50 ਕਿਸਮਾਂ ਦੇ 2500 ਵਿਰਸਾਤੀ ਦਰਖਤ ਵਾਤਾਵਰਣ ’ਚ ਤਾਜ਼ਗੀ ਪੈਦਾ ਕਰਨਗੇ

ਅੰਮ੍ਰਿਤਸਰ, 6 ਜੁਲਾਈ- ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਵਿਚ ਬਾਗ ਸਥਾਪਤ ਕਰਨ ਦੀ ਲੜੀ ਤਹਿਤ ਅੱਜ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ, ਹੁਸ਼ਿਆਰ ਨਗਰ ਵਿਖੇ ਵੱਡੀ ਗਿਣਤੀ ਵਿਚ ਬੂਟੇ ਲਗਾਏ ਗਏ। ਇਹ ਗੁਰਦੁਆਰਾ ਸਾਹਿਬ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨਾਲ ਸਬੰਧਤ ਇਤਿਹਾਸਕ ਅਸਥਾਨ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਥੇ ਪਹਿਲਾਂ ਕੁਦਰਤੀ ਖੇਤੀ ਫਾਰਮ ਵੀ ਸਥਾਪਤ ਕੀਤਾ ਗਿਆ ਹੈ। ਹੁਣ ਇਥੇ ਬਾਗ ਸਥਾਪਤ ਕਰਨ ਨਾਲ ਵੱਖ-ਵੱਖ 50 ਕਿਸਮਾਂ ਦੇ ਕਰੀਬ 2500 ਵਿਰਾਸਤੀ ਦਰਖਤ ਵਾਤਾਵਰਣ ਵਿਚ ਹਰਿਆਵਲ ਅਤੇ ਠੰਡਕ ਪੈਦਾ ਕਰਨਗੇ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਅੰਤਿ੍ਰੰਗ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਵਿਚ ਬਾਗ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਦੇ ਚੱਲਦਿਆਂ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਅਰਦਾਸ ਉਪਰੰਤ ਬੂਟੇ ਲਗਾਉਣ ਦੀ ਸ਼ੁਰੂਆਤ ਹੋਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਮੌਸਮ ਵਿਚ ਸੰਤੁਲਨ ਬਣਾਈ ਰੱਖਣ ਲਈ ਦਰਖਤ ਲਗਾਉਣੇ ਬੇਹੱਦ ਜ਼ਰੂਰੀ ਹਨ। ਸ਼੍ਰੋਮਣੀ ਕਮੇਟੀ ਇਸੇ ਨੂੰ ਲੈ ਕੇ ਗੁਰੂ ਘਰਾਂ ਨਜ਼ਦੀਕ ਇੱਕ-ਇੱਕ ਏਕੜ ਦੇ ਬਾਗ ਸਥਾਪਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਬਾਗਾਂ ਦੀ ਸਥਾਪਨਾ ਲਈ ਵਾਤਾਵਰਣ ਪ੍ਰੇਮੀ ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਜੰਗਲਾਂ ਦੀ ਹੋਂਦ ਮਨੁੱਖ ਦੇ ਨਾਲ-ਨਾਲ ਜੀਵ-ਜੰਤੂਆਂ ਲਈ ਵੀ ਮਹੱਤਵਪੂਰਨ ਹੈ। ਗੁਰੂ ਘਰਾਂ ਅੰਦਰ ਬਾਗ ਲਗਾਉਣ ਨਾਲ ਸੰਗਤ ਵਿਚ ਕੁਦਰਤੀ ਵਾਤਾਵਰਣ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਹੋਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਲਗਾਏ ਜਾ ਰਹੇ ਬਾਗਾਂ ਵਿਚ ਫਲ਼ਦਾਰ ਅਤੇ ਸ਼ਾਨਦਾਰ ਵਿਰਾਸਤੀ ਬੂਟੇ ਸ਼ਾਮਲ ਕੀਤੇ ਜਾ ਰਹੇ ਹਨ। ਜਿਹੜੇ ਦਰਖਤ ਬੀਤੇ ਸਮੇਂ ਵਿਚ ਮਨੁੱਖੀ ਅਣਗਹਿਲੀ ਕਾਰਨ ਅਲੋਪ ਹੋ ਚੁੱਕੇ ਹਨ ਉਨ੍ਹਾਂ ਨੂੰ ਪਹਿਲ ਦੇ ਅਧਾਰ ’ਤੇ ਲਗਾਇਆ ਜਾ ਰਿਹਾ ਹੈ। ਇਸ ਮੌਕੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ ਸੰਗਤ ਨੂੰ ਆਪੋ-ਆਪਣੇ ਘਰਾਂ ਵਿਚ ਅਤੇ ਖਾਲੀ ਥਾਵਾਂ ’ਤੇ ਬੂਟੇ ਲਗਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਬਾਬਾ ਨਿਰਮਲ ਸਿੰਘ ਨੌਸ਼ਹਿਰ ਢਾਲਾ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਬਾਬਾ ਗੁਰਪਿੰਦਰ ਸਿੰਘ ਵਾਡਾਲਾ, ਸ. ਅਜੀਤ ਸਿੰਘ ਸਾਬਕਾ ਪ੍ਰਧਾਨ, ਸ. ਜਸਪਾਲ ਸਿੰਘ ਨੇਸ਼ਟਾ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਰਜਿੰਦਰ ਸਿੰਘ ਰੂਬੀ, ਸ. ਦੇਸਾ ਸਿੰਘ ਸਰਪੰਚ, ਸ. ਪ੍ਰਮਜੀਤ ਸਿੰਘ ਘਰਿੰਡੀ, ਸ. ਅਜਮੇਰ ਸਿੰਘ ਸਰਪੰਚ, ਬਾਬਾ ਗੁਰਪ੍ਰੀਤ ਸਿੰਘ, ਸ. ਦਰਸ਼ਨ ਸਿੰਘ ਲਹੌਰੀਮੱਲ, ਸ. ਬਲਦੇਵ ਸਿੰਘ ਮੈਨੇਜਰ ਸਤਲਾਣੀ ਸਾਹਿਬ ਆਦਿ ਮੌਜੂਦ ਸਨ।