21-07-2015ਬਾਬਾ ਉੱਤਮ ਸਿੰਘ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਸੇਵਾ ਤੇ ਸਿਮਰਨ ‘ਚ ਗੁਜਾਰਿਆ : ਗਿਆਨੀ ਗੁਰਬਚਨ ਸਿੰਘ
ਅੰਮ੍ਰਿਤਸਰ 21 ਜੁਲਾਈ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਅਹਿਮ ਫੈਸਲੇ ਅਨੁਸਾਰ ਬਾਬਾ ਉੱਤਮ ਸਿੰਘ ਕਾਰ-ਸੇਵਾ ਖਡੂਰ ਸਾਹਿਬ ਵਾਲਿਆ ਦੀ ਤਸਵੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ‘ਚ ਧਾਰਮਿਕ ਸਮਾਗਮ ਉਪਰੰਤ ਲਗਾਈ ਗਈ।ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਵੱਲੋਂ ਕੀਤੀ ਗਈ।ਇਸ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੀ ਹਾਜ਼ਰ ਸਨ।
ਤਸਵੀਰ ਤੋਂ ਪਰਦਾ ਹਟਾਉਂਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਬਾਬਾ ਉੱਤਮ ਸਿੰਘ ਜੀ ਕਾਰ-ਸੇਵਾ ਖਡੂਰ ਸਾਹਿਬ ਵਾਲੇ ਪੰਥ ਦੀ ਮਹਾਨ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਆਪਣੀ ਸਾਰੀ ਉਮਰ ਇਤਿਹਾਸਕ ਗੁਰਧਾਮਾਂ ਦੀ ਸੇਵਾ-ਸੰਭਾਲ, ਸਿੱਖੀ ਦੀ ਪ੍ਰਫੁੱਲਤਾ, ਵਿਦਿਆ ਦੇ ਪਾਸਾਰ ਅਤੇ ਲੋਕਾਈ ਦੇ ਭਲੇ ਹਿੱਤ ਲਾ ਕੇ ਵੱਡੀ ਮਿਸਾਲ ਕਾਇਮ ਕੀਤੀ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਬਖ਼ਸ਼ਿਸ਼ ਅਤੇ ਸੰਪਰਦਾਇ ਕਾਰ-ਸੇਵਾ ਦੇ ਬਾਨੀ ਸੰਤ ਬਾਬਾ ਗੁਰਮੁਖ ਸਿੰਘ ਜੀ ਦੇ ਆਸ਼ੀਰਵਾਦ ਸਦਕਾ ਸਿੱਖ ਵਿਚਾਰਧਾਰਾ ਵਿੱਚ ਵਿਦਵਾਨ, ਸੇਵਾ ਤੇ ਸਿਮਰਨ ਦੇ ਮਹਾਨ ਸੰਕਲਪ ‘ਤੇ ਬਾਬਾ ਜੀ ਪੂਰੀ ਤਰ੍ਹਾਂ ਪ੍ਰਵਾਨ ਚੜ੍ਹੇ।ਬਾਬਾ  ਉੱਤਮ ਸਿੰਘ ਜੀ ਦੇ ਜੀਵਨ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਬਾਬਾ ਜੀ ਦਾ ਜਨਮ ੧੯੨੦ ਵਿੱਚ ਪਿਤਾ ਭਾਈ ਲਾਭ ਸਿੰਘ ਦੇ ਘਰ ਮਾਤਾ ਹਰਨਾਮ ਕੌਰ ਦੀ ਕੁੱਖੋਂ ਪਿੰਡ ਅਲਾਦੀਨਪੁਰ ਜ਼ਿਲ੍ਹਾ ਤਰਨਤਾਰਨ ਵਿਖੇ ਹੋਇਆ ਅਤੇ ੧੯੯੨ ਵਿੱਚ ਗੁਰ ਪਿਆਨਾ ਸਿਧਾਰ ਗਏ।ਉਨ੍ਹਾਂ ਕਿਹਾ ਕਿ ਬਾਬਾ ਜੀ ਨੂੰ ਉਨ੍ਹਾਂ ਦੇ ਮਾਤਾ-ਪਿਤਾ ੧੦-੧੨ ਸਾਲ ਦੀ ਉਮਰ ਵਿਚ ਬਾਬਾ ਗੁਰਮੁਖ ਸਿੰਘ ਜੀ ਪਾਸ ਲੈ ਆਏ ਸਨ। ਉਸ ਵਕਤ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਸਰੋਵਰ ਦੀ ਹੰਸਲੀ ਦੀ ਸੇਵਾ ਚੱਲ ਰਹੀ ਸੀ।ਮਾਤਾ ਜੀ ਨੇ ਜਦੋਂ ਬਾਬਾ ਗੁਰਮੁਖ ਸਿੰਘ ਜੀ ਨੂੰ ਇਸ ਬੱਚੇ ਨੂੰ ਆਪਣੇ ਲੜ ਲਾਉਣ ਲਈ ਬੇਨਤੀ ਕੀਤੀ ਤਾਂ ਬਾਬਾ ਜੀ ਨੇ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਬੇਨਤੀ ਕੀਤੀ।ਬਾਬਾ ਗੁਰਮੁਖ ਸਿੰਘ ਜੀ ਦੀ ਅਰਦਾਸ ਪ੍ਰਵਾਨ ਹੋਈ ਤੇ ਆਪ ਜੀ ਦਾ ਨਾਮ ‘ਉੱਤਮ ਸਿੰਘ’ ਰੱਖਿਆ ਗਿਆ।ਉਨ੍ਹਾਂ ਕਿਹਾ ਕਿ ਬਚਪਨ ਤੋਂ ਲੈ ਕੇ ਜਿੰਦਗੀ ਦੇ ਅੰਤਿਮ ਸਵਾਸ ਤੱਕ ਬਾਬਾ ਜੀ ਤਕਰੀਬਨ ੬੦ ਸਾਲ ਕਾਰ ਸੇਵਾ ਨੂੰ ਸਮਰਪਿਤ ਰਹੇ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ਅੰਤ੍ਰਿੰਗ ਕਮੇਟੀ ਵੱਲੋਂ ਮਤਾ ਪਾਸ ਕਰਕੇ ਬਾਬਾ ਉੱਤਮ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦਾ ਜੋ ਫੈਸਲਾ ਕੀਤਾ ਗਿਆ ਹੈ ਬਹੁਤ ਹੀ ਸ਼ਲਾਘਾਯੋਗ ਹੈ।
ਇਸ ਤੋਂ ਪਹਿਲਾਂ ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਮਹਿਤਾ ਚੌਂਕ ਅਤੇ ਡਾਕਟਰ ਰੂਪ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਬਾਬਾ ਜੀ ਵੱਲੋਂ ਕਾਰ-ਸੇਵਾ ਅਤੇ ਸਮਾਜ ਸੇਵਾ ਪ੍ਰਤੀ ਕੀਤੀਆਂ ਸੇਵਾਵਾਂ ਦੀ ਜਾਣਕਾਰੀ ਸੰਗਤ ਨਾਲ ਸਾਂਝੀ ਕੀਤੀ।
ਇਸ ਮੌਕੇ ਸ. ਗੁਰਬਚਨ ਸਿੰਘ ਕਰਮੂੰਵਾਲ ਅੰਤਿੰ੍ਰਗ ਮੈਂਬਰ, ਭਾਈ ਮਨਜੀਤ ਸਿੰਘ, ਸ. ਅਮਰਜੀਤ ਸਿੰਘ ਭਲਾਈਪੁਰ ਤੇ ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਿਧੀ ਚੰਦ ਸੰਪ੍ਰਦਾ ਦੇ ਮੁੱਖੀ ਬਾਬਾ ਅਵਤਾਰ ਸਿੰਘ, ਬਾਬਾ ਸੁੱਖਾ ਸਿੰਘ, ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲੇ, ਡਾਕਟਰ ਰੂਪ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਕੇਵਲ ਸਿੰਘ ਵਧੀਕ ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਕੇਂਦਰੀ ਸਿੱਖ ਅਜਾਇਬ ਘਰ ਦੇ ਕਿਊਰੇਟਰ ਸ. ਇਕਬਾਲ ਸਿੰਘ ਮੁਖੀ, ਸ. ਗੁਰਵਿੰਦਰਪਾਲ ਸਿੰਘ ਤੇ ਸ. ਸੁਖਵਿੰਦਰ ਸਿੰਘ ਚਿੱਤਰਕਾਰ, ਸ. ਰਵਿੰਦਰ ਸਿੰਘ ਬ੍ਰਹਮਪੁਰਾ, ਬਾਬਾ ਅਜੀਤ ਸਿੰਘ, ਬਾਬਾ ਬਲਵਿੰਦਰ ਸਿੰਘ, ਬਾਬਾ ਲੱਖਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ।