ਭਾਈ ਲੌਂਗੋਵਾਲ ਨੇ ਕੀਤੀ ਬੂਟੇ ਲਗਾਉਣ ਦੀ ਸ਼ੁਰੂਆਤ, ਬਾਬਾ ਸੇਵਾ ਸਿੰਘ ਨੂੰ ਸੌਂਪੀ ਸੇਵਾ
40 ਗੁਰਦੁਆਰਿਆਂ ’ਚ ਇਕ-ਇਕ ਏਕੜ ਦੇ ਬਾਗ ਦੇਣਗੇ ਵਾਤਾਵਰਣ ਸੰਭਾਲ ਦਾ ਸੁਨੇਹਾ-ਭਾਈ ਲੌਂਗੋਵਾਲ

ਅੰਮ੍ਰਿਤਸਰ, 12 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਣ ਸੰਭਾਲ ਦੇ ਮੱਦੇਨਜ਼ਰ ਇਤਿਹਾਸਿਕ ਗੁਰਦੁਆਰਿਆਂ ਵਿਚ ਬਾਗ ਲਗਾਉਣ ਦੀ ਲੜੀ ਤਹਿਤ ਅੱਜ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਪਾਤਸ਼ਾਹੀ ਦਸਵੀਂ ਹੇਰਾਂ ਵਿਖੇ ਬੂਟੇ ਲਗਾਏ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਨ੍ਹਾਂ ਨੇ ਅਰਦਾਸ ਮਗਰੋਂ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨਾਲ ਵਾਤਾਵਰਣ ਪ੍ਰੇਮੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਜਗਜੀਤ ਸਿੰਘ ਤਲਵੰਡੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ। ਇਸ ਮੌਕੇ ਭਾਈ ਲੌਂਗੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਕੁਦਰਤੀ ਵਾਤਾਵਰਣ ਦੀ ਸਾਂਭ-ਸੰਭਾਲ ਲਈ ਕਾਰਜਸ਼ੀਲ ਹੈ। ਇਸੇ ਤਹਿਤ ਹੀ ਵੱਖ-ਵੱਖ ਗੁਰਦੁਆਰਿਆਂ ਅੰਦਰ ਇਕ-ਇਕ ਏਕੜ ਵਿਚ ਜੰਗਲ ਸਥਾਪਿਤ ਕੀਤੇ ਜਾ ਰਹੇ ਹਨ। ਕਰੀਬ 40 ਗੁਰਦੁਆਰਿਆਂ ਵਿਚ ਵਿਰਾਸਤੀ ਬਾਗ ਲਗਾਏ ਜਾਣਗੇ ਅਤੇ ਹਰ ਬਾਗ ਵਿਚ ਵੱਖ-ਵੱਖ ਕਿਸਮਾਂ ਦੇ ਕਰੀਬ 2500 ਬੂਟੇ ਹੋਣਗੇ। ਉਨ੍ਹਾਂ ਦੱਸਿਆ ਕਿ ਜੰਗਲ ਸਥਾਪਿਤ ਕਰਨ ਦਾ ਮੰਤਵ ਜਿਥੇ ਵਾਤਾਵਰਣ ਵਿਚ ਸ਼ੁੱਧਤਾ ਤੇ ਤਾਜ਼ਗੀ ਪੈਦਾ ਕਰਨਾ ਹੈ, ਉਥੇ ਹੀ ਪੰਛੀਆਂ ਲਈ ਰੈਣ-ਬਸੇਰਾ ਪੈਦਾ ਕਰਨਾ ਵੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਿਕ ਗੁਰਦੁਆਰਿਆਂ ਅੰਦਰ ਬਾਗ ਲਗਾਉਣ ਲਈ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦਾ ਸਹਿਯੋਗ ਲਿਆ ਜਾ ਰਿਹਾ ਹੈ, ਜਿਨ੍ਹਾਂ ਨੇ ਇਸ ਖੇਤਰ ਵਿਚ ਵੱਡੇ ਕਾਰਜ ਕੀਤੇ ਹਨ। ਭਾਈ ਲੌਂਗੋਵਾਲ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਹਿਬਾਨ ਤੋਂ ਸ਼ੁਰੂ ਕੀਤੀ ਗਈ ਵਾਤਾਵਰਣ ਸੰਭਾਲ ਦੀ ਮੁਹਿੰਮ ਤੋਂ ਪ੍ਰੇਰਣਾ ਲੇਣ ਅਤੇ ਆਪੋ-ਆਪਣੇ ਘਰਾਂ ਅਤੇ ਆਲੇ-ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ।
ਇਸ ਮੌਕੇ ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ ਆਖਿਆ ਕਿ ਮੌਜੂਦਾ ਸਮੇਂ ਕੁਦਰਤੀ ਵਾਤਾਵਰਣ ਬਚਾਉਣ ਲਈ ਹਰ ਮਨੁੱਖ ਨੂੰ ਅੱਗੇ ਆਉਣਾ ਚਾਹੀਦਾ ਹੈ। ਪੁਰਾਤਨ ਰੁੱਖ ਬੂਟਿਆਂ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਵੱਧ ਤੋਂ ਵੱਧ ਨਵੇਂ ਬੂਟੇ ਵੀ ਲਗਾਉਣੇ ਚਾਹੀਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਿਆਂ ਅੰਦਰ ਇਕ-ਇਕ ਏਕੜ ਦੇ ਬਾਗ ਸਥਾਪਿਤ ਕਰਨ ਦੇ ਫੈਸਲੇ ਨੂੰ ਵੀ ਸਮੇਂ ਅਨੁਸਾਰ ਢੁੱਕਵਾਂ ਫੈਸਲਾ ਕਰਾਰ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜਗਜੀਤ ਸਿੰਘ ਤਲਵੰਡੀ, ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਹੋਰਨਾਂ ਨੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।