ਅੰਮ੍ਰਿਤਸਰ, ੧੩ ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇਥੋਂ ਜਾਰੀ ਇੱਕ ਬਿਆਨ ਵਿਚ ਕਿਹਾ ਕਿ ਜੂਨ ੧੯੮੪ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਫੌਜੀ ਹਮਲੇ ਦੌਰਾਨ ਰੋਸ ਵਜੋਂ ਆਪਣੀਆਂ ਬੈਰਕਾਂ ਛੱਡਣ ਵਾਲੇ ਧਰਮੀ ਫੌਜੀਆਂ ਦੀ ਹਰ ਤਰ੍ਹਾਂ ਸਹਾਇਤਾ ਅਤੇ ਮਦਦ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਨ੍ਹਾਂ ਧਰਮੀ ਫੌਜੀਆਂ ਨੂੰ ਨੌਕਰੀਆਂ ਅਤੇ ਸਹਾਇਤਾ ਦਿੱਤੀ ਗਈ ਹੈ। ਜਿਨ੍ਹਾਂ ਧਰਮੀ ਫੌਜੀਆਂ ਨੂੰ ਸਰਕਾਰੀ ਨੌਕਰੀਆਂ ਪ੍ਰਾਪਤ ਨਹੀਂ ਸਨ ਹੋ ਸਕੀਆਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਨੌਕਰੀਆਂ ਦਿੱਤੀਆਂ ਗਈਆਂ ਉਨ੍ਹਾਂ ਦੀ ਗਿਣਤੀ ੧੦੦ ਤੋਂ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਧਰਮੀ ਫੌਜੀ ਲੰਮੀ ਸੇਵਾ ਤੋਂ ਬਾਅਦ ਸੇਵਾਮੁਕਤ ਵੀ ਹੋ ਚੁੱਕੇ ਹਨ। ਪਰ ਕੁਝ ਲੋਕਾਂ ਵੱਲੋਂ ਮਿਲੀਆਂ ਸਹੂਲਤਾਂ ਤੇ ਸਹਾਇਤਾ ਨੂੰ ਦਰਕਿਨਾਰ ਕਰਕੇ ਕੀਤੀ ਬਿਆਨਬਾਜ਼ੀ ਸ਼ੋਭਾ ਨਹੀਂ ਦਿੰਦੀ। ਪ੍ਰੋ: ਬਡੂੰਗਰ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਯਤਨ ਕੀਤਾ ਹੈ ਕਿ ਕੌਮ ਦੀ ਖਾਤਰ ਸੰਘਰਸ਼ ਕਰਨ ਵਾਲੇ ਲੋਕਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ। ਇਸੇ ਤਹਿਤ ਹੀ ਧਰਮੀ ਫੌਜੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਵਿਚਾਰ ਕੇ ਉਨ੍ਹਾਂ ਦਾ ਸਰਲੀਕਰਨ ਕਰਨ ਦਾ ਯਤਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਧਰਮੀ ਫੌਜੀਆਂ ਵੱਲੋਂ ਰੱਖੀਆਂ ਗਈਆਂ ਮੰਗਾਂ ਅਤੇ ਦਿੱਤੀ ਗਈ ਸਹਿਮਤੀ ਅਨੁਸਾਰ ਧਰਮੀ ਫੌਜੀਆਂ ਦੇ ਬੱਚਿਆਂ ਨੂੰ ਅੱਗੇ ਤੋਂ ਸ਼੍ਰੋਮਣੀ ਕਮੇਟੀ ਵਿਚ ਨੌਕਰੀ ਲਈ ਆਰਜੀ ਦੀ ਥਾਂ ਬਿਲਮੁਕਤਾ ਤੌਰ ‘ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ, ਜਿਸਨੂੰ ਹੋਣ ਵਾਲੇ ਇਜਲਾਸ ਵਿਚ ਪ੍ਰਵਾਨਗੀ ਦੇ ਕੇ ਪੱਕੇ ਤੌਰ ‘ਤੇ ਲਾਗੂ ਕਰ ਦਿੱਤਾ ਜਾਵੇਗਾ। ਇਥੇ ਹੀ ਬਸ ਨਹੀਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅੰਮ੍ਰਿਤਸਰ ਵਿਖੇ ਧਰਮੀ ਫੌਜੀਆਂ ਦੀ ਯਾਦਗਾਰ ਬਣਾਉਣ ਦਾ ਵੀ ਫੈਸਲਾ ਕੀਤਾ ਜਾ ਚੁੱਕਾ ਹੈ। ਇਸ ਕਾਰਜ ਲਈ ਧਰਮੀ ਫੌਜੀਆਂ ਨਾਲ ਸਲਾਹ ਮਸ਼ਵਰਾ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਸਥਾਨ ਨਿਰਧਾਰਤ ਕਰਕੇ ਢੁਕਵੀਂ ਯਾਦਗਾਰ ਸਥਾਪਤ ਕਰਨ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਪ੍ਰੋ: ਬਡੂੰਗਰ ਨੇ ਅੱਗੇ ਕਿਹਾ ਕਿ ਸਮੁੱਚੇ ਧਰਮੀ ਫੌਜੀਆਂ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕ ਵਿਸ਼ੇਸ਼ ਸਮਾਗਮ ਕਰ ਕੇ ਸਨਮਾਨਿਤ ਕਰਨ ਲਈ ਵੀ ਯਤਨ ਜਾਰੀ ਹਨ ਅਤੇ ਇਸ ਸਬੰਧ ਵਿਚ ਧਰਮੀ ਫੌਜੀਆਂ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਦਿੱਤੇ ਗਏ ਸੁਝਾਅ ਅਨੁਸਾਰ ਸਬੰਧਤਾਂ ਦੀ ਜਾਣਕਾਰੀ ਇਕੱਤਰ ਕਰਨ ਲਈ ਫਾਰਮ ਵੰਡੇ ਗਏ ਸਨ, ਜੋ ਅਜੇ ਤੀਕ ਦਫਤਰ ਵਿਖੇ ਵਪਾਸ ਪ੍ਰਾਪਤ ਨਹੀਂ ਹੋਏ। ਦੂਸਰੇ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਧਰਮੀ ਫੌਜੀਆਂ ਨੂੰ ਦਿੱਤੀ ਜਾਂਦੀ ਮਾਲੀ ਸਹਾਇਤਾ ਬਾਰੇ ਪ੍ਰੋ: ਬਡੂੰਗਰ ਨੇ ਕਿਹਾ ਕਿ ਹੁਣ ਤੀਕ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਨੂੰ ੮ ਕਰੋੜ ਤੋਂ ਵੱਧ ਸਹਾਇਤਾ ਦਿੱਤੀ ਜਾ ਚੁੱਕੀ ਹੈ ਅਤੇ ਇਹ ਇਸੇ ਤਰ੍ਹਾਂ ਅੱਗੋਂ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜਨਰਲ ਕੋਰਟ ਮਾਰਸ਼ਲ ਵਾਲੇ ਧਰਮੀ ਫੌਜੀਆਂ ਨੂੰ ਵੀ ੫੦-੫੦ ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਸਬੰਧੀ ਆਉਣ ਵਾਲੇ ਬਜਟ ਇਜਲਾਸ ਵਿਚ ਰਾਸ਼ੀ ਰੱਖ ਕੇ ਸਬੰਧਤਾਂ ਨੂੰ ਜਾਰੀ ਕੀਤੀ ਜਾਵੇਗੀ।
ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਧਰਮੀ ਫੌਜੀਆਂ ਨੂੰ ਅਪੀਲ ਕੀਤੀ ਕਿ ਉਹ ਮੀਡੀਆ ਰਾਹੀਂ ਬਿਆਨਬਾਜ਼ੀ ਨਾ ਕਰਨ ਸਗੋਂ ਆਪਣੀ ਕੁਰਬਾਨੀ ਦੇ ਵਡੱਪਣ ਨੂੰ ਮੁੱਖ ਰੱਖਦਿਆਂ ਆਪਣੀ ਗੱਲ ਸਿੱਧਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਜਾਂ ਮੇਰੇ ਤਕ ਪਹੁੰਚਾਉਣ। ਉਨ੍ਹਾਂ ਇਕ ਵਾਰ ਫਿਰ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਹੈ ਅਤੇ ਇਹ ਕੌਮ ਲਈ ਕੁਰਬਾਨੀ ਕਰਨ ਵਾਲਿਆਂ ਦੇ ਹਮੇਸ਼ਾ ਨਾਲ ਖੜ੍ਹੇਗੀ।