DSC_0058 copyਅੰਮ੍ਰਿਤਸਰ 25 ਜੂਨ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਅਦੁੱਤੀ ਕੁਰਬਾਨੀ ਦੇਣ ਵਾਲੇ, ਯੋਧੇ ਅਤੇ ਸਿੱਖ ਰਾਜ ਦੇ ਮਹਾ ਨਾਇਕ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।ਉਪਰੰਤ ਸਜੇ ਦੀਵਾਨ ‘ਚ ਭਾਈ ਹਰਪਾਲ ਸਿੰਘ ਤੇ ਭਾਈ ਗੁਰਪ੍ਰੀਤ ਸਿੰਘ ਭੰਗੂ ਦੇ ਢਾਡੀ ਜਥਿਆਂ ਨੇ ਬੀਰ ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ।
ਇਸ ਮੌਕੇ ਡਾਕਟਰ ਰੂਪ ਸਿੰਘ ਸਕੱਤਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ੨੯੯ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ।ਬਾਬਾ ਬੰਦਾ ਸਿੰਘ ਬਹਾਦਰ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਤੋਂ ਥਾਪੜਾ ਪ੍ਰਾਪਤ ਕਰਕੇ ਨਾਂਦੇੜ ਦੀ ਧਰਤੀ ਤੋਂ ਚੱਲ ਕੇ ਰਸਤੇ ‘ਚ ਅਨੇਕਾਂ ਜੰਗਾਂ ਲੜਦਿਆਂ ਸਰਹੰਦ ਵਿਖੇ ਪਹੁੰਚੇ ਅਤੇ ਮੁਗਲਿਆ ਸਲਤਨਤ ਦੇ ਰਾਜ ਨੂੰ ਸਦਾ ਲਈ ਖਤਮ ਕੀਤਾ। ਸਰਹੰਦ ਦੀ ਇੱਟ ਨਾਲ ਇੱਟ ਖੜਕਾ ਕੇ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਦਾ ਬਦਲਾ ਲੈ ਕੇ ਪਹਿਲੀ ਵਾਰ ਸਿੱਖ ਰਾਜ ਦੀ ਸਥਾਪਨਾ ਕੀਤੀ।ਇਸ ਦੌਰਾਨ ਬਾਬਾ ਬੰਦਾ ਸਿੰਘ ਬਹਾਦਰ ਨੇ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਦਾ ਸਿੱਕਾ ਚਲਾਇਆ, ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਗਏ।ਅਖੀਰ ਬਾਬਾ ਬੰਦਾ ਸਿੰਘ ਬਹਾਦਰ ਨੂੰ ਗੜੀ ਗੁਰਦਾਸ ਨੰਗਲ ਤੋਂ ਗ੍ਰਿਫਤਾਰ ਕਰਕੇ ਦਿੱਲੀ ਲਿਜਾਇਆ ਗਿਆ ਜਿਥੇ ਉਨ੍ਹਾਂ ਦੇ ਸਾਹਮਣੇ ਉਨ੍ਹਾਂ ਦੇ ਸਪੁੱਤਰ ਨੂੰ ਸ਼ਹੀਦ ਕਰ ਦਿੱਤਾ ਗਿਆ।ਬਾਬਾ ਬੰਦਾ ਸਿੰਘ ਬਹਾਦਰ ਨੂੰ ਦੁਸ਼ਮਣ ਫੌਜ ਵੱਲੋਂ ਅਨੇਕਾਂ ਅਣਮਨੁੱਖੀ ਤਸੀਹੇ ਦਿੱਤੇ ਗਏ ਉਨ੍ਹਾਂ ਦਾ ਮਾਸ ਨੋਚ-ਨੋਚ ਕੇ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਜਿਹੇ ਸੂਰਬੀਰ ਯੋਧਿਆਂ ਦੇ ਸ਼ਹੀਦੀ ਦਿਹਾੜੇ ਵੱਡੇ ਪੱਧਰ ਤੇ ਮਨਾਉਂਦੀ ਹੈ। ਸ਼੍ਰੋਮਣੀ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿੱਚ ਫਤਹਿਗੜ੍ਹ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਖੋਲ੍ਹਿਆ ਹੈ।ਉਨ੍ਹਾਂ ਦੀ ਯਾਦ ਵਿੱਚ ਇਸੇ ਧਰਤੀ ਤੇ ਇੰਟਰਨੈਸ਼ਨਲ ਪੱਧਰ ਦਾ ਮਿਊਜ਼ੀਅਮ ਵੀ ਬਣਾਇਆ ਜਾ ਰਿਹਾ ਹੈ ਜੋ ਜਲਦੀ ਤਿਆਰ ਹੋ ਜਾਵੇਗਾ।ਉਨ੍ਹਾਂ ਅੱਗੇ ਦੱਸਿਆ ਕਿ ਗੜੀ ਗੁਰਦਾਸ ਨੰਗਲ ਜਿਥੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਉਸ ਅਸਥਾਨ ਤੇ ਉਨ੍ਹਾਂ ਦੇ ਨਾਮ ਪੁਰ ਕਾਲਜ ਅਤੇ ਉਨ੍ਹਾਂ ਦੇ ਸਪੁੱਤਰ ਬਾਬਾ ਅਜੈ ਸਿੰਘ ਦੇ ਨਾਮ ਤੇ ਸਕੂਲ ਵੀ ਖੋਲ੍ਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਸੂਰਬੀਰ ਯੋਧਿਆਂ ਦੀਆਂ ਕੁਰਬਾਨੀਆਂ ਤੋਂ ਸਾਨੂੰ ਸਿੱਖਿਆ ਲੈਂਦਿਆਂ ਖੰਡੇ ਬਾਟੇ ਦੀ ਪਾਹੁਲ (ਅੰਮ੍ਰਿਤ) ਛਕ ਬਾਣੀ ਤੇ ਬਾਣੇ ਦੇ ਧਾਰਨੀ ਬਣਨਾ ਚਾਹੀਦਾ ਹੈ।
ਇਸ ਮੌਕੇ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਹਰਭਜਨ ਸਿੰਘ ਮਨਾਵਾਂ, ਸ. ਰਣਜੀਤ ਸਿੰਘ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ.ਜਗਜੀਤ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਚਰਨ ਸਿੰਘ ਤੇ ਸ. ਗੁਰਦੇਵ ਸਿੰਘ ਉਬੋਕੇ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਬਲਵਿੰਦਰ ਸਿੰਘ, ਸ. ਪਰਮਦੀਪ ਸਿੰਘ ਤੇ ਸ. ਜਸਵਿੰਦਰ ਸਿੰਘ ਦੀਪ ਇੰਚਾਰਜ, ਸ. ਹਰਜਿੰਦਰ ਸਿੰਘ ਤੇ ਸ. ਸੁਖਰਾਜ ਸਿੰਘ ਵਧੀਕ ਮੈਨੇਜਰ, ਸ.ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸ/ ਸੁਪ੍ਰਿੰਟੈਂਡੈਂਟ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।