ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾਵਾਂ, ਗੁਰਦੁਆਰਿਆਂ ਦੀਆਂ ਜ਼ਮੀਨਾਂ ‘ਤੇ ਨਜਾਇਜ਼ ਕਬਜ਼ਿਆਂ, ਮਹਾਨ ਕੋਸ਼ ਨਾਲ ਛੇੜ-ਛਾੜ ਅਤੇ ਵਿਧਾਨ ਸਭਾ ‘ਚ ਸਿੱਖ ਵਿਧਾਇਕ ਦੀ ਦਸਤਾਰ ਉਤਾਰਨ ਦੇ ਮਾਮਲੇ ਉਠਾਏ

ਅੰਮ੍ਰਿਤਸਰ, ੨੨ ਜੂਨ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰ ਕੇ ਸਿੱਖ ਮਸਲਿਆਂ ਦੇ ਹੱਲ ਲਈ ਮੰਗ ਪੱਤਰ ਸੌਂਪਿਆ। ਪ੍ਰੋ. ਬਡੂੰਗਰ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵਿਖੇ ਰਾਜਪਾਲ ਨੂੰ ਦਿੱਤੇ ਮੰਗ ਪੱਤਰ ਵਿਚ ਚਾਰ ਪ੍ਰਮੁੱਖ ਮੁੱਦੇ ਉਭਾਰੇ ਗਏ, ਜਿਨ੍ਹਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ, ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ‘ਤੇ ਕੀਤੇ ਰਹੇ ਜ਼ਬਰੀ ਕਬਜ਼ੇ, ਸਿੱਖ ਕੌਮ ਦੀ ਮਹਾਨ ਵਿਰਾਸਤ ਭਾਈ ਕਾਨ੍ਹ ਸਿੰਘ ਨਾਭਾ ਰਚਿਤ ਮਹਾਨ ਕੋਸ਼ ਨਾਲ ਛੇੜ-ਛਾੜ ਕਰਨ ਅਤੇ ਪੰਜਾਬ ਵਿਧਾਨ ਸਭਾ ਅੰਦਰ ਸਿੱਖ ਵਿਧਾਇਕ ਦੀ ਦਸਤਾਰ ਉਤਾਰੇ ਜਾਣ ਦੇ ਮਾਮਲੇ ਸ਼ਾਮਲ ਹਨ।
ਉਨ੍ਹਾਂ ਰਾਜਪਾਲ ਪਾਸੋਂ ਮੰਗ ਕੀਤੀ ਕਿ ਵੱਖ-ਵੱਖ ਥਾਵਾਂ ‘ਤੇ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਤਹਿਤ ਸਖ਼ਤ ਸਜ਼ਾ ਦੇਣ ਲਈ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਾਨਵਤਾ ਦੇ ਸਰਬ-ਸਾਂਝੇ ਗੁਰੂ ਹਨ, ਜਿਨ੍ਹਾਂ ਦੀ ਬੇਅਦਬੀ ਦੀਆਂ ਘਟਨਾਵਾਂ ਮਾਨਸਿਕ ਪੀੜਾ ਦੇਣ ਵਾਲੀਆਂ ਹਨ। ਇਹ ਘਟਨਾਵਾਂ ਰੁਕਣ ਦੀ ਥਾਂ ਦਿਨ-ਬ-ਦਿਨ ਹੋਰ ਵੱਧ ਰਹੀਆਂ ਹਨ। ਇਨ੍ਹਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਜ਼ਰੂਰਤ ਹੈ।
ਪ੍ਰੋ. ਬਡੂੰਗਰ ਨੇ ਰਾਜਪਾਲ ਪਾਸ ਸਿੱਖ ਕੌਮ ਦੀ ਮਹਾਨ ਵਿਰਾਸਤ ਭਾਈ ਕਾਹਨ ਸਿੰਘ ਨਾਭਾ ਰਚਿਤ ‘ਮਹਾਨ ਕੋਸ਼’ ਨਾਲ ਕੀਤੀ ਗਈ ਛੇੜ-ਛਾੜ ਦਾ ਮਾਮਲਾ ਉਠਾਉਂਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕੀਤੇ ਗਏ ਅਨੁਵਾਦਕ ਖੋਜ ਕਾਰਜ ਵਿਚ ਇਸ ਦੀ ਭਾਸ਼ਾ, ਕਾਵਿ ਬਣਤਰ, ਸ਼ਬਦਾਵਲੀ ਆਦਿ ਨਾਲ ਵੱਡੇ ਪੱਧਰ ‘ਤੇ ਛੇੜ-ਛਾੜ ਕੀਤੀ ਗਈ ਹੈ। ਇਸ ਨਾਲ ਖੋਜਾਰਥੀਆਂ ਨੂੰ ਦੁਬਿਧਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਦੀਆਂ ਛਪ ਚੁੱਕੀਆਂ ਸਾਰੀਆਂ ਕਾਪੀਆਂ ਨੂੰ ਤੁਰੰਤ ਜ਼ਬਤ ਕਰਕੇ ਵਿਕਰੀ ‘ਤੇ ਰੋਕ ਲਗਾਈ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਵੀ ਕੀਤੀ ਜਾਵੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਰਾਜਪਾਲ ਪਾਸੋਂ ਇਹ ਵੀ ਮੰਗ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ‘ਤੇ ਪੰਜਾਬ ਦੇ ਕਾਂਗਰਸੀਆਂ ਆਗੂਆਂ ਦੀ ਸ਼ਹਿ ‘ਤੇ ਕੀਤੇ ਜਾ ਰਹੇ ਜ਼ਬਰੀ ਕਬਜ਼ਿਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੇ ਆਦੇਸ਼ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗੁਰਦੁਆਰਾ ਸਾਹਿਬ ਭਾਈ ਰੂਪਾ ਬਠਿੰਡਾ ਵਿਖੇ ੧੬੧ ਏਕੜ ਜ਼ਮੀਨ ਅਤੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਮੋੜ ਕਲਾਂ ਦੀ ੧੩੦ ਏਕੜ ਜ਼ਮੀਨ ‘ਤੇ ਧੱਕੇ ਨਾਲ ਕੀਤੇ ਜਾ ਰਹੇ ਕਬਜ਼ਿਆਂ ਦੇ ਨਾਲ ਨਾਲ ਗੁਰਦੁਆਰਾ ਤੰਬੂ ਮੱਲ ਸਾਹਿਬ ਡਗਰੂ, ਮੋਗਾ ਦੇ ਪ੍ਰਬੰਧ ਵਿਚ ਸਥਾਨਕ ਕਾਂਗਰਸੀਆਂ ਆਗੂਆਂ ਦੀ ਸ਼ਹਿ ‘ਤੇ ਦਖ਼ਲ ਦਿੱਤਾ ਜਾ ਰਿਹਾ ਹੈ। ਇਸ ਲਈ ਗੁਰੂ ਘਰਾਂ ਦੇ ਪ੍ਰਬੰਧ ਅਤੇ ਜ਼ਮੀਨਾਂ ਜਾਇਦਾਦਾਂ ਵਿਚ ਬੇਲੋੜੀ ਦਖ਼ਲਅੰਦਾਜ਼ੀ ਖ਼ਤਮ ਕਰਨ ਲਈ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਉਨ੍ਹਾਂ ਪੰਜਾਬ ਵਿਧਾਨ ਸਭਾ ਵਿਚ ਸਿੱਖ ਵਿਧਾਇਕ ਦੀ ਦਸਤਾਰ ਉਤਾਰੇ ਜਾਣ ਦਾ ਮਾਮਲਾ ਵੀ ਰਾਜਪਾਲ ਦੇ ਧਿਆਨ ‘ਚ ਲਿਆਉਂਦਿਆਂ ਕਿਹਾ ਕਿ ਇਹ ਘਟਨਾ ਅਤਿ ਗੰਭੀਰ ਅਤੇ ਨਿੰਦਣਯੋਗ ਹੈ। ਉਨ੍ਹਾਂ ਆਖਿਆ ਕਿ ਦਸਤਾਰ ਸਿੱਖਾਂ ਦਾ ਸਨਮਾਨਯੋਗ ਧਾਰਮਿਕ ਚਿੰਨ੍ਹ ਹੁੰਦਿਆਂ ਪਹਿਚਾਣ ਦੀ ਲਖਾਇਕ ਹੈ। ਇਸ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਦੇ ਜ਼ਿੰਮੇਵਾਰ ਵਿਅਕਤੀਆਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਅਜਿਹੀ ਘਟਨਾ ਨਾ ਵਾਪਰੇ।
ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਪ੍ਰੋ. ਬਡੂੰਗਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਉਠਾਏ ਗਏ ਇਨ੍ਹਾਂ ਮਸਲਿਆਂ ਨੂੰ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਗੰਭੀਰਤਾ ਨਾਲ ਸੁਣਿਆ ਅਤੇ ਕਾਰਵਾਈ ਕਰਨ ਦਾ ਭਰੋਸਾ ਵੀ ਦਿੱਤਾ।
ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਸ. ਮੇਜਰ ਸਿੰਘ ਢਿੱਲੋਂ, ਸ. ਗੁਰਤੇਜ ਸਿੰਘ ਢੱਡੇ, ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਵੀ ਹਾਜ਼ਰ ਸਨ।