ਭਾਰਤ ਸਰਕਾਰ ਵੀ ਜੂਨ 1984 ਸਬੰਧੀ ਦਸਤਾਵੇਜ਼ ਜਨਤਕ ਕਰੇ-ਭਾਈ ਲੌਂਗੋਵਾਲ

ਅੰਮ੍ਰਿਤਸਰ, 13 ਜੂਨ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇੰਗਲੈਂਡ ਦੀ ਇਕ ਅਦਾਲਤ ਵੱਲੋਂ ਜੂਨ ੧੯੮੪ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ‘ਤੇ ਭਾਰਤ ਦੀ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਨਾਲ ਸਬੰਧਤ ਬਰਤਾਨੀਆ ਸਰਕਾਰ ਦੀ ਭੂਮਿਕਾ ਬਾਰੇ ਦਸਤਾਵੇਜ ਜਨਤਕ ਕਰਨ ਦੇ ਫੈਸਲੇ ਦਾ ਪੁਰਜ਼ੋਰ ਸਵਾਗਤ ਕੀਤਾ ਹੈ। ਭਾਈ ਲੌਂਗੋਵਾਲ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਜੂਨ ੧੯੮੪ ਵਿਚ ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕਰਵਾਇਆ ਗਿਆ ਫ਼ੌਜੀ ਹਮਲਾ ਅਣਮਨੁੱਖੀ ਕਹਿਰ ਵਜੋਂ ਇਤਿਹਾਸ ਅੰਦਰ ਦਰਜ਼ ਹੈ ਅਤੇ ਇਸ ਵਿਚ ਜਿਸ ਕਿਸੇ ਦੀ ਵੀ ਸ਼ਮੂਲੀਅਤ ਹੈ ਉਹ ਉਜ਼ਾਗਰ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇੰਗਲੈਂਡ ਦੀ ਅਦਾਲਤ ਵੱਲੋਂ ਬਰਤਾਨੀਆ ਸਰਕਾਰ ਦੀ ਸ਼ਮੂਲੀਅਤ ਨਾਲ ਸਬੰਧਤ ਦਸਤਾਵੇਜ ਜਨਤਕ ਕਰਨ ਦਾ ਫੈਸਲਾ ਸ਼ਲਾਘਾਯੋਗ ਹੈ ਅਤੇ ਇਸ ਮਾਮਲੇ ਵਿਚ ਪੈਰਵਾਈ ਕਰਨ ਵਾਲੇ ਪੱਤਰਕਾਰ ਮਿਲ ਫਿਲਰ ਦੇ ਯਤਨ ਪ੍ਰਸ਼ੰਸਾ ਯੋਗ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਬਰਤਾਨੀਆ ਦੀ ਤਰ੍ਹਾਂ ਭਾਰਤ ਸਰਕਾਰ ਨੂੰ ਵੀ ਜੂਨ ੧੯੮੪ ਦੇ ਫ਼ੌਜੀ ਹਮਲੇ ਨਾਲ ਸਬੰਧਤ ਦਸਤਾਵੇਜ਼ ਜਾਰੀ ਕਰਨ ਚਾਹੀਦੇ ਹਨ, ਤਾਂ ਜੋ ਪੂਰੀ ਦੁਨੀਆਂ ਨੂੰ ਪਤਾ ਲੱਗ ਸਕੇ ਕਿ ਇਸ ਘੱਲੂਘਾਰੇ ਦੀ ਸਾਜ਼ਿਸ਼ ਪਿੱਛੇ ਹੋਰ ਕਿਹੜੇ-ਕਿਹੜੇ ਦੇਸ਼ ਅਤੇ ਕਿਹੜੀਆਂ-ਕਿਹੜੀਆਂ ਸ਼ਕਤੀਆਂ ਸ਼ਾਮਲ ਸਨ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਤੋਂ ਵੀ ਮੰਗ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਕੀਤੇ ਗਏ ਹਮਲੇ ਦੌਰਾਨ ਸਿੱਖ ਰੈਂਫਰੈਂਸ ਲਾਇਬ੍ਰੇਰੀ ਵਿੱਚੋਂ ਲੁਟਿਆ ਗਿਆ ਵਿਰਾਸਤੀ ਖ਼ਜ਼ਾਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਾਪਸ ਕੀਤਾ ਜਾਵੇ।