ਭਾਈ ਲੌਂਗੋਵਾਲ ਨੇ ਗਠਿਤ ਸਬ-ਕਮੇਟੀ ਨੂੰ ਤਿੰਨ ਦਿਨਾਂ ਵਿਚ ਰਿਪੋਰਟ ਦੇਣ ਲਈ ਕਿਹਾ

ਅੰਮ੍ਰਿਤਸਰ, 8 ਅਗਸਤ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨੌਰ ਘਟਨਾ ਦੀ ਪੜਤਾਲ ਲਈ ਚਾਰ ਮੈਂਬਰੀਂ ਸਬ-ਕਮੇਟੀ ਗਠਿਤ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਟਿਆਲਾ ਨੇੜਲੇ ਸਨੌਰ ਵਿਚ ਪੁਲਿਸ ਵੱਲੋਂ ਸਿੱਖ ਨੌਜੁਆਨਾਂ ‘ਤੇ ਕੀਤੇ ਗਏ ਅਣ-ਮਨੁੱਖੀ ਤਸ਼ੱਦਦ ਅਤੇ ਕੇਸਾਂ ਦੀ ਬੇਅਦਬੀ ਦੇ ਮਾਮਲੇ ਸਬੰਧੀ ਮੁਕੰਮਲ ਜਾਣਕਾਰੀ ਪ੍ਰਾਪਤ ਕਰਨ ਲਈ ਚਾਰ ਮੈਂਬਰੀ ਸਬ-ਕਮੇਟੀ ਬਣਾਈ ਹੈ। ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਜਸਮੇਲ ਸਿੰਘ ਲਾਛੜੂ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਦੇਵ ਸਿੰਘ ਅਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਮੈਨੇਜਰ ਸ. ਕਰਨੈਲ ਸਿੰਘ ਕੋਆਰਡੀਨੇਟਰ ਨੂੰ ਸ਼ਾਮਲ ਕੀਤਾ ਗਿਆ ਹੈ। ਸ. ਬੇਦੀ ਨੇ ਕਿਹਾ ਕਿ ਗੁਰੂ ਘਰ ਆ ਰਹੇ ਸਿੱਖ ਨੌਜੁਆਨਾਂ ਨੂੰ ਥਾਣੇ ਲਿਜਾ ਕੇ ਕੁੱਟਮਾਰ ਅਤੇ ਕੇਸਾਂ ਦੀ ਬੇਅਦਬੀ ਕਰਨ ਵਾਲਿਆਂ ‘ਤੇ ਪਰਚੇ ਦਰਜ਼ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਭਾਈ ਲੌਂਗੋਵਾਲ ਨੇ ਇਸ ਘਟਨਾ ਦੀ ਪਹਿਲਾਂ ਵੀ ਸਖ਼ਤ ਨਿੰਦਾ ਕੀਤੀ ਸੀ ਅਤੇ ਸ. ਜਰਨੈਲ ਸਿੰਘ ਕਰਤਾਰਪੁਰ ਨੂੰ ਜੇਰੇ-ਇਲਾਜ਼ ਨੌਜੁਆਨਾਂ ਦਾ ਪਤਾ ਲੈਣ ਲਈ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਨੌਜੁਆਨਾਂ ਤੱਕ ਪਹੁੰਚ ਕਰਕੇ ਮੁਕੰਮਲ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਵਾਉਣ ਲਈ ਪੀੜਤਾਂ ਦੀ ਮੱਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸਬ-ਕਮੇਟੀ ਨੂੰ ਤਿੰਨ ਦਿਨਾਂ ‘ਚ ਰਿਪੋਰਟ ਦੇਣ ਲਈ ਕਿਹਾ ਹੈ।