ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਕੀਤੀ ਮੁਲਾਕਾਤ

ਪ੍ਰਧਾਨ ਬਣਨ ਬਾਅਦ ਪਹਿਲੀ ਵਾਰ ਮੁੱਖ ਦਫ਼ਤਰ ਪੁੱਜੇ ਬੀਬੀ ਜਗੀਰ ਕੌਰ ਦਾ ਭਰਵਾਂ ਸਵਾਗਤ

ਅੰਮ੍ਰਿਤਸਰ, ੨ ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਬਾਅਦ ਅੱਜ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਬੀਬੀ ਜਗੀਰ ਕੌਰ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਵੀ ਮੁਲਾਕਾਤ ਕੀਤੀ। ਬੀਬੀ ਜਗੀਰ ਕੌਰ ਨਾਲ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਆਨਰੇਰੀ ਮੁੱਖ ਸਕੱਤਰ ਨਿਯੁਕਤ ਹੋਏ ਐਵੋਡਕੇਟ ਹਰਜਿੰਦਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੀਬੀ ਜਗੀਰ ਕੌਰ, ਸ. ਸੁਰਜੀਤ ਸਿੰਘ ਭਿੱਟੇਵਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਐਡਵੋਕੇਟ ਹਰਜਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਕੌਮੀ ਮਸਲਿਆਂ ‘ਤੇ ਵਿਚਾਰ-ਵਟਾਂਦਰਾਂ ਵੀ ਕੀਤਾ।
ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਕੀ ਢਾਂਚੇ ਦੀ ਸਮੀਖਿਆ ਕੀਤੀ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਨੂੰ ਹੋਰ ਚੁਸਤ ਦੁਰੱਸਤ ਕਰਨ ਲਈ ਵਿਚਾਰ-ਵਟਾਂਦਰਾਂ ਕੀਤਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਇਕ ਸੰਗਤੀ ਅਦਾਰਾ ਹੋਣ ਕਾਰਨ ਇਸ ਦੇ ਪ੍ਰਬੰਧਕੀ ਕਾਰਜਾਂ ਵਿਚ ਆਪਸੀ ਸਹਿਯੋਗ ਦੀ ਭਾਵਨਾ ਵੱਡਾ ਮਹੱਤਵ ਰੱਖਦੀ ਹੈ, ਇਸ ਲਈ ਆਪਸੀ ਮਿਲਵਰਤਨ ਨਾਲ ਸੰਸਥਾ ਦੇ ਕਾਰਜ ਕੀਤੇ ਜਾਣ। ਉਨ੍ਹਾਂ ਕਿਹਾ ਹਰ ਅਧਿਕਾਰੀ ਆਪਣੀ ਡਿਊਟੀ ਪ੍ਰਤੀ ਜ਼ੁੰਮੇਵਾਰ ਹੋਵੇਗਾ ਅਤੇ ਕਿਸੇ ਵੀ ਕੁਤਾਹੀ ਕਰਨ ਵਾਲੇ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਬੀਬੀ ਜਗੀਰ ਕੌਰ ਨੇ ਭਵਿੱਖ ਵਿਚ ਆਉਣ ਵਾਲੀਆਂ ਇਤਿਹਾਸਕ ਸ਼ਤਾਬਦੀਆਂ ਨੂੰ ਪੰਥਕ ਰਵਾਇਤਾਂ ਅਨੁਸਾਰ ਮਨਾਉਣ ਲਈ ਵੀ ਮੁੱਢਲੀ ਰੂਪ-ਰੇਖਾ ‘ਤੇ ਵਿਚਾਰ ਕੀਤੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਫ਼ਤਰ ਪੁੱਜਣ ਮੌਕੇ ਸਵਾਗਤ ਕਰਨ ਵਾਲਿਆਂ ਵਿਚ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਭਾਈ ਅਜਾਇਬ ਸਿੰਘ ਅਭਿਆਸੀ, ਸ. ਗੁਰਨਾਮ ਸਿੰਘ ਜੱਸਲ, ਯੂਥ ਅਕਾਲੀ ਆਗੂ ਸ. ਯੁਵਰਾਜ ਭੁਪਿੰਦਰ ਸਿੰਘ, ਬੀਬੀ ਰਜਨੀਤ ਕੌਰ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਮੁਖਤਾਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਿਮਰਜੀਤ ਸਿੰਘ, ਸ. ਸਤਬੀਰ ਸਿੰਘ ਧਾਮੀ, ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਲਕੀਤ ਸਿੰਘ ਬਹਿੜਵਾਲ, ਬਾਬਾ ਅਮਰੀਕ ਸਿੰਘ ਆਦਿ ਮੌਜੂਦ ਸਨ।