ਪੰਜਾਬ ਸਰਕਾਰ ਕਿਸੇ ਸਾਜ਼ਿਸ਼ ਤਹਿਤ ਸਿੱਖ ਇਤਿਹਾਸ ਨੂੰ ਬਦਲਣ ਦਾ ਯਤਨ ਕਰ ਰਹੀ ਹੈ -ਭਾਈ ਲੌਂਗੋਵਾਲ

ਅੰਮ੍ਰਿਤਸਰ, 23 ਅਕਤੂਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਗਿਆਰ੍ਹਵੀਂ ਤੇ ਬਾਰ੍ਹਵੀਂ ਦਾ ਸਿਲੇਬਸ ਤਿਆਰ ਕਰਨ ਲਈ ਬਣਾਈ ਕਮੇਟੀ ਵਿੱਚੋਂ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਵਾਪਸ ਲੈਣ ਦਾ ਐਲਾਨ ਕੀਤਾ ਹੈ। ਭਾਈ ਲੌਂਗੋਵਾਲ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਉਕਤ ਸਿਲੇਬਸ ਦੇ ਜਾਰੀ ਕੀਤੇ ਜਾ ਰਹੇ ਹਰ ਚੈਪਟਰ ਵਿਚ ਸਿੱਖ ਇਤਿਹਾਸ ਸਬੰਧੀ ਗਲਤੀਆਂ ਦੀ ਭਰਮਾਰ ਹੈ ਅਤੇ ਦੁੱਖ ਦੀ ਗੱਲ ਹੈ ਕਿ ਸਿਲੇਬਸ ਕਮੇਟੀ ਵਿੱਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਵੱਲੋਂ ਮੀਟਿੰਗਾਂ ਦੌਰਾਨ ਸਿਲੇਬਸ ਕਮੇਟੀ ਦੇ ਚੇਅਰਮੈਨ ਨੂੰ ਬਾਰ-ਬਾਰ ਸੂਚਿਤ ਕਰਨ ਦੇ ਬਾਵਜੂਦ ਵੀ ਗਲਤੀਆਂ ਸੁਧਾਰੀਆਂ ਨਹੀਂ ਜਾ ਰਹੀਆਂ।
ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਿੱਖ ਇਤਿਹਾਸ ਦੀਆਂ ਗਲਤੀਆਂ ਨੂੰ ਸਿਲੇਬਸ ਦੇ ਚੈਪਟਰਾਂ ਵਿੱਚੋਂ ਸੁਧਾਰਿਆ ਨਾ ਗਿਆ ਤਾਂ ਸ਼੍ਰੋਮਣੀ ਕਮੇਟੀ ਕਾਨੂੰਨੀ ਕਾਰਵਾਈ ਕਰੇਗੀ। ਭਾਈ ਲੌਂਗੋਵਾਲ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਵਾਲੀ ਸਰਕਾਰ ਦੀ ਚਾਲ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਜੇਕਰ ਲੋੜ ਪਈ ਤਾਂ ਕਰੜਾ ਸੰਘਰਸ਼ ਵੀ ਵਿੱਢਿਆ ਜਾ ਸਕਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੂੰ ਸਿਲੇਬਸ ਤਿਆਰ ਕਰਨ ਤੋਂ ਬਾਅਦ ਬਣਾਏ ਗਏ ਇਤਿਹਾਸ ਨਾਲ ਸਬੰਧਤ ਚੈਪਟਰ ਦਿਖਾਏ ਨਹੀਂ ਗਏ ਅਤੇ ਉਨ੍ਹਾਂ ਵਿਚ ਆ ਰਹੀਆਂ ਗਲਤੀਆਂ ਸਬੰਧੀ ਉਨ੍ਹਾਂ ਦੇ ਇਤਰਾਜ਼ਾਂ ਨੂੰ ਵੀ ਵਿਚਾਰਿਆਂ ਨਹੀਂ ਜਾ ਰਿਹਾ। ਇਸ ਸਬੰਧੀ ਉਨ੍ਹਾਂ ਸਿਲੇਬਸ ਕਮੇਟੀ ’ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਇਕ ਨੁਮਾਇੰਦੇ ਡਾ. ਇੰਦਰਜੀਤ ਸਿੰਘ ਗੋਗੋਆਣੀ ਦੇ ਦੋ ਪੱਤਰ ਵੀ ਮੀਡੀਆ ਨੂੰ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਡਾ. ਗੋਗੋਆਣੀ ਨੇ ਉਨ੍ਹਾਂ ਨੂੰ ਇਕ ਪੱਤਰ ਰਾਹੀਂ ਸੂਚਿਤ ਕੀਤਾ ਹੈ ਕਿ ਸਿਲੇਬਸ ਕਮੇਟੀ ਵੱਲੋਂ ਇਕ ਵਧੀਆ ਸਿਲੇਬਸ ਤਿਆਰ ਕਰਨ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜ ਚੈਪਟਰ ਲਿਖਵਾਏ ਗਏ ਹਨ, ਜਿਨ੍ਹਾਂ ਵਿਚ ਵੱਡੀਆਂ ਇਤਿਹਾਸਕ ਗਲਤੀਆਂ ਪਾਈਆਂ ਗਈਆਂ ਹਨ। ਭਾਈ ਲੌਂਗੋਵਾਲ ਨੇ ਦੱਸਿਆ ਕਿ ਡਾ. ਗੋਗੋਆਣੀ ਦੇ ਪੱਤਰ ਅਨੁਸਾਰ ਉਹ ਕਮੇਟੀ ਦੇ ਚੇਅਰਮੈਨ ਡਾ. ਕਿਰਪਾਲ ਸਿੰਘ ਨੂੰ ਬਾਰ-ਬਾਰ ਸੂਚਿਤ ਕਰਦੇ ਰਹੇ ਹਨ ਪਰ ਸੁਧਾਰ ਨਹੀਂ ਹੋਇਆ।
ਡਾ. ਗੋਗੋਆਣੀ ਨੇ ਇਸ ਤੋਂ ਇਲਾਵਾ ਸਿਲੇਬਸ ਕਮੇਟੀ ਦੇ ਚੇਅਰਮੈਨ ਡਾ. ਕਿਰਪਾਲ ਸਿੰਘ ਨੂੰ ਵੀ ਇਸ ਸਬੰਧ ਵਿਚ ਬੀਤੇ ਕੱਲ੍ਹ ਇਕ ਪੱਤਰ ਲਿਖਿਆ ਹੈ, ਜਿਸ ਰਾਹੀਂ ਉਨ੍ਹਾਂ ਨੇ ਸਿਲੇਬਸ ਦੇ ਤਿਆਰ ਕੀਤੇ ਜਾ ਰਹੇ ਚੈਪਟਰਾਂ ਵਿਚ ਸਿੱਖ ਇਤਿਹਾਸ ਦੀਆਂ ਗਲਤੀਆਂ ਦਾ ਜ਼ਿਕਰ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੁੱਖ ਪ੍ਰਗਟਾਇਆ ਕਿ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਿਲੇਬਸ ਵਿੱਚੋਂ ਸਿੱਖ ਇਤਿਹਾਸ ਹੀ ਗਾਇਬ ਕਰ ਦਿੱਤਾ ਗਿਆ ਅਤੇ ਹੁਣ ਸਿਲੇਬਸ ਕਮੇਟੀ ਵੱਲੋਂ ਬਣਾਏ ਨਵੇਂ ਸਿਲੇਬਸ ਤੋਂ ਬਾਅਦ ਤਿਆਰ ਕੀਤੇ ਜਾ ਰਹੇ ਚੈਪਟਰਾਂ ਵਿਚ ਇਤਿਹਾਸ ਨੂੰ ਬਦਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮਨਸ਼ਾ ਸ਼੍ਰੋਮਣੀ ਕਮੇਟੀ ਪੂਰੀ ਨਹੀਂ ਹੋਣ ਦੇਵੇਗੀ ਅਤੇ ਇਸ ਦਾ ਹਰ ਪੱਧਰ ’ਤੇ ਵਿਰੋਧ ਕਰਦਿਆਂ ਇਸ ਸਬੰਧੀ ਹਰ ਤਰ੍ਹਾਂ ਸੰਘਰਸ਼ ਵੀ ਕਰੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਅੰਤ੍ਰਿੰਗ ਮੈਂਬਰ ਸ. ਗੁਰਤੇਜ ਸਿੰਘ ਢੱਡੇ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਦਿਲਜੀਤ ਸਿੰਘ ਬੇਦੀ, ਨਿੱਜੀ ਸਹਾਇਕ ਸ. ਸੁਖਮਿੰਦਰ ਸਿੰਘ ਐਕਸੀਅਨ ਤੇ ਹੋਰ ਮੌਜੂਦ ਸਨ।