ਗੁਰੂ ਸਾਹਿਬਾਨ ਨੇ ਕੁਦਰਤ ਨੂੰ ਵੱਡਾ ਮਹੱਤਵ ਦੇ ਕੇ ਵਾਤਾਵਰਣ ਦੀ ਸਾਂਭ ਸੰਭਾਲ ਲਈ ਪ੍ਰੇਰਿਆ -ਡਾ. ਰੂਪ ਸਿੰਘ

ਅੰਮ੍ਰਿਤਸਰ 15 ਮਾਰਚ – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱੱਜ ਵਾਤਾਵਰਣ ਦਿਵਸ ਦੇ ਰੂਪ ਵਿਚ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸਤਨਾਮ ਸਿੰਘ ਨੇ ਅਰਦਾਸ ਕੀਤੀ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਹੁਕਮਨਾਮਾ ਸਰਵਣ ਕਰਵਾਇਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਭਾਈ ਹਰਮਿੱਤਰ ਸਿੰਘ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੀਵਨ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕਰਦਿਆਂ ਗੁਰਸਿੱਖੀ ਜੀਵਨ ਵਿਚ ਪ੍ਰਪੱਕ ਰਹਿਣ ਦੀ ਪ੍ਰੇਰਣਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਵਧੀਕ ਮੈਨੇਜਰ ਸ. ਲਖਵਿੰਦਰ ਸਿੰਘ ਬੱਦੋਵਾਲ, ਸ. ਸਤਨਾਮ ਸਿੰਘ, ਸ. ਲਖਬੀਰ ਸਿੰਘ, ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਇੰਚਾਰਜ ਸ. ਕਰਮਬੀਰ ਸਿੰਘ ਕਿਆਮਪੁਰ, ਸ. ਪਰਮਦੀਪ ਸਿੰਘ, ਸ. ਪਲਵਿੰਦਰ ਸਿੰਘ, ਪ੍ਰੋਫੈਸਰ ਸੁਖਦੇਵ ਸਿੰਘ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਮੂਹ ਸਟਾਫ਼ ਤੇ ਸੰਗਤਾਂ ਹਾਜ਼ਰ ਸਨ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਸਮੇਤ ਹੋਰਾਂ ਨੇ ਸਾਂਝੇ ਰੂਪ ਵਿਚ ਸ੍ਰੀ ਗੁਰੂ ਰਾਮਦਾਸ ਲੰਗਰ ਦੇ ਨਜ਼ਦੀਕ ਪਾਰਕ ਵਿਚ ਬੂਟੇ ਲਗਾਏ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਰੂਪ ਸਿੰਘ ਨੇ ਕਿਹਾ ਕਿ ਸਿੱਖ ਕੌਮ ਵੱਲੋਂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਹਰ ਸਾਲ ਸਿੱਖ ਵਾਤਾਵਰਣ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ, ਜਿਸ ਦਾ ਮਕਸਦ ਵਾਤਾਵਰਣ ਦੀ ਸਾਂਭ ਸੰਭਾਲ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿੱਖ ਵਾਤਾਵਰਣ ਪ੍ਰੇਮੀ ਹਨ ਕਿਉਂਕਿ ਗੁਰੂ ਸਾਹਿਬਾਨ ਨੇ ਕੁਦਰਤੀ ਵਾਤਾਵਰਣ ਦੀ ਸਾਂਭ ਸੰਭਾਲ ਲਈ ਪ੍ਰੇਰਣਾ ਕੀਤੀ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਰੁੱਖਾਂ, ਦਰੱਖ਼ਤਾਂ ਦੇ ਨਾਂ ‘ਤੇ ਬਣੇ ਹੋਏ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਇਸ ਗੱਲ ਦੀ ਪ੍ਰਤੱਖ ਉਦਾਹਰਣ ਹਨ ਕਿ ਗੁਰੂ ਸਾਹਿਬ ਹਮੇਸ਼ਾਂ ਹੀ ਕੁਦਰਤ ਨੂੰ ਵੱਡਾ ਮਹੱਤਵ ਦਿੰਦੇ ਰਹੇ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਰੂਪ ਵਿਚ ਕਿਹਾ ਕਿ ਉਹ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ।