ਅੰਮ੍ਰਿਤਸਰ, 17 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਪੰਥਕ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ੯੬ ਕਰੋੜੀ ਦੇ ਨਜ਼ਦੀਕੀ ਰਿਸ਼ਤੇਦਾਰ ਪੱਤਰਕਾਰ ਸ. ਵਿਜੈਪਾਲ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਤੋਂ ਪੱਤਰਕਾਰ ਸ. ਵਿਜੈਪਾਲ ਸਿੰਘ ਸਮਾਜ ਦੇ ਮਸਲਿਆਂ ਨੂੰ ਆਪਣੀਆਂ ਲਿਖਤਾਂ ਰਾਹੀਂ ਬੇਬਾਕੀ ਨਾਲ ਚੁੱਕਦੇ ਰਹੇ। ਉਨ੍ਹਾਂ ਸ਼੍ਰੋਮਣੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨਾਲ ਦੁਖ ਸਾਂਝਾ ਕਰਦਿਆਂ ਸ. ਵਿਜੈਪਾਲ ਸਿੰਘ ਦੇ ਚਲਾਣੇ ਨੂੰ ਪਰਿਵਾਰ ਅਤੇ ਰਿਸ਼ਤੇਦਾਰਾਂ ਲਈ ਵੱਡਾ ਘਾਟਾ ਦੱਸਿਆ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਨਾਲ ਜੋੜਨ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਅਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਿਜੈ ਸਿੰਘ ਬਾਦੀਆਂ ਨੇ ਵੀ ਪੱਤਰਕਾਰ ਸ. ਵਿਜੈਪਾਲ ਸਿੰਘ ਦੇ ਅਕਾਲ ਚਲਾਣੇ ‘ਤੇ ਬਾਬਾ ਬਲਬੀਰ ਸਿੰਘ ਨਾਲ ਦੁੱਖ ਸਾਂਝਾ ਕੀਤਾ।