ਅੰਮ੍ਰਿਤਸਰ, ੨੦ ਜਨਵਰੀ-
ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਗੁਰਮਤਿ ਪ੍ਰਚਾਰ ਲਹਿਰ ਦੇ ਪ੍ਰੋਗਰਾਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਜਿਥੇ ਇਸਦੀ ਆਰੰਭਤਾ ੨੧ ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਕੀਤੀ ਜਾਵੇਗੀ, ਉਥੇ ਹੀ ੨੮ ਜਨਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਅੰਮ੍ਰਿਤਸਰ ਅਤੇ ੧੧ ਫ਼ਰਵਰੀ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿਖੇ ਕੀਤੇ ਜਾਣ ਵਾਲੇ ਗੁਰਮਤਿ ਸਮਾਗਮ ਦੀ ਤਿਆਰੀ ਸਬੰਧੀ ੨੩ ਜਨਵਰੀ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਸਮਾਗਮ ਸਬੰਧੀ ੩੦ ਜਨਵਰੀ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇਕੱਤਰਤਾਵਾਂ ਹੋਣਗੀਆਂ। ਇਨ੍ਹਾਂ ਇਕੱਤਰਤਾਵਾਂ ਵਿਚ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ, ਪ੍ਰਚਾਰਕਾਂ, ਢਾਡੀ, ਕਵੀਸ਼ਰਾਂ, ਧਾਰਮਿਕ ਅਧਿਆਪਕਾਂ, ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਅਤੇ ਲੋਕਲ ਗੁਰਦੁਆਰਾ ਕਮੇਟੀਆਂ ਦੇ ਅਹੁਦੇਦਾਰਾਂ ਤੋਂ ਇਲਾਵਾ ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ੯ ਫ਼ਰਵਰੀ ਧਰਮ ਪ੍ਰਚਾਰ ਲਹਿਰ ਦੇ ਸਮੁੱਚੇ ਕਾਰਜਾਂ ਸਬੰਧੀ ਸਿੱਖ ਮਿਸ਼ਨ ਕੁਰੂਕਸ਼ੇਤਰ ਹਰਿਆਣਾ ਵਿਖੇ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਰੱਖੀ ਗਈ ਹੈ। ਸ. ਬੇਦੀ ਨੇ ਕਿਹਾ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਦ੍ਰਿੜ੍ਹ ਸੰਕਲਪ ਹੈ।