17-12-15ਅੰਮ੍ਰਿਤਸਰ 17 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦੇ ਅਸਥਾਨ ਤੇ ਸ਼ਹੀਦ ਬਾਬਾ ਗੁਰਬਖ਼ਸ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਦੇ ਜਥੇ ਵੱਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸਿੰਘ ਐਡੀ:ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦੀ ਸ਼ਹੀਦੀ ਬਾਰੇ ਵਿਸਥਾਰ ਨਾਲ ਸੰਗਤਾਂ ਨੂੰ ਜਾਣੂੰ ਕਰਵਾਉਂਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀ: ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਸ਼ਹੀਦ ਕੌਮ ਦਾ ਵੱਡਮੁੱਲਾ ਸਰਮਾਇਆ ਹੁੰਦੇ ਹਨ।ਜਿਹੜੀ ਕੌਮ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀ ਹੈ ਉਹ ਦੁਨੀਆਂ ਦੇ ਨਕਸ਼ੇ ਤੋਂ ਸਦਾ ਲਈ ਮਿਟ ਜਾਂਦੀ ਹੈ।ਉਨ੍ਹਾਂ ਕਿਹਾ ਕਿ ਭਾਵੇਂ ਮੱਸਾ ਰੰਗੜ ਹੋਵੇ ਜਾਂ ਅਬਦਾਲੀ ਸਿੱਖਾਂ ਨੇ ਹਮੇਸ਼ਾ ਗੁਰੂ-ਘਰ ਦੀ ਰਾਖੀ ਲਈ ਵੱਧ ਚੜ੍ਹ ਕੇ ਕੁਰਬਾਨੀਆਂ ਦੇ ਕੇ ਆਪਣੇ ਗੁਰੂ ਘਰਾਂ ਨੂੰ ਸੁਰੱਖਿਅਤ ਰੱਖਿਆ ਹੈ।ਉਨ੍ਹਾਂ ਕਿਹਾ ਕਿ ਬਾਬਾ ਗੁਰਬਖ਼ਸ ਸਿੰਘ ਐਸੇ ਮਹਾਂਰਥੀ ਸਨ ਜਿਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉਪਰ ਹਮਲਾ ਕਰਨ ਵਾਲੀ ਅਹਿਮਦ ਸ਼ਾਹ ਅਬਦਾਲੀ ਦੀ ੩੦ ਹਜ਼ਾਰ ਫੌਜ ਦਾ ਆਪਣੇ ਤੀਹ ਸਿੰਘਾਂ ਸਮੇਤ ਡੱਟ ਕੇ ਮੁਕਾਬਲਾ ਕੀਤਾ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਦਿਆਂ ਸ਼ਹਾਦਤ ਪ੍ਰਾਪਤ ਕੀਤੀ।
ਇਸ ਮੌਕੇ ਸ. ਰਣਜੀਤ ਸਿੰਘ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਹਰਜਿੰਦਰ ਸਿੰਘ, ਸ. ਸੁਖਰਾਜ ਸਿੰਘ, ਸ. ਲਖਬੀਰ ਸਿੰਘ ਵਧੀਕ ਮੈਨੇਜਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਤੇ ਸੰਗਤਾਂ ਹਾਜ਼ਰ ਸਨ।