ਕਿਤਾਬਚੇ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਪਦੇਸ਼ਾਂ ਤੇ ਉਨ੍ਹਾਂ ਨਾਲ ਸਬੰਧਤ ਅਸਥਾਨ ਦੀ ਜਾਣਕਾਰੀ ਦਰਜ਼


ਅੰਮ੍ਰਿਤਸਰ, ੫ ਅਗਸਤ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੇ ਪਾਤਸ਼ਾਹ ਦੇ ਜੀਵਨ, ਉਨ੍ਹਾਂ ਦੀ ਪਾਵਨ ਬਾਣੀ ਅਤੇ ਉਪਦੇਸ਼ਾਂ ਸਬੰਧੀ ਜਾਣਕਾਰੀ ਦਿੰਦਾ ਇਕ ਵਿਸ਼ੇਸ਼ ਕਿਤਾਬਚਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਕੀਤਾ। ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਇਹ ਕਿਤਾਬਚਾ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਲਿਖਿਆ ਹੈ। ਕਿਤਾਬਚੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਤੋਂ ਲੈ ਕੇ ਉਨ੍ਹਾਂ ਦੇ ਜੋਤੀ ਜੋਤਿ ਸਮਾਉਣ ਤੱਕ ਦੇ ਜੀਵਨ ਇਤਿਹਾਸ ਨੂੰ ਸੰਖੇਪ ਰੂਪ ਵਿਚ ਪੇਸ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਬਾਣੀ ਅੰਦਰ ਦਰਜ਼ ਉਪਦੇਸ਼ਾਂ ਦੀ ਵੀ ਵਿਆਖਿਆ ਕੀਤੀ ਗਈ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਕੁਝ ਗੁਰਦੁਆਰਾ ਸਾਹਿਬਾਨ ਦੀਆਂ ਰੰਗਦਾਰ ਤਸਵੀਰਾਂ ਵੀ ਇਸ ਵਿਚ ਦਿੱਤੀਆਂ ਹਨ। ਇਨ੍ਹਾਂ ਗੁਰਦੁਆਰਿਆਂ ਵਿਚ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ, ਗੁਰਦੁਆਰਾ ਪੰਜਾ ਸਾਹਿਬ ਪਾਕਿਸਤਾਨ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ, ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਗੁਰਦੁਆਰਾ ਸੱਚਾ ਸੌਦਾ ਸਾਹਿਬ ਪਾਕਿਸਤਾਨ, ਗੁਰਦੁਆਰਾ ਸ੍ਰੀ ਕੋੜਿਆਲਾ ਘਾਟ ਉਤਰਾਖੰਡ, ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ, ਗੁਰਦੁਆਰਾ ਚਰਨ ਕੰਵਲ ਸਾਹਿਬ ਕੀਰਤਪੁਰ ਸਾਹਿਬ ਰੋਪੜ, ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਉਤਰਾਖੰਡ, ਗੁਰਦੁਆਰਾ ਨਾਨਕਸ਼ਾਹੀ ਢਾਕਾ ਬੰਗਲਾ ਦੇਸ਼, ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਤਖਤੂਪੁਰਾ ਮੋਗਾ ਸ਼ਾਮਲ ਹਨ।
ਕਿਤਾਬਚਾ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਵੱਲੋਂ ਭੇਟਾ ਰਹਿਤ ਕਿਤਾਬਚਿਆਂ ਦੀ ਲੜੀ ਤਹਿਤ ਇਸ ਦੀ ਪ੍ਰਕਾਸ਼ਨਾ ਕੀਤੀ ਗਈ ਹੈ ਅਤੇ ਆਸ ਹੈ ਕਿ ਸੰਗਤਾਂ ਇਸ ਨੂੰ ਪੜ੍ਹ ਕੇ ਗੁਰੂ ਸਾਹਿਬ ਦੇ ਜੀਵਨ, ਉਨ੍ਹਾਂ ਦੀ ਵਿਚਾਰਧਾਰਾ ਅਤੇ ਉਨ੍ਹਾਂ ਨਾਲ ਸਬੰਧਤ ਅਸਥਾਨਾਂ ਬਾਰੇ ਜਾਣਕਾਰੀ ਹਾਸਿਲ ਕਰਨਗੀਆਂ। ਉਨ੍ਹਾਂ ਆਖਿਆ ਕਿ ਇਸ ਲੜੀ ਤਹਿਤ ਹੋਰ ਵੀ ਪੁਸਤਕਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਅਮਰੀਕ ਸਿੰਘ ਵਿਛੋਆ, ਸ. ਜਰਨੈਲ ਸਿੰਘ ਕਰਤਾਰਪੁਰ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਪ੍ਰੀਤ ਸਿੰਘ ਝੱਬਰ, ਭਾਈ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸ. ਮਹਿੰਦਰ ਸਿੰਘ ਆਹਲੀ, ਇੰਜ: ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ ਆਦਿ ਮੌਜੂਦ ਸਨ।