ਅੰਮ੍ਰਿਤਸਰ 2 ਮਈ (      ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਨੇਪਾਲ ਅਤੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਆਏ ਭਿਆਨਕ ਭੁਚਾਲ ਕਾਰਨ ਜੋ ਪ੍ਰਾਣੀ ਆਪਣਿਆਂ ਤੋਂ ਸਦਾ ਲਈ ਵਿਛੜ ਗਏ ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਜਖ਼ਮੀਆਂ ਦੇ ਜਲਦੀ ਸਿਹਤਯਾਬੀ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਉਪਰੰਤ ਭਾਈ ਹਰਪਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਸੁਲਤਾਨ ਸਿੰਘ ਅਰਦਾਸੀਏ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।

ਸ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੇਪਾਲ ਤੇ ਭਾਰਤ ਦੇ ਵੱਖ-ਵੱਖ ਹਿੱਸਿਆ ਵਿੱਚ ਆਏ ਭਿਆਨਕ ਭੁਚਾਲ ਕਾਰਨ ਅਕਾਲ ਚਲਾਣਾ ਕਰ ਗਏ ਵਿਅਕਤੀਆਂ ਅਤੇ ਜ਼ਖਮੀਆਂ ਦੀ ਸਿਹਤਯਾਬੀ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਰਵਉੱਚ ਸੰਸਥਾ ਹੈ ਤੇ ਗੁਰੂ ਸਾਹਿਬ ਵੱਲੋਂ ਬਖਸ਼ੇ ਸਿਧਾਂਤ ਅਨੁਸਾਰ ਦੇਸ਼ ਵਿੱਚ ਕਿਤੇ ਵੀ ਜੇਕਰ ਕੁਦਰਤੀ ਦੁਖਾਂਤ ਵਾਪਰਦਾ ਹੈ ਤਾਂ ਇਹ ਸੰਸਥਾ ਬਿਨਾਂ ਭੇਦਭਾਵ ਪੀੜ੍ਹਤਾਂ ਦੀ ਦਿਲ ਖੋਲ੍ਹ ਕੇ ਮਦਦ ਕਰਦੀ ਹੈ।ਉਨ੍ਹਾਂ ਕਿਹਾ ਕਿ ਇਸ ਵਾਰ ਦੇਸ਼ ਦੇ ਨਾਲ-ਨਾਲ ਗੁਆਂਢੀ ਮੁਲਕ ਨੇਪਾਲ ਵਿੱਚ ਵਾਪਰੀ ਭਿਆਨਕ ਤ੍ਰਾਸਦੀ ਦੌਰਾਨ ਪੀੜ੍ਹਤਾਂ ਦੇ ਦੁੱਖ ‘ਚ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਸ਼ਰੀਕ ਹੈ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਆਦੇਸ਼ਾਂ ਅਨੁਸਾਰ ਪੂਰੀ ਤਰ੍ਹਾਂ ਮਨੁੱਖਤਾ ਦੀ ਸੇਵਾ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਭੁਚਾਲ ਪੀੜ੍ਹਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਪੂਰੀ ਤਨਦੇਹੀ ਨਾਲ ਸੇਵਾ ਕਰ ਰਹੀ ਹੈ।

ਇਸ ਮੌਕੇ ਸ. ਦਿਲਜੀਤ ਸਿੰਘ ਬੇਦੀ, ਸ. ਮਹਿੰਦਰ ਸਿੰਘ ਆਹਲੀ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਰਣਜੀਤ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਕੁਲਵਿੰਦਰ ਸਿੰਘ ਇੰਚਾਰਜ ਪਬਲੀਸਿਟੀ, ਸ. ਜਸਵਿੰਦਰ ਸਿੰਘ ਦੀਪ, ਸ. ਸੁਖਬੀਰ ਸਿੰਘ ਤੇ ਸ. ਗੁਰਮੀਤ ਸਿੰਘ ਇੰਚਾਰਜ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਸ/ਸੁਪ੍ਰਿੰਟੈਂਡੈਂਟ, ਸ. ਅਰਵਿੰਦਰ ਸਿੰਘ ਏ ਪੀ ਆਰ ਓ, ਸ. ਸੁਖਰਾਜ ਸਿੰਘ ਤੇ ਸ. ਜਤਿੰਦਰ ਸਿੰਘ ਵਧੀਕ ਮੈਨੇਜਰ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਅਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।