ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਲਈ ਮਾਝਾ, ਮਾਲਵਾ ਤੇ ਦੁਆਬਾ ਅਧਾਰਿਤ ਤਿੰਨ ਕੇਂਦਰ ਬਣਾਏ ਜਾਣਗੇ

ਪ੍ਰੋ: ਪਿਆਰਾ ਸਿੰਘ ਪਦਮ, ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਅਤੇ ਭਾਈ ਹਰਮਿੰਦਰ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਜਾਣਗੀਆਂ

ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ

ਦੋਰਾਹਾ (ਲੁਧਿਆਣਾ), ੨੭ ਫਰਵਰੀ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਮੁੱਖ ਰੱਖਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਂਬਰ ਸਾਹਿਬਾਨ ਦੀ ਅਗਵਾਈ ਹੇਠ ਸੰਗਤਾਂ ਨੂੰ ਸੁਚੇਤ ਕਰਨ ਲਈ ਜ਼ੋਰਦਾਰ ਮੁਹਿੰਮ ਆਰੰਭੀ ਜਾਵੇਗੀ ਅਤੇ ਵੱਖ-ਵੱਖ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪਹੁੰਚਾਉਣ ਲਈ ਪੰਜਾਬ ਅੰਦਰ ਮਾਝਾ, ਮਾਲਵਾ ਤੇ ਦੁਆਬਾ ਵਿਖੇ ਤਿੰਨ ਕੇਂਦਰ ਸਥਾਪਤ ਕੀਤੇ ਜਾਣਗੇ। ਵਿਦੇਸ਼ਾਂ ਅੰਦਰ ਗੁਰੂ-ਘਰਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਮੰਗ ਅਨੁਸਾਰ ਕੈਨੇਡਾ ਵਿਖੇ ੨੫੦ ਸਰੂਪ ਭੇਜੇ ਜਾਣਗੇ। ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਦੇਗਸਰ ਸਾਹਿਬ ਪਾ: ਛੇਵੀਂ ਅਤੇ ਦਸਵੀਂ ਕਟਾਣਾ ਸਾਹਿਬ (ਲੁਧਿਆਣਾ) ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਲਿਆ ਗਿਆ।
ਇਕੱਤਰਤਾ ਉਪਰੰਤ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਮਾਨਯੋਗ ਪ੍ਰਧਾਨ ਸਾਹਿਬ ਜੀ ਦੀ ਭਤੀਜੀ ਬੀਬੀ ਤਜਿੰਦਰ ਕੌਰ (੩੬) ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਕਾਰਨ ਉਨ੍ਹਾਂ ਨੂੰ ਜਾਣਾ ਪਿਆ ਹੈ। ਉਨ੍ਹਾਂ ਕਿਹਾ ਕਿ ਬੀਬੀ ਤਜਿੰਦਰ ਕੌਰ ਦੇ ਅਕਾਲ ਚਲਾਣੇ ‘ਤੇ ਅੰਤ੍ਰਿੰਗ ਕਮੇਟੀ ਵੱਲੋਂ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਅੰਤ੍ਰਿੰਗ ਕਮੇਟੀ ਦੇ ਫੈਸਲਿਆਂ ਸਬੰਧੀ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੁਕੰਮਲ ਅਦਬ ਸਤਿਕਾਰ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਫੈਸਲਾ ਕੀਤਾ ਗਿਆ ਹੈ ਕਿ ਪਾਵਨ ਸਰੂਪਾਂ ਲਈ ਪੁੱਜਦੀਆਂ ਮੰਗਾਂ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਸਬੰਧਤ ਸਥਾਨ ‘ਤੇ ਜਾ ਕੇ ਪ੍ਰਕਾਸ਼ ਅਸਥਾਨ, ਸੁੱਖ ਆਸਣ ਸਥਾਨ ਸਮੇਤ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨਾਲ ਅਦਬ ਸਤਿਕਾਰ ਸਬੰਧੀ ਗੱਲਬਾਤ ਕਰਨ ਤੋਂ ਬਾਅਦ ਪਾਵਨ ਸਰੂਪ ਦੇਣ ਲਈ ਸਿਫਾਰਸ਼ ਕਰਨਗੇ। ਇਸ ਤੋਂ ਬਾਅਦ ਹੀ ਪਾਵਨ ਸਰੂਪ ਭੇਜੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਅੰਦਰ ਮਾਝਾ, ਮਾਲਵਾ ਅਤੇ ਦੋਆਬਾ ਵਿਖੇ ਤਿੰਨ ਕੇਂਦਰ ਬਣਾਏ ਜਾਣਗੇ ਜਿਥੋਂ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਾਪਤ ਕਰ ਸਕਣਗੀਆਂ। ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ਅੰਦਰ ਵੀ ਪਾਵਨ ਸਰੂਪਾਂ ਦੀ ਵੱਡੀ ਮੰਗ ਹੈ, ਇਸ ਸਬੰਧ ਵਿਚ ਸਿੱਖ ਵਿਰਾਸਤ ਸੁਸਾਇਟੀ ਬ੍ਰੈਂਪਟਨ (ਕੈਨੇਡਾ) ਵੱਲੋਂ ਪਾਵਨ ਸਰੂਪਾਂ ਦੀ ਕੀਤੀ ਗਈ ਮੰਗ ਨੂੰ ਵਿਚਾਰਨ ਉਪਰੰਤ ਕੈਨੇਡਾ ਵਿਖੇ ੨੫੦ ਸਰੂਪ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਪਣੀਆਂ ਲਿਖਤਾਂ ਦੁਆਰਾ ਸਿੱਖ ਸਾਹਿਤ ਵਿਚ ਜ਼ਿਕਰਯੋਗ ਯੋਗਦਾਨ ਪਾਉਣ ਵਾਲੇ ਉੱਘੇ ਲੇਖਕ ਪ੍ਰੋ: ਪਿਆਰਾ ਸਿੰਘ ਪਦਮ, ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਅਤੇ ਡੱਬਵਾਲੀ ਕਾਂਡ ਵਿਚ ਸ਼ਹੀਦ ਹੋਏ ਭਾਈ ਹਰਮਿੰਦਰ ਸਿੰਘ ਦੀ ਤਸਵੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਕੇਂਦਰ ਸਿੱਖ ਅਜਾਇਬ ਘਰ ਵਿਖੇ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਸ. ਚਾਵਲਾ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਦੀ ਸਵੈਇੱਛਾ ਅਨੁਸਾਰ ਜਨਵਰੀ ੨੦੧੭ ਤੋਂ ਉਨ੍ਹਾਂ ਦੀ ਤਨਖਾਹ ੩ ਲੱਖ ਦੀ ਬਜਾਏ ੧ ਲੱਖ ਰੁਪਏ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ (ਹਰਿਆਣਾ) ਲਈ ੨ ਕਰੋੜ ਰੁਪਏ ਦੀ ਸਹਾਇਤਾ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਉਨ੍ਹਾਂ ਹੋਰ ਦੱਸਿਆ ਕਿ ਪਿੰਡ ਘੜੂੰਆਂ (ਮੋਹਾਲੀ) ਵਿਖੇ ਭਾਈ ਨੱਥਾ ਸਿੰਘ ਤੇ ਭਾਈ ਉਜਾਗਰ ਸਿੰਘ ਦੇ ਪਰਿਵਾਰ ਗੁਰੂ ਸਾਹਿਬਾਨ ਦੀ ਬਖਸ਼ਿਸ਼ ਸਦਕਾ ਪੀੜੀ-ਦਰ-ਪੀੜੀ ਸਰਬਲੋਹ ਦੇ ਭਾਂਡੇ ਤਿਆਰ ਕਰਦੇ ਆ ਰਹੇ ਹਨ। ਇਨ੍ਹਾਂ ਪਾਸੋਂ ਗੁਰੂ ਕੇ ਲੰਗਰਾਂ ਲਈ ਸ਼੍ਰੋਮਣੀ ਕਮੇਟੀ ਭਾਂਡੇ ਖ੍ਰੀਦ ਕਰੇਗੀ। ਇਹ ਕਾਰਜ ਤਖ਼ਤ ਸ੍ਰੀ ਕੇਸਗੜ੍ਹ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਕੀਤਾ ਜਾਵੇਗਾ ਅਤੇ ਬਾਅਦ ਵਿਚ ਹੋਰ ਗੁਰੂ-ਘਰਾਂ ਲਈ ਵੀ ਸਰਬਲੋਹ ਦੇ ਭਾਂਡੇ ਖ੍ਰੀਦੇ ਜਾਣਗੇ। ਇਸ ਸਬੰਧ ਵਿਚ ਇਕ ਸਬ-ਕਮੇਟੀ ਗਠਿਤ ਕੀਤੀ ਗਈ ਹੈ। ਭਾਈ ਚਾਵਲਾ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮੌਕੇ ਸੰਗਤਾਂ ਦੀ ਵੱਡੀ ਗਿਣਤੀ ਵਿਚ ਆਮਦ ਦੇ ਮੱਦੇਨਜ਼ਰ ਉਨ੍ਹਾਂ ਦੇ ਠਹਿਰਾਉ ਲਈ ਆਰਜ਼ੀ ਤੌਰ ‘ਤੇ ਟੈਂਟ ਲਗਾਉਣ ਦਾ ਫੈਸਲਾ ਵੀ ਕੀਤਾ ਗਿਆ ਹੈ। ਉਨ੍ਹਾਂ ਅੰਤ੍ਰਿੰਗ ਕਮੇਟੀ ਦੇ ਫੈਸਲਿਆਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਬੀਰ ਸਿੰਘ ਜੀ ਅਤੇ ਭਾਈ ਮਹਾਰਾਜ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਹਰ ਸਾਲ ਸਮਾਗਮ ਕੀਤਾ ਜਾਇਆ ਕਰੇਗਾ। ਮੀਟਿੰਗ ਵਿਚ ਸੰਗਤ ਦੀ ਵਧਦੀ ਆਮਦ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਦੀ ਨਵੀਂ ਬਣੀ ਇਮਾਰਤ ਲਈ ਦੋ ਲਿਫਟਾਂ ਲਗਾਉਣ ਨੂੰ ਪ੍ਰਵਾਨਗੀ ਵੀ ਦਿੱਤੀ ਗਈ। ਇਸੇ ਤਰ੍ਹਾਂ ਸੰਗਤਾਂ ਦੀ ਸਹੂਲਤ ਲਈ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਆਈ.ਸੀ.ਆਈ.ਸੀ.ਆਈ. ਬੈਂਕ ਦਾ ਏ.ਟੀ.ਐਮ. ਲਗਾਉਣ ਨੂੰ ਵੀ ਪ੍ਰਵਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਇਕੱਤਰਤਾ ਵਿਚ ਟਰੱਸਟ ਵਿਭਾਗ, ਸੈਕਸ਼ਨ ੮੫, ਸੈਕਸ਼ਨ ੮੭, ਅਮਲਾ ਵਿਭਾਗ ਅਤੇ ਹੋਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਨੂੰ ਵੀ ਵਿਚਾਰਿਆ ਗਿਆ ਹੈ।
ਇਸ ਮੌਕੇ ਸ. ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ, ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ, ਸ. ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ ਅੰਮ੍ਰਿਤਸਰ, ਸ: ਜੈਪਾਲ ਸਿੰਘ ਮੰਡੀਆਂ, ਸ: ਸੁਰਜੀਤ ਸਿੰਘ ਭਿੱਟੇਵੱਡ, ਸ: ਨਿਰਮਲ ਸਿੰਘ ਹਰਿਆਓ, ਸ: ਕੁਲਵੰਤ ਸਿੰਘ ਮੰਨਣ, ਸ: ਬਲਵਿੰਦਰ ਸਿੰਘ ਵੇਈਂਪੂਈ, ਸ: ਗੁਰਮੇਲ ਸਿੰਘ ਸੰਗਤਪੁਰਾ, ਸ. ਸਤਪਾਲ ਸਿੰਘ ਤਲਵੰਡੀ ਭਾਈ ਤੇ ਸ: ਸੁਰਜੀਤ ਸਿੰਘ ਕਾਲਾਬੂਲਾ, ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਸ. ਕੇਵਲ ਸਿੰਘ, ਸ. ਰਣਜੀਤ ਸਿੰਘ ਤੇ ਸ. ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ ਮੀਡੀਆ, ਸ. ਸੁਖਵਿੰਦਰ ਸਿੰਘ ਗਰੇਵਾਲ ਮੈਨੇਜਰ ਗੁਰਦੁਆਰਾ ਦੇਗਸਰ ਸਾਹਿਬ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਬਲਕਾਰ ਸਿੰਘ ਜੌੜਾ, ਸ. ਪਰਮਦੀਪ ਸਿੰਘ ਤੇ ਸ. ਗੁਰਚਰਨ ਸਿੰਘ ਇੰਚਾਰਜ, ਸ. ਹਰਜਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।