬਣਾ ਕੇ ਰੱਖਣ ਦੀ ਵੀ ਪ੍ਰੇਰਨਾ ਕੀਤੀ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਫ਼ਾਈਲਾਂ ਸਮੇਂ ਸਿਰ ਅੱਗੇ ਤੋਰੀਆਂ ਜਾਣ ਤਾਂ ਜੋ ਕੰਮ ਵਿਚ ਖੜੋਤ ਨਾ ਆਵੇ।
ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਮੈਂਬਰ ਸ਼੍ਰੋਮਣੀ ਕਮੇਟੀ ਸ. ਗੁਰਪ੍ਰੀਤ ਸਿੰਘ ਝੱਬਰ, ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਅਵਤਾਰ ਸਿੰਘ ਸੈਂਪਲਾ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਐਡੀ: ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਸਿਮਰਜੀਤ ਸਿੰਘ ਮੀਤ ਸਕੱਤਰ, ਪ੍ਰਿੰ. ਸਤਵੰਤ ਕੌਰ ਸਹਾਇਕ ਡਾਇਰੈਕਟਰ ਸਕੂਲਜ਼, ਸ. ਭਗਵੰਤ ਸਿੰਘ ਨਿੱਜੀ ਸਹਾਇਕ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ ਸਮੇਤ ਵੱਖ-ਵੱਖ ਵਿਭਾਗਾਂ ਦੇ ਇੰਚਾਰਜ ਹਾਜ਼ਰ ਸਨ।