ਅੰਮ੍ਰਿਤਸਰ, 15 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਭਲਕੇ ੧੬ ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਹੋਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਨਵੰਬਰ ੧੯੨੦ ਵਿਚ ਹੋਂਦ ਵਿਚ ਆਈ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਸ ਦੇ ਸਥਾਪਨਾ ਦਿਵਸ ਮੌਕੇ ਭਲਕੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਮਜ਼ਾਂ ਵੱਲੋਂ ਵਿਸ਼ੇਸ਼ ਸਮਾਗਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਮਾਗਮ ਦੌਰਾਨ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਚਾਰਾਂ ਸਾਂਝੀਆਂ ਕਰਨਗੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਸਹਿਬਾਨ ਵੀ ਵਿਸ਼ੇਸ਼ ਤੌਰ ‘ਤੇ ਪਹੁੰਚਣਗੇ। ਸ. ਬੇਦੀ ਅਨੁਸਾਰ ਇਸ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਤਿੰਨ ਸਾਬਕਾ ਮੁਲਾਜ਼ਮਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਸਨਮਾਨਿਤ ਕੀਤੇ ਜਾਣ ਵਾਲੇ ਇਨ੍ਹਾਂ ਮੁਲਾਜ਼ਮਾਂ ਵਿਚ ਸਾਬਕਾ ਮੀਤ ਸਕੱਤਰ ਸ. ਗੁਬਬਚਨ ਸਿੰਘ ਚਾਂਦ, ਸਾਬਕਾ ਮੈਨੇਜਰ ਸ. ਦਿਆਲ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਸੇਵਾਦਾਰ ਸ. ਸਵਰਨ ਸਿੰਘ ਦੇ ਨਾਂ ਸ਼ਾਮਲ ਹਨ।