ਅੰਮ੍ਰਿਤਸਰ, 16 ਜਨਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਸਕੂਲਾਂ ਦੀਆਂ ਤਿੰਨ ਰੋਜ਼ਾ ਖ਼ਾਲਸਾਈ ਖੇਡਾਂ ਭਲਕੇ 17 ਜਨਵਰੀ ਤੋਂ ਆਰੰਭ ਹੋਣਗੀਆਂ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਅਨੁਸਾਰ ਇਹ ਖ਼ਾਲਸਾਈ ਖੇਡਾਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਬਠਿੰਡਾ ਦੇ ਖੇਡ ਮੈਦਾਨ ਵਿਖੇ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਸਕੂਲਾਂ ਕਾਲਜਾਂ ਦੀਆਂ ਖ਼ਾਲਸਾਈ ਖੇਡਾਂ ਹਰ ਸਾਲ ਕਰਵਾਈਆਂ ਜਾਂਦੀਆਂ ਹਨ ਅਤੇ ਇਸ ਵਾਰ ਕਾਲਜਾਂ ਦੀਆਂ ਖੇਡਾਂ ਪਹਿਲਾਂ ਕਰਵਾਈਆਂ ਜਾ ਚੁੱਕੀਆਂ ਹਨ। ਸ. ਸੈਂਪਲਾ ਨੇ ਦੱਸਿਆ ਕਿ ਸਕੂਲਾਂ ਦੀਆਂ ਖ਼ਾਲਸਾਈ ਖੇਡਾਂ 17 ਜਨਵਰੀ ਤੋਂ 19 ਜਨਵਰੀ ਤੱਕ ਤਲਵੰਡੀ ਸਾਬੋ ਵਿਖੇ ਹੋਣਗੀਆਂ, ਜਿਸ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀਆਂ ਤਿਆਰੀ ਮੁਕੰਮਲ ਕਰ ਲਈਆਂ ਗਈਆਂ ਹਨ।