ਹੁਣ ਸ਼ਰਧਾਲੂ ੨੦ ਅਗਸਤ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ

ਅੰਮ੍ਰਿਤਸਰ, 06 ਅਗਸਤ- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਨਵੰਬਰ ੨੦੧੮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਹੱਦ ਵਧਾ ਦਿੱਤੀ ਗਈ ਹੈ। ਹੁਣ ਸ਼ਰਧਾਲੂ ੨੦ ਅਗਸਤ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਪਹਿਲਾਂ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ ੬ ਅਗਸਤ ਤੱਕ ਸੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਮੀਡੀਆ ਨੂੰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਪਾਸੋਂ ਪਹਿਲਾਂ ੦੬ ਅਗਸਤ ੨੦੧੮ ਤੀਕ ਪਾਸਪੋਰਟ ਮੰਗੇ ਗਏ ਸਨ ਪਰ ਹੁਣ ਸ਼ਰਧਾਲੂ ੨੦ ਅਗਸਤ ੨੦੧੮ ਤੀਕ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨ ਕਰਨ ਵਾਲੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਸ. ਬੇਦੀ ਨੇ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ।