ਅੰਮ੍ਰਿਤਸਰ, 20 ਅਗਸਤ-
ਕੇਰਲ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਪ੍ਰਭਾਵਤ ਹੋਏ ਲੋਕਾਂ ਦੀ ਸਹਾਇਤਾ ਲਈ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਅੱਜ ਅੰਤ੍ਰਿੰਗ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਮਨਜੀਤ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਜਿੰਦਰ ਸਿੰਘ ਮਹਿਤਾ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਾਂਝੇ ਤੌਰ ‘ਤੇ ਕੇਰਲ ਲਈ ਰਾਹਤ ਟੀਮ ਰਵਾਨਾ ਕੀਤੀ। ਸ਼੍ਰੋਮਣੀ ਕਮੇਟੀ ਦਫਤਰ ਤੋਂ ਰਾਹਤ ਸਮੱਗਰੀ ਸਮੇਤ ਕੇਰਲਾ ਲਈ ਭੇਜੀ ਗਈ ਟੀਮ ਵਿਚ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਵਧੀਕ ਮੈਨੇਜਰ ਸ. ਸੁਖਬੀਰ ਸਿੰਘ ਤੇ ਸ. ਹਰਪ੍ਰੀਤ ਸਿੰਘ ਸਮੇਤ ੩੫ ਦੇ ਕਰੀਬ ਮੁਲਾਜਮ ਸ਼ਾਮਲ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੁਦਰਤੀ ਆਫਤਾਂ ਸਮੇਂ ਹਮੇਸ਼ਾਂ ਹੀ ਦੁਖੀ ਲੋਕਾਂ ਦੀ ਮੱਦਦ ਕਰਦੀ ਰਹੀ ਹੈ ਅਤੇ ਇਸੇ ਤਹਿਤ ਹੀ ਭਾਈ ਗੋਬਿੰਦ ਸਿੰਘ ਲੋਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕੇਰਲਾ ‘ਚ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੇਰਲਾ ਵਿਚ ਵੱਖ ਵੱਖ ਥਾਵਾਂ ‘ਤੇ ਰਾਹਤ ਕੈਂਪ ਲਗਾਏ ਜਾਣਗੇ ਅਤੇ ਪੀੜਤਾਂ ਲਈ ਲੰਗਰ, ਬਸਤਰ ਅਤੇ ਮੁਢਲੀਆਂ ਸਿਹਤ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇਗਾ। ਡਾ. ਰੂਪ ਸਿੰਘ ਅਨੁਸਾਰ ਬੇਸ਼ੱਕ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਕੈਂਪਾਂ ਵਿਚ ਹੀ ਲੰਗਰ ਤਿਆਰ ਕਰਨ ਦਾ ਪ੍ਰਬੰਧ ਕੀਤਾ ਜਾਵੇਗਾ ਪਰ ਲੰਗਰ ਲਈ ਲੋੜੀਂਦਾ ਸਮਾਨ ਇਥੋਂ ਹੀ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਭੇਜੇ ਗਏ ਸਮਾਨ ਵਿਚ ਆਟਾ, ਖੰਡ, ਸੁੱਕਾ ਦੁੱਧ, ਦਾਲਾਂ, ਚੌਲ, ਮਸਾਲੇ, ਸਾਬਣ, ਪੇਸਟ ਤੇ ਟੁੱਥ ਬੁਰਸ਼ ਆਦਿ ਸ਼ਾਮਲ ਹੈ ਅਤੇ ਇਸ ਤੋਂ ਇਲਾਵਾ ਦੀਵਾਈਆਂ ਵੀ ਭੇਜੀਆਂ ਗਈਆਂ ਹਨ। ਉਨ੍ਹਾਂ ਲਗਾਏ ਜਾਣ ਵਾਲੇ ਕੈਂਪਾਂ ਬਾਰੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਕਾਰਜ ਲਈ ਬੰਗਲੌਰ ਦੀ ਸ੍ਰੀ ਗੁਰੂ ਸਿੰਘ ਸਭਾ ਦੀ ਸਹਾਇਤਾ ਲਈ ਜਾਵੇਗੀ ਅਤੇ ਇਸ ਤੋਂ ਇਲਾਵਾ ਕੇਰਲਾ ਦੇ ਕੋਚੀ ਤੇ ਕੋਇੰਮਬਟੂਰ ਵਿਖੇ ਮੁੱਖ ਰਾਹਤ ਕੇਂਦਰ ਬਣਾਏ ਜਾਣਗੇ। ਇਨ੍ਹਾਂ ਕੇਂਦਰਾਂ ਤੋਂ ਹੀ ਪ੍ਰਵਾਵਿਤ ਇਲਾਕਿਆਂ ਤੱਕ ਰਾਹਤ ਸਮੱਗਰੀ ਪਹੁੰਚਾਈ ਜਾਵੇਗੀ। ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਇਹ ਵੀ ਦੱਸਿਆ ਕਿ ਰਾਹਤ ਸੇਵਾਵਾਂ ਲਈ ਕੋਈ ਸਮਾਂ ਸੀਮਾ ਨਿਰਧਾਰਤ ਨਹੀਂ ਕੀਤੀ ਗਈ ਅਤੇ ਜਦੋਂ ਤੱਕ ਲੋੜ ਰਹੇਗੀ ਸ਼੍ਰੋਮਣੀ ਕਮੇਟੀ ਦੇ ਰਾਹਤ ਕੈਂਪ ਓਨਾ ਚਿਰ ਜਾਰੀ ਰਹਿਣਗੇ। ਡਾ. ਰੂਪ ਸਿੰਘ ਅਨੁਸਾਰ ਸੰਗਤਾਂ ਨੂੰ ਰਾਹਤ ਕਾਰਜਾਂ ਦਾ ਹਿੱਸਾ ਬਣਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ ‘ਤੇ ਵੱਖ-ਵੱਖ ਕੇਂਦਰ ਨਿਰਧਾਰਤ ਕੀਤੇ ਗਏ ਹਨ ਜਿਨ੍ਹਾਂ ਵਿਚ ਭਾਈ ਗੁਰਦਾਸ ਹਾਲ ਸ੍ਰੀ ਅੰਮ੍ਰਿਤਸਰ, ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ, ਗੁਰਦੁਆਰਾ ਸ੍ਰੀ ਨਾਢਾ ਸਾਹਿਬ ਪੰਚਕੂਲਾ ਹਰਿਆਣਾ ਤੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਹਰਿਆਣਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿਖੇ ਸੰਗਤਾਂ ਰਾਹਤ ਸਮੱਗਰੀ ਭੇਜ ਸਕਦੀਆਂ ਹਨ।
ਰਾਹਤ ਟੀਮ ਨੂੰ ਰਵਾਨਾ ਕਰਨ ਸਮੇਂ ਅੰਤ੍ਰਿੰਗ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਮਨਜੀਤ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਮੁਖਤਾਰ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜਿੰਦਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ ਸਮੇਤ ਹੋਰ ਮੌਜੂਦ ਸਨ।

ਦੁਖੀਆਂ ਤੇ ਲੋੜਵੰਦਾਂ ਦੀ ਮੱਦਦ ਕਰਨਾ ਸਿੱਖਾਂ ਦਾ ਧਰਮ ਕਰਤੱਵ –ਭਾਈ ਲੌਂਗੋਵਾਲ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇੱਕ ਬਿਆਨ ਰਾਹੀਂ ਕਿਹਾ ਹੈ ਕਿ ਦੁਖੀ ਤੇ ਲੋੜਵੰਦ ਲੋਕਾਂ ਦੀ ਮੱਦਦ ਕਰਨਾ ਸਿੱਖਾਂ ਦਾ ਧਰਮ ਕਰਤੱਵ ਹੈ ਅਤੇ ਸਿੱਖ ਹਮੇਸ਼ਾ ਗੁਰੂ ਦਰਸਾਏ ਮਾਰਗ ਅਨੁਸਾਰ ਹਰ ਮੁਸ਼ਕਿਲ ਸਮੇਂ ਮੋਹਰੀ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਕੇਰਲਾ ਵਿਚ ਹੜ੍ਹਾਂ ਦੌਰਾਨ ਪ੍ਰਭਾਵਤ ਹੋਏ ਲੋਕਾਂ ਦੀ ਸਹਾਇਤਾ ਲਈ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਸ ਕੁਦਰਤੀ ਕਰੋਪੀ ਦੌਰਾਨ ਹੋਏ ਜਾਨੀ ਤੇ ਮਾਲੀ ਨੁਕਸਾਨ ‘ਤੇ ਜਿਥੇ ਦੁੱਖ ਤੇ ਹਮਦਰਦੀ ਪ੍ਰਗਟ ਕੀਤੀ, ਉਥੇ ਹੀ ਹੜ੍ਹ ਪੀੜਤਾਂ ਦੀ ਹਰ ਸੰਭਵ ਸਹਾਇਤਾ ਲਈ ਵਚਨਬਧਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਸ ਔਖੀ ਘੜ੍ਹੀ ਸਮੇਂ ਪੀੜਤਾਂ ਦੀ ਮਦਦ ਲਈ ਸਮੁੱਚੀ ਮਨੁੱਖਤਾ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸੰਕਟ ਖ਼ਤਮ ਹੋਣ ਤੱਕ ਹਮਦਰਦੀ ਦੀ ਭਾਵਨਾ ਤਹਿਤ ਕਾਰਜ ਕਰਨੇ ਚਾਹੀਦੇ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਲਗਾਤਾਰ ਰਾਹਤ ਕਾਰਜ ਜਾਰੀ ਰੱਖੇਗੀ ਅਤੇ ਹਲਾਤ ਠੀਕ ਹੋਣ ਤੀਕ ਇਹ ਕਾਰਜ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਭੇਜਣ ਲਈ ਜਿਥੇ ਸੜਕੀ ਸਾਧਨਾ ਰਾਹੀਂ ਪ੍ਰਬੰਧ ਕੀਤਾ ਜਾ ਰਿਹਾ ਹੈ, ਉਥੇ ਹੀ ਹਵਾਈ ਸੇਵਾਵਾਂ ਵੀ ਵਰਤੀਆਂ ਜਾਣਗੀਆਂ। ਉਨ੍ਹਾਂ ਹਵਾਈ ਸੇਵਾਵਾਂ ਦੇਣ ਵਾਲੀਆਂ ਕੰਪਨੀਆਂ ਅਤੇ ਸਰਕਾਰਾਂ ਨੂੰ ਵੀ ਅਪੀਲ ਕੀਤੀ ਕਿ ਰਾਹਤ ਸਮੱਗਰੀ ਕੇਰਲ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਦਾ ਸਾਥ ਦੇਣ ਤਾਂ ਜੋ ਵੱਡੀ ਪੱਧਰ ‘ਤੇ ਕੇਰਲ ਵਿਖੇ ਰਾਹਤ ਸਮੱਗਰੀ ਸਮੇਂ ਸਿਰ ਪਹੁੰਚ ਸਕੇ।