ਅੰਮ੍ਰਿਤਸਰ, 1 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਮੋਰਿੰਡਾ ਤੋਂ ਮੈਂਬਰ ਸ. ਅਜਮੇਰ ਸਿੰਘ ਖੇੜਾ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਹੈ। ਉਨ੍ਹਾਂ ਇਹ ਰਾਸ਼ੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੌਂਪੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਗੁਰੂ ਕੇ ਲੰਗਰ ਹਮੇਸ਼ਾ ਹੀ ਸੰਗਤਾਂ ਦੇ ਤਿਲਫੁਲ ਨਾਲ ਹੀ ਚੱਲਦੇ ਹਨ। ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਬਾਰ ਦੀ ਵਡਿਆਈ ਹੈ। ਉਨ੍ਹਾਂ ਸ. ਖੇੜਾ ਦਾ ਧੰਨਵਾਦ ਕੀਤਾ। ਇਸ ਮੌਕੇ ਸ. ਖੇੜਾ ਨੇ ਕਿਹਾ ਕਿ ਦੁਨੀਆਂ ਭਰ ਦੀਆਂ ਸੰਗਤਾਂ ਲਈ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਰੋਜ਼ਾਨਾ ਲੱਖਾਂ ਸੰਗਤਾਂ ਪ੍ਰਸ਼ਾਦਾਂ ਛਕਦੀਆਂ ਹਨ ਅਤੇ ਇਥੇ ਸੇਵਾ ਵਿਚ ਹਿੱਸਾ ਪਾਉਣਾ ਗੁਰੂ ਸਾਹਿਬ ਜੀ ਦੀ ਬਖ਼ਸ਼ਿਸ ਹੈ। ਸ. ਖੇੜਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦਾਂ ਦੀ ਮੱਦਦ ਲਈ ਨਿਭਾਈਆਂ ਜਾਂਦੀਆਂ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ। ਸ. ਅਜਮੇਰ ਸਿੰਘ ਖੇੜਾ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮੇਂ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਗੁਰਪ੍ਰੀਤ ਸਿੰਘ ਝੱਬਰ, ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਜੱਸਾ ਸਿੰਘ ਤੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਆਦਿ ਮੌਜੂਦ ਸਨ।