ਅੰਮ੍ਰਿਤਸਰ, 23 ਮਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨੀਂ ਕੀਤੇ ਉਸ ਖੁਲਾਸੇ ਦਾ ਗੰਭੀਰ ਨੋਟਿਸ ਲਿਆ ਹੈ, ਜਿਸ ਵਿਚ ਉਨ੍ਹਾਂ ਨੇ ਆਖਿਆ ਸੀ ਕਿ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਦੇ ਸਮੇਂ ਪੁਲਿਸ ਸਾਹਮਣੇ ਉਨ੍ਹਾਂ ਨੇ 21 ਸਿੱਖਾਂ ਨੂੰ ਪੇਸ਼ ਕਰਵਾਇਆ ਸੀ, ਜਿਨ੍ਹਾਂ ਨੂੰ ਬਾਅਦ ਵਿਚ ਮਾਰ ਦਿੱਤਾ ਗਿਆ।

ਸ਼੍ਰੋਮਣੀ ਕਮੇਟੀ ਦੇ ਦੋਹਾਂ ਆਗੂਆਂ ਨੇ ਕਿਹਾ ਕਿਉਂਕਿ ਮਾਮਲਾ ਮਨੁੱਖੀ ਅਧਿਕਾਰਾਂ ਦੇ ਹਨਨ ਅਤੇ ਸਿੱਖ ਨੌਜੁਆਨਾ ਨੂੰ ਝੂਠੇ ਮੁਕਾਬਲੇ ਵਿਚ ਮਾਰਨ ਦਾ ਹੈ, ਇਸ ਲਈ ਇਸ ਦੀ ਡੂੰਘਾਈ ਨਾਲ ਪੜਤਾਲ ਹੋਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਆਪ ਹੀ ਇਸ ਗੱਲ ਦਾ ਖੁਲਾਸਾ ਕਰਕੇ ਇਹ ਸਿੱਧ ਕੀਤਾ ਗਿਆ ਹੈ ਕਿ ਉਸ ਸਮੇਂ ਸਿੱਖਾਂ ਨੂੰ ਜਾਨੋਂ ਮਾਰਨ ਸਮੇਂ ਕਾਨੂੰਨ ਦੀਆਂ ਕਿਵੇਂ ਧੱਜੀਆਂ ਉਡਾਈਆਂ ਜਾਂਦੀਆਂ ਸਨ। ਉਨ੍ਹਾਂ ਇਹ ਵੀ ਆਖਿਆ ਕਿ ਇਕਬਾਲ ਕਰਨ ਵਾਲੇ ਵੀ ਕਿਉਂਕਿ ਖ਼ੁਦ ਮੁੱਖ ਮੰਤਰੀ ਹਨ, ਇਸ ਲਈ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ ਕਿ ਮਾਮਲੇ ਦੀ ਤਹਿ ਤੱਕ ਜਾ ਕੇ ਉਸ ਸਮੇਂ ਦਾ ਅਸਲ ਸੱਚ ਸਾਹਮਣੇ ਲਿਆਂਦਾ ਜਾਵੇ।

ਭਾਈ ਚਾਵਲਾ ਨੇ ਸਵਾਲ ਕੀਤਾ ਕਿ ਮੁੱਖ ਮੰਤਰੀ ਇਹ ਦੱਸਣ ਦੀ ਖੇਚਲ ਵੀ ਕਰਨ ਕਿ ਉਨ੍ਹਾਂ ਨੇ 21 ਸਿੱਖਾਂ ਨੂੰ ਬਚਾਉਣ ਲਈ ਇਹ ਕਦਮ ਚੁੱਕਿਆ ਸੀ ਜਾਂ ਖ਼ਤਮ ਕਰਵਾਉਣ ਲਈ? ਭਾਈ ਚਾਵਲਾ ਨੇ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਖ਼ੁਦ ਇਹ ਸਵੀਕਾਰਦੇ ਹਨ ਕਿ ਜਿਨ੍ਹਾਂ ਵਿਅਕਤੀਆਂ ਨੂੰ ਉਨ੍ਹਾਂ ਨੇ ਪੇਸ਼ ਕਰਵਾਇਆ ਸੀ, ਨੂੰ ਮਾਰ ਦਿੱਤਾ ਗਿਆ ਤਾਂ ਫਿਰ ਤੁਰੰਤ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਨੂੰ ਨਾਮਜ਼ਦ ਕਰਨਾ ਚਾਹੀਦਾ ਹੈ।

ਉਨ੍ਹਾਂ ਵਿਸ਼ੇਸ਼ ਤਵੱਜੋਂ ਦਿੰਦਿਆਂ ਕਿਹਾ ਕਿ ਜੇਕਰ ਕੇਸ ਦੀ ਬਾਰੀਕੀ ਨਾਲ ਜਾਂਚ ਹੋਵੇ ਤਾਂ ਕਈ ਤਹਿਆਂ ਖੁੱਲ੍ਹਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੇ ਨਾਲ-ਨਾਲ ਮੁਆਵਜ਼ਾ ਵੀ ਦੇਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਰੇ ਗਏ ਸਿੱਖ ਨੌਜੁਆਨਾਂ ਦੇ ਨਾਮ ਵੀ ਜਨਤਕ ਕੀਤੇ ਜਾਣ। ਭਾਈ ਚਾਵਲਾ ਵੱਲੋਂ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਤੁਰੰਤ ਇਸ ਮਾਮਲੇ ‘ਤੇ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਗਈ।