ਕੈਨੇਡਾ ਦੇ ਰੱਖਿਆ ਮੰਤਰੀ ਨੂੰ ਕੀਤਾ ਜਾਵੇਗਾ ਸਨਮਾਨਿਤ

 

ਚੋਹਲਾ ਸਾਹਿਬ , 17 ਅਪ੍ਰੈਲ (           ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਇਥੇ ਕਿਹਾ ਕਿ ਕੈਨੇਡਾ ਦੇ ਰੱਖਿਆ ਮੰਤਰੀ ਸ. ਹਰਜੀਤ ਸਿੰਘ ਸੱਜਣ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਣ ‘ਤੇ ਸਨਮਾਨ ਕੀਤਾ ਜਾਵੇਗਾ। ਉਹ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਡਿਗਰੀ ਵੰਡ ਸਮਾਰੋਹ ਵਿਚ ਪਹੁੰਚਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਮੁੱਖ ਸ਼ਖਸੀਅਤ ਜਿਸ ‘ਤੇ ਗੁਰੂ ਸਾਹਿਬ ਨੇ ਕਿਰਪਾ ਕਰਕੇ ਕੋਈ ਉੱਚ ਅਹੁਦਾ ਬਖਸ਼ਿਆ ਹੋਏ ਉਸ ਨੂੰ ਪਰੰਪਰਾ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਵਿਖੇ ਦਰਸ਼ਨ ਕਰਨ ਪੁੱਜਣ ਸਮੇਂ ਸਨਮਾਨਿਤ ਕੀਤਾ ਜਾਂਦਾ ਹੈ। ਸ. ਹਰਜੀਤ ਸਿੰਘ ਸੱਜਣ ਇੱਕ ਪੂਰਨ ਅੰਮ੍ਰਿਧਾਰੀ ਗੁਰਸਿੱਖ ਹਨ ਅਤੇ ਉਨਾਂ ਦੇ ਵਿਕਸਤ ਮੁਲਕ ਕੈਨੇਡਾ ਦੇ ਰੱਖਿਆ ਮੰਤਰੀ ਬਣਨ ਨਾਲ ਸਮੁੱਚੀ ਸਿੱਖ ਕੌਮ ਦਾ ਮਾਣ ਵਿਸ਼ਵ ਭਰ ਵਿਚ ਵਧਿਆ ਹੈ।

ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਇਸੇ ਤਹਿਤ ਹੀ ਸ਼੍ਰੋਮਣੀ ਕਮੇਟੀ ਦੇ ਕਾਲਜਾਂ ਵਿਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਅਕਸਰ ਇਹ ਚਿੰਤਾ ਤਾਂ ਰਹਿੰਦੀ ਹੈ ਕਿ ਸਾਡੇ ਬੱਚੇ ਸਿੱਖੀ ਸਰੂਪ ਤੋਂ ਦੂਰ ਹੁੰਦੇ ਜਾ ਰਹੇ ਹਨ ਪਰ ਅਸੀਂ ਇਸ ਲਈ ਜਿੰਮੇਵਾਰੀ ਕਬੂਲਣ ਦੀ ਥਾਂ ਹੋਰਨਾਂ ਨੂੰ ਦੋਸ਼ ਦੇ ਦਿੰਦੇ ਹਾਂ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਸਿੱਖ ਸੰਸਥਾਵਾਂ, ਵਿਦਿਅਕ ਅਦਾਰਿਆਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਸਾਂਝੇ ਰੂਪ ਵਿਚ ਯਤਨ ਕਰਨੇ ਪੈਣਗੇ। ਪ੍ਰੋ ਬਡੂੰਗਰ ਨੇ ਅਖਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਵਿਚ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਨੈਤਿਕ ਤੇ ਧਾਰਮਿਕ ਸਿੱਖਿਆ ਦਾ ਵੀ ਪ੍ਰਬੰਧ ਕੀਤਾ ਜਾਂਦਾ ਹੈ ਤਾਂ ਜੋ ਸਾਡਾ ਕੌਮੀ ਭਵਿੱਖ ਸਿੱਖ ਰਹੁਰੀਤਾਂ ਤੇ ਕਦਰਾਂ ਕੀਮਤਾਂ ਨਾਲ ਜੁੜਿਆ ਰਹੇ। ਉਨ੍ਹਾਂ ਆਖਿਆ ਕਿ ਉਹੀ ਕੌਮਾਂ ਤਰੱਕੀ ਕਰਦੀਆਂ ਹਨ ਜਿਹੜੀਆਂ ਆਪਣੇ ਵਿਰਸੇ ਨਾਲ ਜੁੜ ਕੇ ਅੱਗੇ ਵਧਦੀਆਂ ਹਨ।

ਇਸ ਮੌਕੇ ਮੈਂਬਰ ਪਾਰਲੀਮੈਂਟ ਸ. ਰਣਜੀਤ ਸਿੰਘ ਬ੍ਰਹਮਪੁਰਾ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲਾ ਤੇ ਸ. ਖੁਸ਼ਵਿੰਦਰ ਸਿੰਘ ਭਾਟੀਆ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਪਿੰਸੀਪਲ ਡਾ. ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।