ਅੰਮ੍ਰਿਤਸਰ, ੨੧ ਮਈ – ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਤੇ ਪਾਠਕ੍ਰਮ ਦੀ ਵਿਵਾਦਤ ਪੁਸਤਕ ਬਾਰੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੋ ਸਿੱਖ ਵਿਦਵਾਨਾਂ ਦੇ ਨਾਂ ਭੇਜ ਦਿੱਤੇ ਗਏ ਹਨ। ਬੋਰਡ ਵੱਲੋਂ ਭੇਜੇ ਪੱਤਰ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਪ੍ਰਸਿੱਧ ਸਿੱਖ ਇਤਿਹਾਸਕਾਰ ਡਾ. ਬਲਵੰਤ ਸਿੰਘ ਢਿੱਲੋਂ ਅਤੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਦੇ ਪ੍ਰਿੰਸੀਪਲ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਸਰਕਾਰੀ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੀ ਨੁਮਾਇੰਦਗੀ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਵਾਦਤ ਕਿਤਾਬ ਸਬੰਧੀ ਗਠਿਤ ਕੀਤੀ ਕਮੇਟੀ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼੍ਰੋਮਣੀ ਕਮੇਟੀ ਨੂੰ ਪੱਤਰ ਭੇਜਿਆ ਹੈ, ਜਿਸ ‘ਤੇ ਕਾਰਵਾਈ ਕਰਦਿਆਂ ਡਾ. ਬਲਵੰਤ ਸਿੰਘ ਢਿੱਲੋਂ ਤੇ ਡਾ. ਇੰਦਰਜੀਤ ਸਿੰਘ ਗੋਗੋਆਣੀ ਦੇ ਨਾਂ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਮੇਟੀ ਵੱਲੋਂ ਸਰਕਾਰ ਨੂੰ ਪੱਤਰ ਭੇਜ ਦਿੱਤਾ ਗਿਆ ਹੈ।