੫੫੦ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵਿਚਾਰ ਵਟਾਂਦਰਾਂ ਕਰਨ ਲਈ ਮੁੜ ਪਾਕਿਸਤਾਨ ਜਾਵਾਂਗਾ -ਭਾਈ ਲੌਂਗੋਵਾਲ

ਅੰਮ੍ਰਿਤਸਰ, 30 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਤੋਂ ਭਾਰਤ ਵਾਪਸੀ ‘ਤੇ ਅਟਾਰੀ ਸਰਹੱਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਨੀਂਹ ਪੱਥਰ ਸਮਾਗਮ ਵਿਚ ਸ਼ਾਮਲ ਹੋਣਾ ਉਨ੍ਹਾਂ ਦੀ ਖ਼ੁਸ਼ਕਿਸਮਤੀ ਹੈ ਅਤੇ ਉਹ ਇਸ ਇਤਿਹਾਸਕ ਮੌਕੇ ਨੂੰ ਉਹ ਸਦਾ ਯਾਦ ਰੱਖਣਗੇ। ਭਾਈ ਲੌਂਗੋਵਾਲ ਨੇ ਪ੍ਰਗਟਾਵਾ ਕੀਤਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਮਜ਼ਬੂਤ ਕਰੇਗਾ ਅਤੇ ਉਨ੍ਹਾਂ ਦੀ ਅਰਦਾਸ ਹੈ ਕਿ ਅਮਨ ਦਾ ਇਹ ਲਾਂਘਾ ਜਲਦ ਤੋਂ ਜਲਦ ਮੁਕੰਮਲ ਹੋਵੇ। ਵਾਹਗਾ-ਅਟਾਰੀ ਸਰਹੱਦ ਰਾਹੀਂ ਚਾਰ ਦਿਨ ਮਗਰੋਂ ਭਾਰਤ ਪਰਤੇ ਭਾਈ ਲੌਂਗੋਵਾਲ ਨੇ ਮੀਡੀਆ ਨਾਲ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦਿਆਂ ਕਿਹਾ ਕਿ ਉਹ ਜਲਦ ਹੀ ਫਿਰ ਪਾਕਿਸਤਾਨ ਜਾਣਗੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਪਾਕਿਸਤਾਨ ਵਿਖੇ ਵੀ ਵਿਸ਼ਾਲ ਪੱਧਰ ‘ਤੇ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਸਬੰਧ ਵਿਚ ਉਨ੍ਹਾਂ ਦੀ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਪਾਕਿਸਤਾਨ ਓਕਾਫ਼ ਬੋਰਡ ਦੇ ਅਧਿਕਾਰੀਆਂ ਨਾਲ ਗੱਲਬਾਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਅਤੇ ਹੋਰ ਅਹੁਦੇਦਾਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ੫੫੦ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਸਬੰਧੀ ਜਨਵਰੀ ੨੦੧੯ ਵਿਚ ਮੁੜ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਹੈ, ਤਾਂ ਜੋ ਪਾਕਿਸਤਾਨ ਸਰਕਾਰ ਨਾਲ ਗੁਰਪੁਰਬ ਸਮਾਗਮਾਂ ਸਬੰਧੀ ਗੱਲਬਾਤ ਕੀਤੀ ਜਾ ਸਕੇ। ਇਸ ਤੋਂ ਇਲਾਵਾ ਓਕਾਫ ਬੋਰਡ ਦੇ ਸਕੱਤਰ ਜਨਾਬ ਤਾਰਿਕ ਵਜੀਰ ਖਾਨ ਤੇ ਵਧੀਕ ਸਕੱਤਰ ਇਮਰਾਨ ਗੋਂਦਲ ਤੇ ਫਰਾਸ਼ ਅਬਾਸ ਨਾਲ ਵੀ ੫੫੦ਵੇਂ ਪ੍ਰਕਾਸ਼ ਪੁਰਬ ਸਬੰਧੀ ਗੱਲਬਾਤ ਕੀਤੀ ਗਈ ਹੈ ਅਤੇ ਉਨ੍ਹਾਂ ਨੇ ਵੀ ਸ਼੍ਰੋਮਣੀ ਕਮੇਟੀ ਨੂੰ ਪਾਕਿਸਤਾਨ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਪ੍ਰਤੀ ਭਰਵਾਂ ਹੁੰਗਾਰਾ ਦਿੱਤਾ ਹੈ। ਭਾਈ ਲੌਂਗੋਵਾਲ ਅਨੁਸਾਰ ਪਾਕਿਸਤਾਨ ਦੀ ਅਗਲੀ ਫੇਰੀ ਦੌਰਾਨ ਸ਼੍ਰੋਮਣੀ ਕਮੇਟੀ ਤੇ ਪਾਕਿਸਤਾਨ ਕਮੇਟੀ ਇਕ ਸਾਂਝੀ ਸ਼ਤਾਬਦੀ ਕਮੇਟੀ ਵੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਤੌਰ ‘ਤੇ ਰਾਗੀ ਤੇ ਢਾਡੀ ਜਥੇ ਪਾਕਿਸਤਾਨ ਭੇਜੇ ਜਾਣਗੇ। ਇਸੇ ਦੌਰਾਨ ਭਾਈ ਲੌਂਗੋਵਾਲ ਨੇ ਪਾਕਿਸਤਾਨ ਸਥਿਤ ਕੁਝ ਗੁਰ-ਅਸਥਾਨਾਂ ਅਤੇ ਇਤਿਹਾਸਕ ਇਮਾਰਤਾਂ ਦੀ ਹਾਲਤ ਠੀਕ ਨਾ ਹੋਣ ‘ਤੇ ਨਿਰਾਸ਼ਾ ਵੀ ਪ੍ਰਗਟ ਕੀਤੀ। ਇਸ ਸਬੰਧ ਵਿਚ ਉਨ੍ਹਾਂ ਸ਼ਹੀਦ ਭਾਈ ਮਨੀ ਸਿੰਘ ਜੀ ਅਤੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਲਾਹੌਰ ਸਥਿਤ ਗੁਰਦੁਆਰਾ ਸਾਹਿਬ ਦਾ ਹਵਾਲਾ ਦਿੱਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੁਝ ਗੁਰਦੁਆਰਾ ਸਾਹਿਬਾਨ ਦੀ ਜਗ੍ਹਾ ‘ਤੇ ਸਥਾਨਕ ਲੋਕਾਂ ਵੱਲੋਂ ਕਬਜ਼ੇ ਵੀ ਕੀਤੇ ਹੋਏ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਸ. ਗੋਪਾਲ ਸਿੰਘ ਚਾਵਲਾ ਨਾਲ ਉਨ੍ਹਾਂ ਦਾ ਕੋਈ ਵਾਸਤਾ ਨਹੀਂ ਹੈ ਅਤੇ ਉਹ ਨੀਂਹ ਪੱਥਰ ਸਮਾਗਮ ਸਮੇਂ ਪਾਕਿਸਤਾਨ ਸਰਕਾਰ ਵੱਲੋਂ ਦਿੱਤੇ ਸਥਾਨ ‘ਤੇ ਹੀ ਬੈਠੇ ਸਨ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਸਕੱਤਰ ਸ. ਦਿਲਜੀਤ ਸਿੰਘ ਬੇਦੀ, ਨਿੱਜੀ ਸਕੱਤਰ ਇੰਜੀਨੀਅਰ ਸੁਖਮਿੰਦਰ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਜਗਜੀਤ ਸਿੰਘ ਜੱਗੀ ਨੇ ਭਾਈ ਲੌਂਗੋਵਾਲ ਦਾ ਭਾਰਤ ਪਰਤਣ ‘ਤੇ ਜ਼ੋਰਦਾਰ ਸਵਾਗਤ ਕੀਤਾ। ਇਸ ਮੌਕੇ ਜਥੇਦਾਰ ਉਦੇ ਸਿੰਘ ਲੌਂਗੋਵਾਲ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਦਰਸ਼ਨ ਸਿੰਘ ਲੌਂਗੋਵਾਲ, ਸ. ਜਸਬੀਰ ਸਿੰਘ ਜੱਸੀ, ਸ. ਦਿਲਰਾਜ ਸਿੰਘ ਗਿੱਲ ਸਮੇਤ ਹੋਰ ਮੌਜੂਦ ਸਨ।